ਸਿਆਸਤਖਬਰਾਂਚਲੰਤ ਮਾਮਲੇ

ਅਸ਼ਵਨੀ ਸ਼ਰਮਾ ਨੇ ਮਾਨ ਸਰਕਾਰ ਵੱਲੋਂ ਪ੍ਰਾਪਤੀਆਂ ਨੂੰ ਸਿਰੇ ਤੋਂ ਨਕਾਰਿਆ

ਚੰਡੀਗੜ੍ਹ-ਭਾਰਤੀ ਜਨਤਾ ਪਾਰਟੀ ਦੇ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਵੱਲੋਂ ਆਮ ਆਦਮੀ ਪਾਰਟੀ ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਦੀ ਵੱਲੋਂ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਦਾ ਰਾਜਪਾਲ ਰਾਹੀਂ ਪੜ੍ਹ ਕੇ ਸੁਣਾਉਣ ਲਈ ਦਿੱਤੇ ਗਏ ਭਾਸ਼ਣ ਨੂੰ ਪੂਰੀ ਤਰ੍ਹਾਂ ਨਕਾਰਦਿਆਂ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਰਾਜਪਾਲ ਰਾਹੀਂ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਕੀਤੀ ਗਈ ਰਿਪੋਰਟ ਜ਼ਮੀਨੀ ਹਕੀਕਤ ਤੋਂ ਕੋਹਾਂ ਦੂਰ ਹੈ , ਜੋ ਕੁਝ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਬੋਲਿਆ ਹੈ ਉਸ ਵਿੱਚ ਪੰਜਾਬ ਸਰਕਾਰ ਦੀ ਝੂਠੀ ਤਾਰੀਫ ਕੀਤੀ ਗਈ ਹੈ ।
ਭਾਰਤੀ ਜਨਤਾ ਪਾਰਟੀ ਦੇ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਕਹਿਣਾ ਹੈ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ 10 ਮਹੀਨਿਆਂ ਦੇ ਕਾਰਜਕਾਲ ਦੌਰਾਨ ਪੰਜਾਬ ਦੇ ਵਿੱਚ ਅਮਨ ਕਾਨੂੰਨ ਦੀ ਸਥਿਤੀ ਬਦ ਤੋਂ ਬਦਤਰ ਹੋ ਚੁੱਕੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨਿੱਤ ਵੱਡੇ-ਵੱਡੇ ਇਸ਼ਤਿਹਾਰ ਦੇ ਕੇ ਸੂਬੇ ਦੇ ਨੌਜਵਾਨਾਂ ਨੂੰ ਨੌਕਰੀਆਂ ਅਤੇ ਹੋਰ ਰੁਜ਼ਗਾਰ ਦੇਣ ਦੇ ਵੱਡੇ-ਵੱਡੇ ਦਾਅਵੇ ਕਰਦੇ ਹਨ, ਜਦਕਿ ਸੱਚਾਈ ਇਹ ਹੈ ਕਿ ਪੰਜਾਬ ਵਿੱਚ ਬੇਰੁਜ਼ਗਾਰੀ ਵਧੀ ਹੈ।
ਅਸ਼ਵਨੀ ਸ਼ਰਮਾ ਨੇ ਕਿਹਾ ਕਿ ਕੋਈ ਵੀ ਸਨਅਤਕਾਰ ਪੰਜਾਬ ਵਿੱਚ ਆਪਣੀ ਸਨਅਤ ਲਾਉਣ ਲਈ ਤਿਆਰ ਨਹੀਂ ਹੈ ਅਤੇ ਜੋ ਉਦਯੋਗ ਇੱਥੇ ਚੱਲ ਰਹੇ ਹਨ, ਉਹ ਵੀ ਪੰਜਾਬ ਛੱਡ ਕੇ ਹੋਰਨਾਂ ਸੂਬਿਆਂ ਵਿੱਚ ਜਾ ਰਹੇ ਹਨ। ਪੰਜਾਬ ਸਰਕਾਰ ਵੱਲੋਂ ਕਿਸੇ ਵੀ ਕੱਚੇ ਕਾਮੇ ਨੂੰ ਪੱਕਾ ਨਹੀਂ ਕੀਤਾ ਗਿਆ।
ਅੱਜ ਪੰਜਾਬ ਸਕੱਤਰੇਤ ‘ਤੋਂ ਲੈ ਕੇ ਸਾਰੇ ਸਰਕਾਰੀ ਵਿਭਾਗਾਂ ਅਤੇ ਹੋਰ ਜਥੇਬੰਦੀਆਂ ਦੇ ਵਰਕਰ ਭਗਵੰਤ ਮਾਨ ਸਰਕਾਰ ਦੀਆਂ ਗਲਤ ਨੀਤੀਆਂ ਅਤੇ ਆਪਣੀਆਂ ਮੰਗਾਂ ਨੂੰ ਲੈ ਕੇ ਸੜਕਾਂ ‘ਤੇ ਉਤਰ ਕੇ ਰੋਸ ਪ੍ਰਦਰਸ਼ਨ ਕਰ ਰਹੇ ਹਨ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਮਾਨਯੋਗ ਰਾਜਪਾਲ ਰਾਹੀਂ ਭਗਵੰਤ ਮਾਨ ਸਰਕਾਰ ਨੇ ਵਿਧਾਨ ਸਭਾ ਵਿੱਚ ਪੇਸ਼ ਕੀਤੇ ਤੱਥਾਂ ਨੂੰ ਲੈ ਕੇ ਜਨਤਾ ਨਾਲ ਝੂਠ ਬੋਲਿਆ ਹੈ।

Comment here