ਚੰਡੀਗੜ੍ਹ : ਪੰਜਾਬ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਪੰਜਾਬ ਦੇ ਦਫ਼ਤਰ ਵੱਲੋਂ ਸੂਬੇ ਵਿੱਚ ਆਜ਼ਾਦ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਨੂੰ ਯਕੀਨੀ ਬਣਾਉਣ ਲਈ ਸਾਰੇ ਪ੍ਰਬੰਧ ਕੀਤੇ ਜਾ ਰਹੇ ਹਨ। ਮੁੱਖ ਚੋਣ ਅਫ਼ਸਰ ਡਾ: ਐਸ. ਕਰੁਣਾ ਰਾਜੂ ਨੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਾਜ ਦੀ ਸਮੁੱਚੀ ਮਸ਼ੀਨਰੀ ਸ਼ਾਂਤਮਈ, ਆਜ਼ਾਦ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 24 ਘੰਟੇ ਕੰਮ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਕੁੱਲ 21499804 ਵੋਟਰ ਹਨ ਜਿਨ੍ਹਾਂ ਵਿੱਚ 11298081 ਪੁਰਸ਼, 10200996 ਔਰਤਾਂ ਅਤੇ 727 ਟਰਾਂਸਜੈਂਡਰ ਹਨ। 117 ਹਲਕਿਆਂ ਵਿੱਚ 1304 ਉਮੀਦਵਾਰ-1209 ਪੁਰਸ਼, 93 ਔਰਤਾਂ ਅਤੇ ਦੋ ਟਰਾਂਸਜੈਂਡਰ ਚੋਣ ਮੈਦਾਨ ਵਿੱਚ ਹਨ। ਉਨ੍ਹਾਂ ਦੱਸਿਆ ਕਿ ਕੁੱਲ 1304 ਉਮੀਦਵਾਰਾਂ ਵਿੱਚੋਂ 231 ਰਾਸ਼ਟਰੀ ਪਾਰਟੀਆਂ, 250 ਸੂਬਾਈ ਪਾਰਟੀਆਂ, 362 ਗੈਰ ਮਾਨਤਾ ਪ੍ਰਾਪਤ ਪਾਰਟੀਆਂ ਅਤੇ 461 ਆਜ਼ਾਦ ਉਮੀਦਵਾਰ ਹਨ। ਉਨ੍ਹਾਂ ਕਿਹਾ ਕਿ ਚੋਣ ਲੜ ਰਹੇ 315 ਉਮੀਦਵਾਰ ਅਪਰਾਧਿਕ ਪਿਛੋਕੜ ਵਾਲੇ ਹਨ। ਡਾ: ਰਾਜੂ ਨੇ ਪੋਲਿੰਗ ਸਟੇਸ਼ਨਾਂ ‘ਤੇ ਆਉਣ ਵਾਲੇ ਵੋਟਰਾਂ ਨੂੰ ਮਾਸਕ ਪਹਿਨਣ ਅਤੇ ਸਮਾਜਿਕ ਦੂਰੀ ਬਣਾਈ ਰੱਖਣ ਸਮੇਤ ਕੋਵਿਡ-19 ਪ੍ਰੋਟੋਕੋਲ ਦੀ ਪਾਲਣਾ ਕਰਨ ਦੀ ਵੀ ਅਪੀਲ ਕੀਤੀ।
ਆਜ਼ਾਦ ਤੇ ਨਿਰਪੱਖ ਚੋਣਾਂ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ: ਡਾ. ਰਾਜੂ

Comment here