ਸਿਆਸਤਖਬਰਾਂਚਲੰਤ ਮਾਮਲੇ

ਆਪ ਤੋਂ ਸਾਵਧਾਨ ਰਹਿਣ ਦੀ ਲੋੜ: ਹਰਸਿਮਰਤ

ਮਾਨਸਾ- ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਮਾਨਸਾ ’ਚ ਲੋਕਾਂ ਨੂੰ ਸੰਬੋਧਤ ਕਰਦੇ ਹੋਏ ਕਿਹਾ ਕਿ ਪੰਜਾਬੀਆਂ ਨੂੰ ਆਮ ਆਦਮੀ ਦੇ ਨੇਤਾ ਅਰਵਿੰਦ ਕੇਜਰੀਵਾਲ ਤੋਂ ਸੁਚੇਤ ਰਹਿਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਸ਼ੁਰੂ ਕੀਤੀਆਂ ਖੇਤੀਬਾੜੀ ਖੇਤਰ ਲਈ ਮੁਫਤ ਬਿਜਲੀ ਸਪਲਾਈ ਤੇ ਆਟਾ ਦਾਲ ਤੇ ਸ਼ਗਨ ਵਰਗੀਆਂ ਸਮਾਜ ਭਲਾਈ ਸਕੀਮਾਂ ਬੰਦ ਕਰ ਦੇਵੇਗੀ। ਪਾਰਟੀ ਦੇ ਉਮੀਦਵਾਰ  ਪ੍ਰੇਮ ਅਰੋੜਾ ਨੇ ਸ੍ਰੀ ਕੇਜਰੀਵਾਲ ਉਪਰ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਪੰਜਾਬੀਆਂ ਨੂੰ ਉਨ੍ਹਾਂ ’ਤੇ ਬਿਲਕੁਲ ਵੀ ਵਿਸ਼ਵਾਸ ਨਹੀਂ ਕਰਨਾ ਚਾਹੀਦਾ ਕਿਉਂਕਿ ਉਸਨੇ ਸੁਪਰੀਮ ਕੋਰਟ ਵਿਚ ਹਲਫੀਆ ਬਿਆਨ ਦਾਇਰ ਕਰਕੇ ਪੰਜਾਬ ਦੇ ਦਰਿਆਈ ਪਾਣੀਆਂ ਵਿਚੋਂ ਦਿੱਲੀ ਤੇ ਹਰਿਆਣਾ ਨੂੰ ਵੀ ਹਿੱਸਾ ਦੇਣ ਦੀ ਮੰਗ ਕੀਤੀ ਹੈ। ਇਸਤੋਂ ਇਲਾਵਾ ਉਸਨੇ ਇਹ ਵੀ ਮੰਗ ਕੀਤੀ ਹੈ ਕਿ ਪੰਜਾਬ ਦੇ ਚਾਰ ਥਰਮਲ ਪਲਾਂਟ ਬੰਦ ਕੀਤੇ ਜਾਣ ਅਤੇ ਪਰਾਲੀ ਸਾੜਨ ਵਾਲੇ ਕਿਸਾਨਾਂ ਦੇ ਖਿਲਾਫ ਫੌਜਦਾਰੀ ਕੇਸ ਦਰਜ ਕੀਤੇ ਜਾਣ। ਉਹਨਾਂ ਕਿਹਾ ਕਿ ਕੱਲ੍ਹ ਨੂੰ ਅਜਿਹਾ ਬੰਦਾ ਜੋ ਪੰਜਾਬ ਵਿਰੋਧੀ ਹੈ, ਪੰਜਾਬ ਵਿਚ ਕਿਸਾਨਾਂ ਲਈ ਮੁਫਤ ਬਿਜਲੀ ਸਹੂਲਤ ਬੰਦ ਕਰ ਦੇਵੇਗਾ ਕਿਉਂਕਿ ਇਹ ਯੋਜਨਾ ਦਿੱਲੀ ਮਾਡਲ ਦਾ ਹਿੱਸਾ ਨਹੀਂ ਹੈ। ਇਸੇ ਤਰੀਕੇ ਜੇਕਰ ਆਮ ਆਦਮੀ ਪਾਰਟੀ ਸੱਤਾ ਵਿਚ ਆ ਗਈ ਤਾਂ ਦਿੱਲੀ ਦੀ ਤਰਜ਼ ’ਤੇ ਇਥੇ ਘਰੇਲੂ ਤੇ ਸਨੱਅਤੀ ਖਪਤਕਾਰਾਂ ਲਈ ਬਿਜਲੀ ਦਰਾਂ 10 ਤੋਂ 13 ਰੁਪਏ ਪ੍ਰਤੀ ਯੂਨਿਟ ਕਰ ਦਿੱਤੀਆਂ ਜਾਣਗੀਆਂ। ਸ਼੍ਰੀਮਤੀ ਬਾਦਲ ਨੇ ਲੋਕਾਂ ਨੂੰ ਕਿਹਾ ਕਿ ਜਿਸਨੇ ਆਪਣੀਆਂ ਟਿਕਟਾਂ 4-4 ਕਰੋੜ ਰੁਪਏ ਵਿਚ ਵੇਚੀਆਂ ਹਨ ਉਸਤੇ ਉਹਨਾਂ ਨੂੰ ਵਿਸ਼ਵਾਸ਼ ਨਹੀਂ ਕਰਨਾ ਚਾਹੀਦਾ। ਆਮ ਆਦਮੀ ਪਾਰਟੀ ਨੇ ਪੰਜਾਬ ਨੁੰ ਪੈਸੇ ਇਕੱਠੇ ਕਰਨ ਵਾਲਾ ਸੈਂਟਰ ਬਣਾ ਦਿੱਤਾ ਹੈ। ਚੋਣਾਂ ਤੋਂ ਬਾਅਦ ਉਹ ਪੰਜਾਬ ਨੁੰ ਭੁੱਲ ਜਾਵੇਗੀ। ਉਹਨਾਂ ਕਿਹਾ ਕਿ ਅਕਾਲੀ ਦਲ ਹਮੇਸ਼ਾ ਪੰਜਾਬ ਦੇ ਲੋਕਾਂ ਨਾਲ ਖੜਿਆ ਹੈ ਤੇ ਖੜੇਗਾ। ਸ਼੍ਰੀਮਤੀ ਬਾਦਲ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਉਪਰ ਨਿਸ਼ਾਨਾ ਕਰਦੇ ਕਿਹਾ ਕਿ ਚੰਨੀ ਨੇ ਸਿਰਫ ਆਪਣੇ ਲਈ ਪ੍ਰਚਾਰ ’ਤੇ ਕਰੋੜਾਂ ਰੁਪਏ ਖਰਚਣ ਤੋਂ ਇਲਾਵਾ ਕੱਖ ਨਹੀਂ ਕੀਤਾ। ਸ੍ਰੀ ਚੰਨੀ ਨੇ ਸੂਬੇ ਭਰ ਵਿਚ ਆਪਣੇ ਪੋਸਟਰ ਲਗਾ ਦਿੱਤੇ ਪਰ ਫਸਲ ਤੇ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਹੋਏ ਨੁਕਸਾਨ ਤੇ ਨਰਮਾਂ ਉਦਪਾਦਕਾਂ ਨੂੰ ਢੁਕਵਾਂ ਮੁਆਵਜ਼ਾ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਕਾਂਗਰਸ ਨੂੰ ਕਈ ਜਵਾਬ ਦੇਣੇ ਪੈਣਗੇ। ਪੰਜ ਸਾਲਾਂ ਦੇ ਕਾਰਜਕਾਲ ਦੌਰਾਨ ਕਾਂਗਰਸ ਪਾਰਟੀ ਨੇ ਸਿਰਫ ਧੋਖਾਧੜੀ ਤੇ ਫਰੇਬ ਹੀ ਕੀਤਾ ਹੈ। ਕਾਂਗਰਸ ਪਾਰਟੀ ਲੋਕਾਂ ਨਾਲ ਕੀਤਾ ਹਰ ਵਾਅਦਾ ਭੁੱਲ ਗਈ। ਕਿਸਾਨੀ ਕਰਜ਼ੇ ਮੁਆਫ ਕਰਨ ਦਾ ਵਾਅਦਾ ਵੀ ਪੂਰਾ ਨਹੀਂ ਕੀਤਾ। ਉਹਨਾਂ ਕਿਹਾ ਕਿ ਸ੍ਰੀ ਚੰਨੀ ਦੀਆਂ ਭ੍ਰਿਸ਼ਟ ਗਤੀਵਿਧੀਆਂ ਉਹਨਾਂ ਦੇ ਭਾਣਜੇ ਦੇ ਘਰੋਂ 11 ਕਰੋੜ ਰੁਪਏ ਬਰਾਮਦ ਹੋਣ ਨਾਲ ਬੇਨਕਾਬ ਹੋ ਗਈਆਂ ਤੇ ਇਹ ਤਾਂ ਹਾਲੇ ਸਾਰੇ ਮਾਮਲੇ ਦੀ ਸ਼ੁਰੂਆਤ ਮਾਤਰ ਹੈ।

Comment here