ਸਿਆਸਤਖਬਰਾਂਚਲੰਤ ਮਾਮਲੇ

ਆਪ ਵੱਲੋਂ ਰਾਜ ਸਭਾ ਲਈ 5 ਉਮੀਦਵਾਰਾਂ ਦਾ ਐਲਾਨ

ਚੰਡੀਗੜ੍ਹ : ਪੰਜਾਬ ਵਿੱਚ ਰਾਜ ਸਭਾ ਦੀਆਂ ਪੰਜ ਸੀਟਾਂ ਲਈ 31 ਮਾਰਚ ਨੂੰ ਚੋਣਾਂ ਹੋਣ ਜਾ ਰਹੀਆਂ ਹਨ।  ਇਹ ਸਾਰੀਆਂ ਪੰਜ ਸੀਟਾਂ ਆਮ ਆਦਮੀ ਪਾਰਟੀ ਨੂੰ ਮਿਲ ਸਕਦੀਆਂ ਹਨ, ਜਿਸ ਨੇ ਹਾਲ ਹੀ ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ ਸ਼ਾਨਦਾਰ ਜਿੱਤ ਦਰਜ ਕੀਤੀ ਹੈ। ਆਮ ਆਦਮੀ ਪਾਰਟੀ ਨੇ ਸੋਮਵਾਰ ਨੂੰ ਰਾਜ ਸਭਾ ਜਾਣ ਵਾਲੇ ਪੰਜਾਂ ਨਾਵਾਂ ‘ਤੇ ਮੋਹਰ ਲਗਾ ਦਿੱਤੀ ਹੈ। ਇਨ੍ਹਾਂ ਵਿਚ ਡਾ. ਸੰਦੀਪ ਪਾਠਕ, ਕ੍ਰਿਕਟਰ ਹਰਭਜਨ ਸਿੰਘ, ਰਾਘਵ ਚੱਢਾ, ਅਸ਼ੋਕ ਮਿੱਤਲ ਤੇ ਸੰਜੀਵ ਅਰੋੜਾ ਦੇ ਨਾਂ ਸ਼ਾਮਲ ਹਨ। ਸਾਰੇ ਪੰਜਾਂ ਉਮੀਦਵਾਰਾਂ ਨੇ ਅੱਜ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰ ਦਿੱਤੇ ਹਨ। ਪੰਜਾਬ ਵਿਧਾਨ ਸਭਾ ਚੋਣਾਂ ‘ਚ ਆਮ ਆਦਮੀ ਪਾਰਟੀ ਦੀ ਜਿੱਤ ਵਿੱਚ ਡਾ. ਸੰਦੀਪ ਪਾਠਕ  ਦਾ ਅਹਿਮ ਯੋਗਦਾਨ ਰਿਹਾ ਹੈ। ਮੰਨਿਆ ਜਾ ਰਿਹਾ ਹੈ ਕਿ ਡਾ: ਸੰਦੀਪ ਪਾਠਕ ਨੇ ਪੰਜਾਬ ਵਿਧਾਨ ਸਭਾ ਚੋਣਾਂ ਜਿੱਤਣ ਦੀ ਰਣਨੀਤੀ ਬਣਾਈ ਹੈ। ਸੰਜੀਵ ਅਰੋੜਾ ਪੰਜਾਬ ਦੇ ਵੱਡੇ ਸਨਅਤਕਾਰ ਹਨ ਤੇ ਅਸ਼ੋਕ ਮਿੱਤਲ ਐੱਲਪੀਯੂ ਦੇ ਚਾਂਸਲਰ ਹਨ। ਹਰਭਜਨ ਸਿੰਘ ਜਲੰਧਰ ਦੇ ਰਹਿਣ ਵਾਲੇ ਹਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਉਨ੍ਹਾਂ ਦੇ ਚੰਗੇ ਸਬੰਧ ਹਨ। ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਨੇ ਇੱਕ ਟਵੀਟ ਕੀਤਾ ਜਿਸ ਵਿੱਚ ਉਨ੍ਹਾਂ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਹਰਭਜਨ ਸਿੰਘ ਤੋਂ ਇਲਾਵਾ ਪੰਜਾਬ ‘ਆਪ’ ਦੇ ਸਹਿ-ਇੰਚਾਰਜ ਅਤੇ ਦਿੱਲੀ ਦੇ ਵਿਧਾਇਕ ਰਾਘਵ ਚੱਢਾ, ਆਈਆਈਟੀ ਦਿੱਲੀ ਦੇ ਸੰਦੀਪ ਪਾਠਕ, ਗੁਜਰਾਤ ਦੇ ਪਾਟੀਦਾਰ ਆਗੂ ਨਰੇਸ਼ ਪਟੇਲ, ਰੈੱਡਫੋਰਟ ਫਿਲਮ ਨਿਰਮਾਤਾ ਖਿਲੇ ਸ਼ਰਮਾ ਨੂੰ ਰਾਜ ਸਭਾ ਭੇਜਣ ਦੀ ਤਿਆਰੀ ਕਰ ਰਿਹਾ ਹੈ। ਸੁਖਪਾਲ ਖਹਿਰਾ ਨੇ ਕਿਹਾ ਕਿ ਇਹ ਸੱਚ ਹੈ ਕਿ ਇਹ ਪੰਜਾਬ ਲਈ ਸਭ ਤੋਂ ਦੁਖਦਾਈ ਖਬਰ ਹੈ ਅਤੇ ਇਹ ਸਾਡੇ ਸੂਬੇ ਲਈ ਪਹਿਲਾ ਵਿਤਕਰਾ ਹੋਵੇਗਾ। ਅਸੀਂ ਕਿਸੇ ਵੀ ਗੈਰ-ਪੰਜਾਬੀ ਦੀ ਨਾਮਜ਼ਦਗੀ ਦਾ ਸਖ਼ਤ ਵਿਰੋਧ ਕਰਾਂਗੇ।

Comment here