* ਅੰਮ੍ਰਿਤਪਾਲ ਸਿੰਘ ਦੇ 6 ਸਾਥੀ ਹਿਰਾਸਤ ਵਿਚ * ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਧਾਰਾ 144 ਲਾਗੂ
* ਕੇਂਦਰੀ ਏਜੰਸੀਆਂ ਪੰਜਾਬ ਦੇ ਹਾਲਾਤ ’ਤੇ ਰੱਖ ਰਹੀਆਂ ਤਿੱਖੀ ਨਜ਼ਰ
ਵਿਸ਼ੇਸ਼ ਰਿਪੋਟ : ‘ਵਾਰਿਸ ਪੰਜਾਬ ਦੇ ਜੱਥੇਬੰਦੀ’ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਤੋਂ ਬਾਅਦ ਪੰਜਾਬ ਦਾ ਮਾਹੌਲ ਪੂਰੀ ਤਰ੍ਹਾਂ ਨਾਲ ਭੱਖ ਗਿਆ ਹੈ। ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਪੁਲਸ ਨੇ ਨਕੋਦਰ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਪੁਲਸ ਦੀਆਂ 60 ਦੇ ਕਰੀਬ ਗੱਡੀਆਂ ਅੰਮ੍ਰਿਤਪਾਲ ਸਿੰਘ ਦੇ ਪਿੱਛੇ ਲੱਗੀਆਂ ਹੋਈਆਂ ਸਨ, ਜਿਨ੍ਹਾਂ ਨੂੰ ਕਾਫ਼ੀ ਮੁਸ਼ੱਕਤ ਤੋਂ ਬਾਅਦ ਕਾਬੂ ਕੀਤਾ, ਉਥੇ ਹੀ ਮੋਗਾ ਜ਼ਿਲ੍ਹੇ ਨਾਲ ਸੰਬੰਧਤ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਗੁਰਮੀਤ ਸਿੰਘ ਬੁੱਕਣਵਾਲਾ ਅਤੇ ਪ੍ਰਧਾਨ ਮੰਤਰੀ ਬਾਜੇਕੇ ਨੂੰ ਵੀ ਪੁਲਸ ਨੇ ਹਿਰਾਸਤ ਵਿਚ ਲੈ ਲਿਆ ਹੈ। ਮੋਗਾ ਜ਼ਿਲ੍ਹੇ ਦੀ ਹੱਦ ’ਤੇ ਜਲੰਧਰ ਮੁੱਖ ਮਾਰਗ ’ਤੇ ਸਥਿਤ ਪਿੰਡ ਕਮਾਲਕੇ ਨਜ਼ਦੀਕ ਪੁਲਸ ਵਲੋਂ ਪਹਿਲਾਂ ਹੀ ਵੱਡੀ ਨਾਕਾਬੰਦੀ ਕੀਤੀ ਗਈ ਸੀ। ਗ੍ਰਿਫ਼ਤਾਰੀ ਤੋਂ ਬਾਅਦ ਬਾਕੀ ਪੰਜਾਬ ਦੀ ਤਰ੍ਹਾਂ ਪਟਿਆਲਾ ਵਿਚ ਵੀ ਹਾਈ ਅਲਰਟ ਕਰ ਦਿੱਤਾ ਗਿਆ ਅਤੇ ਦੁਪਹਿਰ ਨੂੰ ਹੀ ਸ਼ਹਿਰ ਦੇ ਸੁੱਚੇ ਚੌਕਾਂ ’ਚ ਪਟਿਆਲਾ ਪੁਲਸ ਦੇ ਨਾਲ-ਨਾਲ ਪੈਰਾ-ਮਿਲਟਰੀ ਫੋਰਸ ਨੂੰ ਤਾਇਨਾਤ ਕਰ ਦਿੱਤਾ ਗਿਆ ਅਤੇ ਕਈ ਥਾਵਾਂ ’ਤੇ ਤਾਂ ਚੈਕਿੰਗ ਵੀ ਸ਼ੁਰੂ ਕਰ ਦਿੱਤੀ ਸੀ।
ਕਿਵੇਂ ਕੀਤਾ ਕਾਬੂ
ਜਾਣਕਾਰੀ ਮੁਤਾਬਕ ਅੰਮ੍ਰਿਤਪਾਲ ਸਿੰਘ ਜ਼ਿਲ੍ਹਾ ਜਲੰਧਰ ਦੇ ਸ਼ਾਹਕੋਟ ਨੂੰ ਜਾ ਰਹੇ ਸਨ। ਇਸ ਦੌਰਾਨ ਪਹਿਲਾਂ ਤੋਂ ਪੂਰੀ ਤਿਆਰੀ ਵਿਚ ਖੜ੍ਹੀ ਪੰਜਾਬ ਪੁਲਸ ਨੇ ਅੰਮ੍ਰਿਤਪਾਲ ਦੇ ਕਾਫਲੇ ਨੂੰ ਘੇਰਾ ਪਾ ਲਿਆ ਅਤੇ ਕੁੱਝ ਗੱਡੀਆਂ ਨੂੰ ਰੁਕਵਾ ਲਿਆ। ਇਸ ਦੌਰਾਨ ਪੁਲਸ ਨੇ ਅੰਮ੍ਰਿਤਪਾਲ ਸਿੰਘ ਦੇ ਛੇ ਸਾਥੀਆਂ ਸਮੇਤ ਗੁਰਮੀਤ ਸਿੰਘ ਬੁੱਕਣਵਾਲਾ ਅਤੇ ਪ੍ਰਧਾਨ ਮੰਤਰੀ ਬਾਜੇਕੇ ਨੂੰ ਵੀ ਪੁਲਸ ਨੇ ਹਿਰਾਸਤ ਵਿਚ ਲੈ ਲਿਆ ਹੈ। ਜਦਕਿ ਅੰਮ੍ਰਿਤਪਾਲ ਸਿੰਘ ਦੀ ਗੱਡੀ ਅੱਗੇ ਨਿਕਲ ਗਈ ਸੀ। ਇਸ ਦੌਰਾਨ ਅੰਮ੍ਰਿਤਪਾਲ ਸਿੰਘ ਦੇ ਕਾਫਲੇ ਨਾਲ ਮੌਜੂਦ ਸਮਰਥਕ ਨੇ ਲਾਈਵ ਹੋ ਕੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਸ ਨੇ ਉਨ੍ਹਾਂ ਦੇ ਕਾਫਲੇ ਨੂੰ ਘੇਰਾ ਪਾ ਲਿਆ ਸੀ। ਪੁਲਸ ਨੇ ਕੁੱਝ ਸਮਰਥਕਾਂ ਨੂੰ ਹਿਰਾਸਤ ਵਿਚ ਲੈ ਲਿਆਹੈ ਜਦਕਿ ਅੰਮ੍ਰਿਤਪਾਲ ਦੀ ਗੱਡੀ ਅੱਗੇ ਨਿਕਲ ਚੁੱਕੀ ਸੀ। ਸੂਤਰਾਂ ਤੋਂ ਮਿਲੀ ਜਾਣਕਾਰੀ ਅੱਠ ਜ਼ਿਲ੍ਹਿਆਂ ਦੀ ਪੁਲਸ ਵਲੋਂ ਇਸ ਕਾਰਵਾਈ ਨੂੰ ਅੰਜਾਮ ਦਿੱਤਾ ਗਿਆ ਹੈ।
ਗਿ੍ਰਫਤਾਰੀ ਤੋਂ ਬਾਅਦ ਧਾਰਾ 144 ਲਗਾਈ
ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਤੋਂ ਬਾਅਦ ਪੰਜਾਬ ਦੇ ਕਈ ਸੂਬਿਆਂ ’ਚ ਮੋਬਾਇਲ ਇੰਟਰਨੈੱਟ ਸੇਵਾਵਾਂ ਵੀ ਕੱਲ੍ਹ 12 ਵਜੇ ਤੱਕ ਮੁਕੰਮਲ ਤੌਰ ’ਤੇ ਬੰਦ ਕਰ ਦਿੱਤੀਆਂ ਗਈਆਂ ਹਨ, ਉਥੇ ਹੀ ਸੁਰੱਖਿਆ ਦੇ ਮੱਦੇਨਜ਼ਰ ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ, ਫਰੀਦਕੋਟ ਵਿਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਦਰਅਸਲ ਸ੍ਰੀ ਮੁਕਤਸਰ ਸਾਹਿਬ ਵਿਖੇ ਅੰਮ੍ਰਿਤਪਾਲ ਸਿੰਘ ਵੱਲੋਂ 19 ਮਾਰਚ ਨੂੰ ਗੁਰਦੁਆਰਾ ਟਿੱਬੀ ਸਾਹਿਬ ਵਿਖੇ ਖਾਲਸਾ ਵਹੀਰ ਮੁੜ ਤੋ ਸ਼ੁਰੂ ਕੀਤੀ ਜਾ ਰਹੀ ਸੀ ਪਰ ਇਸ ਤੋਂ ਪਹਿਲਾਂ ਹੀ ਪੁਲਸ ਨੇ ਅੰਮ੍ਰਿਤਪਾਲ ਸਿੰਘ ਨੂੰ ਉਨ੍ਹਾਂ ਦੇ ਸਾਥੀਆਂ ਸਮੇਤ ਗ੍ਰਿਫ਼ਤਾਰ ਕਰ ਲਿਆ। ਇਸ ਤੋਂ ਇਲਾਵਾ ਪੁਲਸ ਵਲੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਗੁਰਦੁਆਰਾ ਸਾਹਿਬ ਦੇ ਵੱਖ-ਵੱਖ ਨਾਕਿਆ ’ਤੇ ਸੁਰੱਖਿਆ ਪ੍ਰਬੰਧ ਮਜ਼ਬੂਤ ਕਰ ਦਿੱਤੇ ਗਏ ਹਨ। ਇੰਟਰਨੈੱਟ ਸੇਵਾਵਾਂ ਵੀ ਬੰਦ ਹੋ ਗਈਆ ਹਨ। ਉਧਰ ਪੁਲਸ ਵੱਲੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਮੁਨਿਆਦੀ ਕਰਵਾਈ ਜਾ ਰਹੀ ਹੈ ਕਿ ਸ਼ਹਿਰ ਵਿਚ ਧਾਰਾ 144 ਲਾਗੂ ਕੀਤੀ ਗਈ ਹੈ ਅਤੇ ਅੰਮ੍ਰਿਤਪਾਲ ਸਿੰਘ ਦਾ ਪ੍ਰੋਗਰਾਮ ਰੱਦ ਕਰ ਦਿੱਤਾ ਗਿਆ ਹੈ।
ਖ਼ੁਫ਼ੀਆ ਏਜੰਸੀਆਂ ਦੀ ਸਥਿਤੀ ’ਤੇ ਤਿੱਖ ਨਜ਼ਰ
