ਸਿਆਸਤਖਬਰਾਂ

ਆਰ ਐਸ ਐਸ ਨਾਲ ਜੁੜੇ ਕਿਸਾਨ ਸੰਗਠਨ ਵਲੋੰ 8 ਨੂੰ ਧਰਨੇ ਪ੍ਰਦਰਸ਼ਨ

ਨਵੀਂ ਦਿੱਲੀ-ਖੇਤੀ ਕਾਨੂੰਨਾਂ ਨੂੰ ਲੈ ਕੇ ਆਰ ਐਸ ਐਸ ਨਾਲ ਜੁੜੇ ਕਿਸਾਨ ਸੰਗਠਨ ਵਲੋਂ ਮੋਦੀ ਸਰਕਾਰ ਦੀਆਂ ਮੁਸ਼ਕਲਾਂ ਵਧਾਈਆਂ ਜਾ ਰਹੀਆਂ ਹਨ। ਕਿਸਾਨ ਜਥੇਬੰਦੀ ਭਾਰਤੀ ਕਿਸਾਨ ਸੰਘ  ਨੇ ਸੰਘਰਸ਼ ਦਾ ਬਿਗੁਲ ਵਜਾ ਦਿੱਤਾ ਹੈ। ਭਾਰਤੀ ਕਿਸਾਨ ਸੰਘ ਨੇ ਖੇਤੀ ਕਾਨੂੰਨਾਂ ਤੇ ਐਮਐਸਪੀ ਬਾਰੇ ਕੇਂਦਰ ਵੱਲੋਂ ਮੰਗਾਂ ਨਾ ਮੰਨੇ ਜਾਣ ਦੇ ਰੋਸ ਵਜੋਂ 8 ਸਤੰਬਰ ਨੂੰ ਦੇਸ਼ ਵਿਆਪੀ ਐਕਸ਼ਨ ਦਾ ਐਲਾਨ ਕੀਤਾ ਹੈ। ਇਸ ਜਥੇਬੰਦੀ ਨੇ ਕੇਂਦਰ ਨੂੰ ਮੰਗਾਂ ਮੰਨਣ ਲਈ 31 ਅਗਸਤ ਤੱਕ ਦਾ ਅਲਟੀਮੇਟਮ ਦਿੱਤਾ ਸੀ। ਭਾਰਤੀ ਕਿਸਾਨ ਸੰਘ ਨੇ ਕਿਹਾ ਹੈ ਕਿ ਫ਼ਸਲਾਂ ਦਾ ਘੱਟੋ ਘੱਟ ਸਮਰਥਨ ਮੁੱਲ (ਐੱਮਐੱਸਪੀ) ਲਾਗਤ ਦੇ ਆਧਾਰ ’ਤੇ ਤੈਅ ਹੋਣਾ ਚਾਹੀਦਾ ਹੈ ਤੇ ਕਿਸਾਨਾਂ ਵੱਲੋਂ ਨਵੇਂ ਖੇਤੀ ਕਾਨੂੰਨਾਂ ਪ੍ਰਤੀ ਜਤਾਏ ਗਏ ਖ਼ਦਸ਼ਿਆਂ ਨੂੰ ਦੂਰ ਕਰਕੇ ਇਨ੍ਹਾਂ ਨੂੰ ਲਾਗੂ ਕਰਨਾ ਚਾਹੀਦਾ ਹੈ। ਭਾਰਤੀ ਕਿਸਾਨ ