ਅਪਰਾਧਸਿਆਸਤਖਬਰਾਂਚਲੰਤ ਮਾਮਲੇ

ਅਮਿਤ ਸ਼ਾਹ ਜੀ ਪੰਜਾਬ ਦੀ ਹਾਲਤ ਚ ਦਖਲ ਦਿਓ-ਅਸ਼ਵਨੀ ਸ਼ਰਮਾ

ਚੰਡੀਗੜ੍ਹ – ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਸੂਬੇ  ਵਿਚ ਫੈਲੀ ਅਰਾਜਕਤਾ, ਕਤਲਾਂ, ਲੁੱਟਾਂ-ਖੋਹਾਂ ਅਤੇ ਪੁਲਿਸ ਵਲੋਂ ਝੂਠੇ ਕੇਸ ਦਰਜ ਕੀਤੇ ਜਾਣ ਅਤੇ ਡੀ.ਜੀ.ਪੀ.ਪੰਜਾਬ ਵੱਲੋਂ ਆਪਣੀ ਡਿਊਟੀ ਨਿਭਾਉਣ ਵਿਚ ਨਾਕਾਮ ਰਹਿਣ ਅਤੇ ਮੁੱਖ ਮੰਤਰੀ ਪੰਜਾਬ ਦੀ ਕਠਪੁਤਲੀ ਬਣ ਕੇ ਕੰਮ ਕਰਨ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਚਿੱਠੀ ਲਿਖ ਕੇ ਇਸ ਸਾਰੇ ਘਟਨਾਕ੍ਰਮ ਦੀ ਜਾਣਕਾਰੀ ਦਿੱਤੀ ਹੈ ਤੇ ਇਹਨਾਂ ਸਾਰੇ ਮਾਮਲਿਆਂ ਵੱਲੋਂ ਉਹਨਾਂ ਦਾ ਧਿਆਨ ਦਿਵਾਇਆ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਲਿਖੀ ਚਿੱਠੀ ਵਿਚ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਪੰਜਾਬ ਪੁਲਿਸ ਦਾ ਪੂਰੀ ਤਰ੍ਹਾਂ ਸਿਆਸੀਕਰਨ ਹੋ ਗਿਆ ਹੈ। ਪਿਛਲੇ ਇੱਕ ਮਹੀਨੇ ਤੋਂ ਪੰਜਾਬ ਵਿਚ ਅਮਨ-ਕਾਨੂੰਨ ਦੀ ਸਥਿਤੀ ਇੰਨੀ ਮਾੜੀ ਹੋ ਗਈ ਹੈ ਕਿ ਅਪਰਾਧੀਆਂ ਨੂੰ ਪੁਲਿਸ ਦਾ ਕੋਈ ਡਰ ਨਹੀਂ ਰਿਹਾ। ਕੌਮਾਂਤਰੀ ਕਬੱਡੀ ਖਿਡਾਰੀਆਂ ਸਮੇਤ ਅਪਰਾਧੀਆਂ ਵੱਲੋਂ ਦਿਨ-ਦਿਹਾੜੇ 30 ਤੋਂ ਵੱਧ ਲੋਕਾਂ ਦੇ ਕਤਲ ਕੀਤੇ ਜਾ ਚੁੱਕੇ ਹਨ। ਇੱਥੋਂ ਤੱਕ ਕਿ ਸਿਆਸੀ ਆਗੂਆਂ ‘ਤੇ ਵੀ ਸ਼ਰੇਆਮ ਅਪਰਾਧੀਆਂ ਵੱਲੋਂ ਹਮਲੇ ਕੀਤੇ ਜਾ ਰਹੇ ਹਨ। ਪੰਜਾਬ ਦੇ ਹਾਲਾਤ ਸੁਧਰਨ ਦੀ ਬਜਾਏ ਪੁਲਿਸ ਸਿਆਸੀ ਬਦਲਾਖੋਰੀ ਵਿਚ ਲੱਗੀ ਹੋਈ ਹੈ। ਪੰਜਾਬ ਪੁਲਿਸ ਵੱਲੋਂ ਭਾਜਪਾ ਆਗੂਆਂ ਤੇਜਿੰਦਰ ਬੱਗਾ, ਪ੍ਰੀਤੀ ਗਾਂਧੀ, ਨਵੀਨ ਜਿੰਦਲ ਅਤੇ ਕਾਂਗਰਸੀ ਆਗੂ ਅਲਕਾ ਲਾਂਬਾ ਅਤੇ ਕਵੀ ਕੁਮਾਰ ਵਿਸ਼ਵਾਸ ਖ਼ਿਲਾਫ਼ ਦਰਜ ਕੀਤੇ ਕੇਸ ਦਰਸਾਉਂਦੇ ਹਨ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਆਪਣੀ ਸਿਆਸੀ ਰੰਜਿਸ਼ ਨੂੰ ਕੱਢਣ ਲਈ ਪੁਲਿਸ ਦੀ ਵਰਤੋਂ ਕਰ ਰਹੇ ਹਨI ਅਸ਼ਵਨੀ ਸ਼ਰਮਾ ਨੇ ਕਿਹਾ ਕਿ ਉਪਰੋਕਤ ਸਾਰੇ ਵਿਸ਼ਿਆਂ ‘ਤੇ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਵਫ਼ਦ ਵੱਲੋਂ ਡੀ.ਜੀ.ਪੀ.ਪੰਜਾਬ ਨੂੰ ਇਨ੍ਹਾਂ ਸਾਰੇ ਮਾਮਲਿਆਂ ਤੋਂ ਜਾਣੂ ਕਰਵਾਉਣ ਅਤੇ ਆਪਣਾ ਰੋਸ ਦਰਜ ਕਰਵਾਉਣ ਲਈ ਕਾਫ਼ੀ ਸਮੇਂ ਤੋਂ ਸਮਾਂ ਮੰਗਿਆ ਜਾ ਰਿਹਾ ਸੀ। ਆਖ਼ਰਕਾਰ ਸਮਾਂ ਦਿੱਤੇ ਜਾਣ ਦੇ ਬਾਵਜੂਦ ਵਫ਼ਦ ਨੂੰ ਪਹਿਲਾਂ 2 ਘੰਟੇ ਉਨ੍ਹਾਂ ਦੇ ਦਫ਼ਤਰ ਵਿਚ ਬੈਠਣ ਲਈ ਕਿਹਾ ਗਿਆ ਅਤੇ ਫਿਰ ਰੁਝੇਵਿਆਂ ਦਾ ਬਹਾਨਾ ਬਣਾ ਕੇ ਮਿਲਣ ਤੋਂ ਇਨਕਾਰ ਕਰ ਦਿੱਤਾ ਗਿਆ, ਜਦਕਿ ਇਸ ਦੌਰਾਨ ਉਹ ਹੋਰ ਲੋਕਾਂ ਨੂੰ ਮਿਲਦੇ ਰਹੇ। ਉਨ੍ਹਾਂ ਦਾ ਇਹ ਵਤੀਰਾ ਪੂਰੀ ਤਰ੍ਹਾਂ ਨਾਲ ਬੇਇਨਸਾਫ਼ੀ ਅਤੇ ਲੋਕਤੰਤਰ ਦੀ ਸ਼ਾਨ ਦੇ ਵਿਰੁੱਧ ਹੈ। ਇਸ ਤੋਂ ਸਾਫ਼ ਜ਼ਾਹਿਰ ਹੁੰਦਾ ਹੈ ਕਿ ਡੀਜੀਪੀ ਦਿੱਲੀ ਅਤੇ ਪੰਜਾਬ ਦੀਆਂ ਆਮ ਆਦਮੀ ਪਾਰਟੀ ਦੀਆਂ ਸਰਕਾਰਾਂ ਦੀ ਕਠਪੁਤਲੀ ਬਣ ਚੁੱਕੇ ਹਨ। ਅਸ਼ਵਨੀ ਸ਼ਰਮਾ ਨੇ ਇਸ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਰਾਸ਼ਟਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਇਸ ਮਾਮਲੇ ‘ਚ ਦਖਲ ਦੇਣ ਅਤੇ ਕਾਰਵਾਈ ਕਰਨ ਲਈ ਮੰਗ ਕੀਤੀ ਹੈ ।

Comment here