ਸਿਆਸਤਖਬਰਾਂ

‘ਆਪ’ ਵਿਧਾਇਕਾ ਰੁਪਿੰਦਰ ਰੂਬੀ ਕਾਂਗਰਸ ’ਚ ਸ਼ਾਮਲ

ਚੰਡੀਗੜ੍ਹ-‘ਆਪ’ ਪਾਰਟੀ ਦੀ ਵਿਧਾਇਕਾ ਰੁਪਿੰਦਰ ਕੌਰ ਰੂਬੀ ਕਾਂਗਰਸ ਪਾਰਟੀ ’ਚ ਸ਼ਾਮਲ ਹੋ ਗਈ ਹੈ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਸਾਂਝੇ ਤੌਰ ’ਤੇ ਪ੍ਰੈੱਸ ਕਾਨਫਰੰਸ ਦੌਰਾਨ ਬਠਿੰਡਾ ਦਿਹਾਤੀ ਤੋਂ ਵਿਧਾਇਕਾ ਰੁਪਿੰਦਰ ਕੌਰ ਰੂਬੀ ਨੂੰ ਕਾਂਗਰਸ ਪਾਰਟੀ ’ਚ ਸ਼ਾਮਲ ਕਰਵਾਇਆ ਗਿਆ। ਇਸ ਮੌਕੇ ਨਵਜੋਤ ਸਿੱਧੂ ਨੇ ਕਿਹਾ ਕਿ ਰੁਪਿੰਦਰ ਰੂਬੀ ਜੀ ਨੂੰ ਕਾਂਗਰਸ ਪਾਰਟੀ ’ਚ ਪਰਿਵਾਰਕ ਮੈਂਬਰ ਬਣਾ ਕੇ ਰੱਖਿਆ ਜਾਵੇਗਾ।
ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਮਾੜੀ ਕਾਰਗੁਜ਼ਾਰੀ ਦੇਖ ਕੇ ਰੁਪਿੰਦਰ ਕੌਰ ਰੂਬੀ ਜੀ ਕਾਂਗਰਸ ਪਾਰਟੀ ’ਚ ਸ਼ਾਮਲ ਹੋਏ ਹਨ। ਇਸ ਮੌਕੇ ਮੁੱਖ ਮੰਤਰੀ ਚੰਨੀ ਵੱਲੋਂ ‘ਵਧਾਈਆਂ ਭੈਣੇ ਤੈਨੂੰ ਵਧਾਈਆਂ ਨੀ’ ਬੋਲੀ ਸੁਣਾ ਕੇ ਰੁਪਿੰਦਰ ਰੂਬੀ ਨੂੰ ਵਧਾਈਆਂ ਦਿੱਤੀਆਂ ਗਈਆਂ।
ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਆਮ ਆਦਮੀ ਕਿਹੜੇ ਹਾਲਾਤ ’ਚ ਰਹਿੰਦਾ ਹੈ, ਉਹ ਚੰਗੀ ਤਰ੍ਹਾਂ ਜਾਣਦੇ ਹਨ। ਉਨ੍ਹਾਂ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ’ਤੇ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ ਇਹ ਸਾਰੀਆਂ ਗੱਲਾਂ ਕੇਜਰੀਵਾਲ ਕਿੱਥੋਂ ਜਾਣਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਚਾਹੁੰਦੇ ਸੀ ਕਿ ਸੂਬੇ ’ਚ ਆਮ ਲੋਕਾਂ ਦਾ ਰਾਜ ਹੋਵੇ ਅਤੇ ਉਨ੍ਹਾਂ ਦੇ ਹੱਕ ਦੀ ਗੱਲ ਹੋਵੇ। ਉਨ੍ਹਾਂ ਕਿਹਾ ਕਿ ਹੁਣ ਪੰਜਾਬ ਦੇ ਲੋਕਾਂ ਨੂੰ ਉਹ ਰਾਜ ਮਿਲ ਗਿਆ ਹੈ, ਜਿਸ ਕਾਰਨ ਦੂਜੀਆਂ ਪਾਰਟੀਆਂ ਦੇ ਆਗੂ ਕਾਂਗਰਸ ’ਚ ਸ਼ਾਮਲ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਜਿਹੜੇ ਲੋਕ ਸਿਸਟਮ ਖ਼ਿਲਾਫ਼ ਲੜ ਰਹੇ ਹਨ, ਉਹ ਸਾਡੇ ਨਾਲ ਆ ਰਹੇ ਹਨ।

Comment here