ਚੰਡੀਗੜ੍ਹ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਨਾਲ ਕੀਤਾ ਇਕ ਹੋਰ ਵਾਅਦਾ ਪੂਰਾ ਕਰਨ ਦਾ ਦਾਅਵਾ ਕਰਦਿਆਂ ਕਿਹਾ ਕਿ ਸਰਕਾਰ ਨੇ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਦੌਰਾਨ ਸ਼ਹੀਦ ਹੋਣ ਵਾਲੇ 789 ਕਿਸਾਨਾਂ ਦੇ ਪਰਿਵਾਰਾਂ ਨੂੰ 39.55 ਕਰੋੜ ਰੁਪਏ ਦੀ ਵਿੱਤੀ ਮਦਦ ਮੁਹੱਈਆ ਕਰਨ ਦਾ ਕੰਮ ਮੁਕੰਮਲ ਕਰ ਲਿਆ ਹੈ। ਪੰਜਾਬ ਵਿੱਚ ਕਿਸਾਨਾਂ ਨੇ ਸਤੰਬਰ 2020 ਵਿੱਚ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਸ਼ੁਰੂ ਕੀਤਾ ਸੀ ਅਤੇ ਉਸ ਸਮੇਂ ਕਰੋਨਾ ਮਹਾਮਾਰੀ ਦਾ ਦੌਰ ਸਿਖ਼ਰ ’ਤੇ ਸੀ। ਉਸ ਤੋਂ ਬਾਅਦ ਨਵੰਬਰ 2020 ਤੋਂ ਲੈ ਕੇ ਦਸੰਬਰ 2021 ਤੱਕ ਪੰਜਾਬ ਦੇ ਵੱਡੀ ਗਿਣਤੀ ਕਿਸਾਨ ਦਿੱਲੀ ਦੀਆਂ ਸਰਹੱਦਾਂ ’ਤੇ ਕੇਂਦਰ ਸਰਕਾਰ ਵਿਰੁੱਧ ਵਿੱਢੇ ਸੰਘਰਸ਼ ਵਿੱਚ ਡਟੇ ਰਹੇ ਸਨ। ਉਸ ਦੌਰਾਨ ਹੀ ਕਈ ਕਿਸਾਨਾਂ ਦੀਆਂ ਮੌਤਾਂ ਹੋਈਆਂ ਸਨ। ਕਿਸਾਨ ਜਥੇਬੰਦੀਆਂ ਨੇ ਇਨ੍ਹਾਂ ਕਿਸਾਨਾਂ ਨੂੰ ਅੰਦੋਲਨ ਦੇ ਸ਼ਹੀਦ ਕਰਾਰ ਦਿੱਤਾ ਸੀ। ਮੁੱਖ ਮੰਤਰੀ ਨੇ ਦੱਸਿਆ ਕਿ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨੂੰ ਵਿੱਤੀ ਮਦਦ ਵਜੋਂ ਪੰਜ ਲੱਖ ਰੁਪਏ ਪ੍ਰਤੀ ਪਰਿਵਾਰ ਦਿੱਤੇ ਗਏ ਹਨ। ਮੁੱਖ ਮੰਤਰੀ ਨੇ ਪੰਜਾਬ ਦੇ ਕਿਸਾਨਾਂ ਨੂੰ ਮੌਜੂਦਾ ਖੇਤੀ ਸੰਕਟ ਵਿੱਚੋਂ ਕੱਢਣ ਲਈ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਈ।

Comment here