ਇਸ ਮਾਮਲੇ ’ਚ ਕੇਂਦਰੀ ਖ਼ੁਫ਼ੀਆ ਏਜੰਸੀਆਂ ਪੰਜਾਬ ਦੇ ਹਾਲਾਤ ’ਤੇ ਲਗਾਤਾਰ ਤਿੱਖੀ ਨਜ਼ਰ ਰੱਖ ਰਹੀਆਂ ਹਨ। ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਸੂਬੇ ਨੇ ਨੀਮ ਫੌਜੀ ਬਲਾਂ ਦੀਆਂ ਕਈ ਕੰਪਨੀਆਂ ਦੀ ਮੰਗ ਕੀਤੀ ਸੀ ਅਤੇ ਇਹ ਕਾਨੂੰਨ ਵਿਵਸਥਾ ਦੀ ਸਥਿਤੀ ਨੂੰ ਬਣਾਈ ਰੱਖਣ ਲਈ ਮੁਹੱਈਆ ਕਰਵਾਈਆਂ ਗਈਆਂ। ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਦੇ ਹਾਲਾਤ ’ਤੇ ਨੇੜਿਓਂ ਨਜ਼ਰ ਰੱਖ ਰਹੇ ਹਾਂ। ਇੰਟੈਲੀਜੈਂਸ ਬਿਊਰੋ (ਆਈ. ਬੀ.), ਰਿਸਰਚ ਐਂਡ ਐਨਾਲਿਸਿਸ ਵਿੰਗ (ਰਾਅ) ਅਤੇ ਹੋਰ ਏਜੰਸੀਆਂ ਪੰਜਾਬ ਦੇ ਹਾਲਾਤ ਬਾਰੇ ਲਗਾਤਾਰ ਅਪਡੇਟ ਕਰ ਰਹੀਆਂ ਹਨ। ਇਕ ਹੋਰ ਸੀਨੀਅਰ ਅਧਿਕਾਰੀ ਨੇ ਕਿਹਾ ਕਿ ‘‘ਅਸੀਂ ਘਟਨਾਚੱਕਰ ’ਤੇ ਨੇੜਿਓਂ ਨਜ਼ਰ ਰੱਖ ਰਹੇ ਹਾਂ ਅਤੇ ਦਿੱਲੀ ਦੇ ਸੀਨੀਅਰਾਂ ਨੂੰ ਇਸ ਦੀ ਰਿਪੋਰਟ ਕਰ ਰਹੇ ਹਾਂ। ਏਜੰਸੀਆਂ ਸੋਸ਼ਲ ਮੀਡੀਆ ਪੋਸਟਾਂ ’ਤੇ ਨਜ਼ਰ ਰੱਖ ਰਹੀਆਂ ਹਨ। ਸਾਨੂੰ ਕਈ ਇਤਰਾਜ਼ਯੋਗ ਪੋਸਟਾਂ ਅਤੇ ਮੀਮਜ਼ ਮਿਲੇ ਹਨ।’’
ਲੋਕਾਂ ਨੂੰ ਅਮਨ-ਸ਼ਾਂਤੀ ਬਣਾਏ ਰੱਖਣ ਦੀ ਕੀਤੀ ਅਪੀਲ
ਐੱਸ. ਐੱਸ. ਪੀ. ਵਰੁਣ ਸ਼ਰਮਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸ਼ਾਂਤੀ ਬਣਾ ਕੇ ਰੱਖਣ ਅਤੇ ਕਿਸੇ ਤਰ੍ਹਾਂ ਦੀ ਅਫ਼ਵਾਹ ’ਤੇ ਵਿਸ਼ਵਾਸ ਨਾ ਕਰਨ। ਸਰਕਾਰੀ ਪੁਸ਼ਟੀ ਦੇ ਆਧਾਰ ’ਤੇ ਖ਼ਬਰ ’ਤੇ ਵਿਸ਼ਵਾਸ ਕਰਨ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਵਿਅਕਤੀ ਕਿਸੇ ਤਰ੍ਹਾਂ ਦੀ ਝੂਠੀ ਅਫ਼ਵਾਹ ਫੈਲਾਏਗਾ ਤਾਂ ਉਸ ਦੇ ਖਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਐੱਸ. ਐੱਸ. ਪੀ. ਨੇ ਕਿਹਾ ਕਿ ਅਮਨ ਅਤੇ ਕਾਨੂੰਨ ਵਿਵਸਥਾ ਨੂੰ ਬਣਾ ਕੇ ਰੱਖਣਾ ਸਾਡੇ ਸਾਰਿਆਂ ਦਾ ਫਰਜ਼ ਹੈ ਅਤੇ ਪਟਿਆਲਾ ਪੁਲਸ ਉਮੀਦ ਕਰਦੀ ਹੈ ਸਾਰੇ ਲੋਕ ਇਸ ਵਿਚ ਸਹਿਯੋਗ ਦੇਣਗੇ। ਉਨ੍ਹਾਂ ਨੇ ਕਿਹਾ ਕਿ ਪੁਲਸ ਲੋਕਾਂ ਦੀ ਸੇਵਾ ਲਈ ਹੈ ਅਤੇ ਲੋਕਾਂ ਤੋਂ ਪੂਰਨ ਸਹਿਯੋਗ ਦੀ ਉਮੀਦ ਕਰਦੀ ਹੈ।
ਦੇਰੀ ਨਾਲ ਹੀ ਸਹੀ, ਕਾਰਵਾਈ ਦਾ ਸਵਾਗਤ -ਰੰਧਾਵਾ
ਅੰਮ੍ਰਿਤਪਾਲ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਸਾਬਕਾ ਉਪ ਮੁੱਖ ਮੰਤਰੀ ਕਾਂਗਰਸ ਦੇ ਸੀਨੀਅਰ ਆਗੂ ਸੁਖਜਿੰਦਰ ਸਿੰਘ ਰੰਧਾਵਾ ਦਾ ਟਵੀਟ ਸਾਹਮਣੇ ਆਇਆ ਹੈ। ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਦੇਰੀ ਨਾਲ ਹੀ ਸਹੀ ਪਰ ਪੰਜਾਬ ਪੁਲਸ ਵੱਲੋਂ ਕੀਤੀ ਗਈ ਕਾਰਵਾਈ ਦਾ ਮੈਂ ਸਵਾਗਤ ਕਰਦਾ ਹਾਂ। ਉਨ੍ਹਾਂ ਕਿਹਾ ਕਿ ਸਮੂਹ ਪੰਜਾਬੀਆਂ ਨੂੰ ਮੇਰੀ ਬੇਨਤੀ ਹੈ ਕਿ ਸ਼ਾਂਤੀ ਬਣਾਈ ਰੱਖਣ ਅਤੇ ਅਫ਼ਵਾਹਾਂ ’ਤੇ ਭਰੋਸਾ ਨਾ ਕਰਨ।
ਰਾਜਾ ਵੜਿੰਗ ਨੇ ਪੰਜਾਬ ਦੇ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਕੀਤੀ ਅਪੀਲ
ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਕਿਹਾ ਕਿ ਗੁਰੂ ਦੇ ਸੱਚੇ ਸਿੱਖ ਕਦੇ ਭੱਜਦੇ ਨਹੀਂ ਹੁੰਦੇ। ਚਾਹੇ ਮਜਬੂਰੀ ਵੱਸ ਹੀ ਪੰਜਾਬ ਪੁਲਸ ਆਪਣਾ ਕੰਮ ਕਰ ਰਹੀ ਹੈ। ਰਾਜਾ ਵੜਿੰਗ ਨੇ ਆਪਣੇ ਟਵੀਟ ਰਾਹੀਂ ਸਮੂਹ ਪੰਜਾਬ ਦੇ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਹੈ।
