ਅੰਮ੍ਰਿਤਸਰ: ਪੰਜਾਬ ਵਿੱਚ ਚੱਲ ਰਹੀ ਚੋਣ ਸਰਗਰਮੀ ਦੇ ਦਰਮਿਆਨ ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਆਪਣੀ ਸ਼ਹਿਰ ਫੇਰੀ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕੀਤੀ। ਕੇਂਦਰ ਵਿੱਚ ਮੋਦੀ ਸਰਕਾਰ ਦੇ ਸੱਤਾ ਵਿੱਚ ਆਉਣ ਤੋਂ ਬਾਅਦ ਭਾਜਪਾ ਦੇ ਕਿਸੇ ਉੱਚ ਪੱਧਰੀ ਆਗੂ ਦੀ ਜਥੇਦਾਰ ਅਕਾਲ ਤਖ਼ਤ ਨਾਲ ਇਹ ਸ਼ਾਇਦ ਪਹਿਲੀ ਮੁਲਾਕਾਤ ਹੈ। ਸ਼ਾਹ ਦੇ ਨਾਲ ਕੇਂਦਰੀ ਮੰਤਰੀ ਹਰਦੀਪ ਪੁਰੀ, ਭਾਜਪਾ ਆਗੂ ਇਕਬਾਲ ਸਿੰਘ ਲਾਲਪੁਰਾ, ਤਰੁਣ ਚੁੱਘ ਅਤੇ ਮਨਜਿੰਦਰ ਸਿੰਘ ਸਿਰਸਾ ਵੀ ਮੌਜੂਦ ਸਨ। ਟਵਿੱਟਰ ‘ਤੇ ਕੇਂਦਰੀ ਗ੍ਰਹਿ ਮੰਤਰੀ ਸ਼ਾਹ ਨੇ ਕਿਹਾ. “ਅੰਮ੍ਰਿਤਸਰ ਦੇ ਪ੍ਰਸਿੱਧ ਸ਼੍ਰੀ ਹਰਮਿੰਦਰ ਸਾਹਿਬ ਵਿਖੇ ਮੱਥਾ ਟੇਕ ਕੇ ਵਾਹਿਗੁਰੂ ਜੀ ਦਾ ਆਸ਼ੀਰਵਾਦ ਲਿਆ। ਇੱਥੋਂ ਦੇ ਹਰ ਕਣ ਵਿੱਚ ਦੇਸ਼ ਅਤੇ ਧਰਮ ਦੀ ਰੱਖਿਆ ਲਈ ਸਿੱਖ ਗੁਰੂਆਂ ਦੀਆਂ ਕੁਰਬਾਨੀਆਂ ਹਨ, ਜੋ ਸਮੁੱਚੇ ਦੇਸ਼ ਵਾਸੀਆਂ ਨੂੰ ਕੌਮ ਦੀ ਸੇਵਾ ਕਰਨ ਦੀ ਪ੍ਰੇਰਨਾ ਦਿੰਦੀਆਂ ਹਨ।”
ਇਸ ਮੁਲਾਕਾਤ ‘ਚ ਜਥੇਦਾਰ ਨੇ ਅਮਿਤ ਸ਼ਾਹ ਨੂੰ ਸਿੱਖਾਂ ਦੇ ਮਸਲਿਆਂ ਤੋਂ ਜਾਣੂ ਕਰਵਾਇਆ ਅਤੇ ਇਨ੍ਹਾਂ ਮਸਲਿਆਂ ਨੂੰ ਜਲਦ ਹੱਲ ਕਰਨ ਲਈ ਕਿਹਾ। ਇਸ ਵਿਚ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੱਖ ਤੇ ਦੇਸ਼ ਵਿਦੇਸ਼ ਵਿੱਚ ਬੈਠੇ ਸਿੱਖਾਂ ਨੂੰ ਆਉੰਦੀਆਂ ਦਰਪੇਸ਼ ਮੁਸ਼ਕਲਾਂ ਅਹਿਮ ਮੁੱਦਾ ਰਹੇ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅਮਿਤ ਸ਼ਾਹ ਤੇ ਹੋਰਨਾਂ ਨੂੰ ਗੁਰੂਘਰ ਦੀ ਬਖਸ਼ਿਸ਼ ਸਿਰੋਪਾਓ ਵੀ ਭੇਟ ਕੀਤਾ।
ਚੋਣ ਸਰਗਰਮੀ ਦੇ ਦੌਰਾਨ ਹੋਈ ਇਸ ਮੁਲਾਕਾਤ ਦੇ ਸਿਆਸੀ ਖੇਮੇ ਵਿੱਚ ਕਈ ਮਾਅਨੇ ਕੱਢੇ ਜਾ ਰਹੇ ਹਨ। ਇਹ ਵੀ ਚਰਚਾ ਹੋਣ ਲੱਗੀ ਹੈ ਕਿ ਅੰਦਰਖਾਤੇ ਹੋ ਸਕਦਾ ਹੈ, ਅਕਾਲੀ ਦਲ ਬਾਦਲ ਅਤੇ ਭਾਜਪਾ ਦੀ ਗੰਢਸੰਢ ਹੋਵੇ, ਕਿਉਂਕਿ ਜਥੇਦਾਰ ਦੀ ਪਰਚੀ ਹਮੇਸ਼ਾ ਬਾਦਲਕਿਆਂ ਦੀ ਜੇਬ ਵਿਚੋਂ ਹੀ ਨਿਕਲੀ ਹੁੰਦੀ ਹੈ।
Comment here