ਸਿਆਸਤਖਬਰਾਂ

‘ਆਪ’ ਦੀ ਸਰਕਾਰ ਬਣਨ ’ਤੇ ਪੰਜਾਬ ’ਚ ਇੰਸਪੈਕਟਰੀ ਰਾਜ ਖਤਮ ਕਰਾਂਗੇ-ਕੇਜਰੀਵਾਲ

ਬਠਿੰਡਾ-ਬੀਤੇ ਦਿਨੀਂ ‘ਆਪ’ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ‘ਆਪ’ ਦੀ ਸਰਕਾਰ ਬਣਨ ’ਤੇ ਪੰਜਾਬ ਨੂੰ ਅਪਰਾਧੀਆਂ, ਗੁੰਡਿਆਂ, ਭ੍ਰਿਸ਼ਟਾਚਾਰੀਆਂ ਅਤੇ ਇੰਸਪੈਕਟਰੀ ਰਾਜ ਤੋਂ ਮੁਕਤ ਕਰ ਦਿੱਤਾ ਜਾਵੇਗਾ। ਹਰ ਵਪਾਰੀ-ਕਾਰੋਬਾਰੀ ਦੀ ਸੁਰੱਖਿਆ ਦੀ ਜ਼ਿੰਮੇਵਾਰੀ ‘ਆਪ’ ਸਰਕਾਰ ਦੀ ਹੋਵੇਗੀ। ਕੇਜਰੀਵਾਲ ਨੇ ਇੱਥੇ ਵਪਾਰੀਆਂ ਨਾਲ ਵਿਚਾਰ-ਚਰਚਾ ਕੀਤੀ। ਇਸ ਦੌਰਾਨ ਉਨ੍ਹਾਂ ਆਗਾਮੀ ਵਿਧਾਨ ਸਭਾ ਚੋਣਾਂ ਜਿੱਤ ਕੇ ਵਪਾਰੀਆਂ ਦੀਆਂ ਸਾਰੀਆਂ ਮੁਸ਼ਕਲਾਂ ਹੱਲ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਵਿੱਤ ਮੰਤਰੀ ਪੰਜਾਬ ਮਨਪ੍ਰੀਤ ਸਿੰਘ ਬਾਦਲ ਦੇ ਕਰੀਬੀ ਰਿਸ਼ਤੇਦਾਰ ਜੋਜੋ ਜੌਹਲ ਵੱਲ ਅਸਿੱਧਾ ਇਸ਼ਾਰਾ ਕਰਦਿਆਂ ਕਿਹਾ ਕਿ ‘ਆਪ’ ਦੀ ਸਰਕਾਰ ਬਣਨ ’ਤੇ ਉਨ੍ਹਾਂ ਨੂੰ ‘ਜੋਜੋ ਟੈਕਸ’ ਤੋਂ ਮੁਕਤੀ ਮਿਲੇਗੀ।
ਚੰਨੀ ਸਰਕਾਰ ’ਤੇ ਵਿਅੰਗ ਕੱਸਦਿਆਂ ਕੇਜਰੀਵਾਲ ਨੇ ਕਿਹਾ ਕਿ ਆਮ ਆਦਮੀ ਦੀ ਨਕਲ ਕਰਨੀ ਤਾਂ ਸੌਖੀ ਹੈ ਪਰ ਅਮਲ ਕਰਨਾ ਔਖਾ। ਮੁੱਖ ਮੰਤਰੀ ਚੰਨੀ ‘ਆਪ ਸਰਕਾਰ’ ਦੇ ਕੰਮਾਂ ਨੂੰ ਦੇਖ ਕੇ ਇੰਸਪੈਕਟਰੀ ਰਾਜ ਖ਼ਤਮ ਕਰਨ, ਵਪਾਰੀਆਂ ਨੂੰ ਹਿੱਸੇਦਾਰ ਬਣਾਉਣ ਅਤੇ ਸਨਅਤਾਂ ਨੂੰ ਸਹੂਲਤਾਂ ਦੇਣ ਦਾ ਐਲਾਨ ਤਾਂ ਜ਼ਰੂਰ ਕਰਦੇ ਹਨ ਪਰ ਅਮਲ ਨਹੀਂ ਕਰਦੇ। ਇਸ ਮੌਕੇ ‘ਆਪ’ ਪੰਜਾਬ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਖੇਤੀ ਕਾਨੂੰਨਾਂ ਦਾ ਵਿਰੋਧ ਕਰਦਿਆਂ ਕਿਹਾ ਕਿ ਜੇ ਇਹ ਕਾਨੂੰਨ ਲਾਗੂ ਹੋ ਗਏ ਤਾਂ ਇਨ੍ਹਾਂ ਦਾ ਮਾਰੂ ਅਸਰ ਵਪਾਰੀਆਂ, ਕਾਰੋਬਾਰੀਆਂ ਅਤੇ ਉਦਯੋਗ ਜਗਤ ’ਤੇ ਪਵੇਗਾ ਕਿਉਂਕਿ ਸਾਰਾ ਕੁੱਝ ਖੇਤੀ ਨਾਲ ਜੁੜਿਆ ਹੋਇਆ ਹੈ। ਇਸ ਮੌਕੇ ਜਰਨੈਲ ਸਿੰਘ, ਰਾਘਵ ਚੱਢਾ, ਹਰਪਾਲ ਸਿੰਘ ਚੀਮਾ ਵੀ ਮੌਜੂਦ ਸਨ।

ਕੇਜਰੀਵਾਲ ’ਤੇ ਮਾਣਹਾਨੀ ਦਾ ਕੇਸ ਕਰਾਂਗਾ : ਜੈਜੀਤ ਜੌਹਲ
ਕੇਜਰੀਵਾਲ ਦੇ ਵਿਅੰਗ ’ਤੇ ਮੋੜਵਾਂ ਜਵਾਬ ਦਿੰਦਿਆਂ ਜੈਜੀਤ ਸਿੰਘ (ਜੋਜੋ ਜੌਹਲ) ਨੇ ਕਿਹਾ ਕਿ ਉਨ੍ਹਾਂ ਵੱਲੋਂ ਕੇਜਰੀਵਾਲ ’ਤੇ ਮਾਣਹਾਨੀ ਦਾ ਕੇਸ ਦਰਜ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ, ‘‘ਹੁਣ ਕੇਜਰੀਵਾਲ ਸਾਹਬ ਤਿਆਰ ਹੋ ਜਾਓ, ਤੁਹਾਡੇ ਜ਼ਿਆਦਾਤਰ ਗੇੜੇ ਬਠਿੰਡਾ ਦੇ ਲੱਗਣਗੇ। ਮੈਂ ਤੁਹਾਨੂੰ ਮੁਆਫ਼ ਕਰਨ ਵਾਲਿਆਂ ਵਿੱਚੋਂ ਨਹੀਂ ਹਾਂ।’
ਉਦਯੋਗਪਤੀਆਂ ਖ਼ਿਲਾਫ਼ ਵੈਟ ਦੇ 40 ਹਜ਼ਾਰ ਕੇਸ ਰੱਦ : ਸੋਨੀ
ਉਪ ਮੁੱਖ ਮੰਤਰੀ ਓਪੀ ਸੋਨੀ ਨੇ ਅੱਜ ਇਥੇ ਕਿਹਾ ਕਿ ਸਰਕਾਰ ਨੇ ਸੂਬੇ ਦੇ ਵਪਾਰੀਆਂ ਤੇ ਸਨਅਤਕਾਰਾਂ ਵਿਰੁੱਧ ਵਿੱਤੀ ਸਾਲ 2014-15, 2015-16 ਤੇ 2016-17 ਨਾਲ ਸਬੰਧਤ ਵੈਟ ਦੇ ਕੁਲ 48,000 ਕੇਸਾਂ ਵਿੱਚੋਂ 40,000 ਬਕਾਇਆ ਕੇਸਾਂ ਨੂੰ ਮੁੱਢੋਂ ਰੱਦ ਕਰਨ ਦਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਬੰਧਤ ਵਪਾਰੀਆਂ/ ਉਦਯੋਗਪਤੀਆਂ ਨੂੰ ਕੁੱਲ ਬਕਾਇਆ ਟੈਕਸ ਦੇਣਦਾਰੀ ਦਾ ਸਿਰਫ਼ 30 ਫੀਸਦ ਜਮ੍ਹਾਂ ਕਰਵਾਉਣ ਲਈ ਕਹਿ ਕੇ 8000 ਬਕਾਇਆ ਕੇਸਾਂ ਨੂੰ ਸਹਿਮਤੀ ਨਾਲ ਨਿਪਟਾਇਆ ਜਾਵੇਗਾ।

Comment here