ਅੰਮ੍ਰਿਤਪਾਲ ਨੌਜਵਾਨਾਂ ਨੂੰ ਕਰ ਰਿਹੈ ਗੁੰਮਰਾਹ-ਬਿੱਟੂ
ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ‘ਵਾਰਿਸ ਪੰਜਾਬ ਦੇ’ ਜੱਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਕਿਹਾ ਕਿ ਅੰਮ੍ਰਿਤਪਾਲ ਜਿਹੜਾ ਸਿੱਖੀ ਸਰੂਪ ਲੋਕਾਂ ਨੂੰ ਦਿਖਾਉਂਦਾ ਸੀ, ਕਦੇ ਸਿੱਖ ਵੀ ਭੱਜਦਾ ਹੈ? ਪੁਲਸ ਅੰਮ੍ਰਿਤਪਾਲ ਦੇ ਪਿੱਛੇ ਸੀ ਅਤੇ ਉਹ ਗਿੱਦੜਾਂ ਵਾਂਗ ਭੱਜਿਆ ਹੈ, ਕਦੇ ਕਿਸੇ ਗਲੀ ’ਚ ਵੜਿਆ, ਕਦੇ ਕਿਸੇ ਗੱਡੀ ’ਚ ਭੱਜਿਆ। ਉਨ੍ਹਾਂ ਨੇ ਕਿਹਾ ਕਿ ਜੇਕਰ ਅੰਮ੍ਰਿਤਪਾਲ ’ਚ ਹਿੰਮਤ ਹੁੰਦੀ ਤਾਂ ਪੁਲਸ ਨੂੰ ਕਹਿੰਦਾ ਕਿ ਉਸ ਨੂੰ ਗ੍ਰਿਫ਼ਤਾਰ ਕਰ ਲਓ ਅਤੇ ਜੋ ਕਰਨਾ ਹੈ ਕਰ ਲਓ। ਰਵਨੀਤ ਬਿੱਟੂ ਨੇ ਕਿਹਾ ਕਿ ਮੈਂ ਕਹਿੰਦਾ ਹੁੰਦਾ ਸੀ ਕਿ ਅੰਮ੍ਰਿਤਪਾਲ ਸਿਰਫ ਨੌਜਵਾਨਾਂ ਨੂੰ ਗੁੰਮਰਾਹ ਕਰਨ ਅਤੇ ਮਾਵਾਂ ਦੇ ਪੁੱਤਰਾਂ ਨੂੰ ਮਰਵਾਉਣ ਆਇਆ ਹੈ। ਅੱਜ ਜਦੋਂ ਪੁਲਸ ਨੇ ਘੇਰਾ ਪਾਇਆ ਤਾਂ ਸਾਥੀਆਂ ਸਮੇਤ ਅੰਮ੍ਰਿਤਪਾਲ ਭੱਜਦਾ ਦਿਖਾਈ ਦਿੱਤਾ। ਉਨ੍ਹਾਂ ਕਿਹਾ ਕਿ ਆਹ ਅੰਮ੍ਰਿਤਪਾਲ ਹੈ, ਜਿਹੜਾ ਲੋਕਾਂ ਨੂੰ ਕਹਿੰਦਾ ਸੀ ਕਿ ਮੈਂ ਤੁਹਾਡੇ ਨਾਲ ਮੋਢੇ ਨਾਲ ਮੋਢਾ ਲਾ ਕੇ ਖੜ੍ਹਾ ਹਾਂ ਅਤੇ ਪਹਿਲੀ ਗੋਲੀ ਮੈਂ ਖਾਵਾਂਗਾ। ਉਨ੍ਹਾਂ ਕਿਹਾ ਕਿ ਇਹ ਗੋਲੀ ਖਾਣ ਵਾਲਾ ਸ਼ੇਰ ਦੇਖ ਲਓ, ਅੱਜ ਪੁਲਸ ਉਸ ਦੇ ਪਿੱਛੇ-ਪਿੱਛੇ ਭੱਜੀ ਹੈ।
ਅੰਮ੍ਰਿਤਪਾਲ ਦੀ ਗ੍ਰਿਫ਼ਤਾਰੀ ਤੋਂ ਬਾਅਦ ਪੰਜਾਬ ’ਚ ਹਾਈ ਅਲਰਟ ਜਾਰੀ

Comment here