ਚੰਡੀਗੜ੍ਹ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹੜਤਾਲੀ ਅਫਸਰ ਨੂੰ ਦਿੱਤੇ ਗਏ ਅਲਟੀਮੇਟਮ ਦਾ ਅਸਰ ਹੋਇਆ ਹੈ। ਮੁੱਖ ਮੰਤਰੀ ਵੱਲੋਂ ਹੜਤਾਲੀ ਅਫਸਰ ਨੂੰ 2 ਵਜੇ ਤੱਕ ਦਾ ਸਮਾਂ ਦਿੱਤਾ ਸੀ ਤੇ 2 ਵਜੇ ਤੱਕ ਡਿਊਟੀ ਉਤੇ ਨਾ ਪਰਤਣ ਵਾਲੇ ਅਫਸਰਾਂ ਨੂੰ ਸਸਪੈਂਡ ਕਰਨ ਦੇ ਹੁਕਮ ਦਿੱਤੇ ਸਨ। ਹੁਣ ਅਫਸਰਾਂ ਨੇ ਹੜਤਾਲ ਵਾਪਸ ਲੈ ਲਈ ਹੈ। ਇਹ ਐਲਾਨ ਮੁੱਖ ਮੰਤਰੀ ਦੇ ਵਧੀਕ ਸਕੱਤਰ ਏ. ਵੇਣੂ ਪ੍ਰਸਾਦ ਅਤੇ ਐਸੋਸੀਏਸ਼ਨ ਦੇ ਪ੍ਰਧਾਨ ਰਜਤ ਓਬਰਾਏ ਨੇ ਸਾਂਝੇ ਤੌਰ ‘ਤੇ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਭਰੋਸਾ ਦਿੱਤਾ ਹੈ ਕਿ ਕਿਸੇ ਨਾਲ ਧੱਕਾ ਨਹੀਂ ਹੋਵੇਗਾ ਪਰ ਭ੍ਰਿਸ਼ਟਾਚਾਰੀਆਂ ਖ਼ਿਲਾਫ਼ ਮੁਹਿੰਮ ਜਾਰੀ ਰਹੇਗੀ। ਪੀਸੀਐਸਏ ਪ੍ਰਧਾਨ ਰਜਤ ਓਬਰਾਏ ਨੇ ਕਿਹਾ ਹੈ ਕਿ ਉਹ ਸਰਕਾਰ ਨਾਲ ਹੋਈ ਗੱਲਬਾਤ ਤੋਂ ਸੰਤੁਸ਼ਟ ਹਨ ਤੇ ਮੁੱਖ ਮੰਤਰੀ ਵੱਲੋਂ ਉਨ੍ਹਾਂ ਦੀ ਗੱਲ ਧਿਆਨ ਨਾਲ ਸੁਣਨ ਲਈ ਧੰਨਵਾਦੀ ਹਨ। ਦੱਸ ਦਈਏ ਕਿ ਆਰਟੀਏ ਨਰਿੰਦਰਪਾਲ ਸਿੰਘ ਧਾਲੀਵਾਲ ਦੀ ਗ੍ਰਿਫ਼ਤਾਰੀ ਖ਼ਿਲਾਫ਼ ਪੀਸੀਐੱਸ ਅਫ਼ਸਰਾਂ ਦੀ ਸਮੂਹਿਕ ਛੁੱਟੀ ਕਾਰਨ ਸਰਕਾਰੀ ਦਫ਼ਤਰਾਂ ਵਿਚ ਤਾਲੇ ਲਟਕ ਗਏ ਸਨ। ਅਜਿਹੇ ਵਿਚ ਸਰਕਾਰੀ ਦਫ਼ਤਰਾਂ ਵਿੱਚ ਕੰਮ ਕਰਵਾਉਣ ਆਉਣ ਵਾਲੇ ਲੋਕ ਖੁਆਰ ਹੋ ਰਹੇ ਸਨ।
ਦੱਸ ਦਈਏ ਕਿ ਮੁੱਖ ਮੰਤਰੀ ਨੇ ਸਵੇਰੇ ਨੋਟਿਸ ਜਾਰੀ ਕਰਕੇ ਆਖਿਆ ਸੀ ਕਿ 2 ਵਜੇ ਤੱਕ ਕੰਮ ਉਤੇ ਪਰਤਣਾ ਪਵੇਗਾ। ਉਨ੍ਹਾਂ ਆਖਿਆ ਕਿ ਧਿਆਨ ਵਿਚ ਆਇਆ ਹੈ ਕਿ ਕੁਝ ਅਫਸਰ ਆਪਣੀ ਡਿਊਟੀ ਛੱਡ ਕੇ ਹੜਤਾਲ ਉਤੇ ਹਨ। ਇਹ ਲੋਕ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਖਿਲਾਫ ਚਲਾਈ ਸਖਤ ਮੁਹਿੰਮ ਦੇ ਵਿਰੋਧ ਵਿਚ ਪ੍ਰਦਰਸ਼ਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਭ੍ਰਿਸ਼ਟਾਚਾਰ ਨੂੰ ਬਿਲਕੁਲ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਸਰਕਾਰ ਦੀ ਇਸ ਮੁਹਿੰਮ ਦੇ ਰਾਹ ਵਿਚ ਅੜਿੱਕਾ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਅਫਸਰਾਂ ਨੇ ਵਾਪਸ ਲਈ ਹੜਤਾਲ, ਕੰਮ ਉਤੇ ਪਰਤੇ

Comment here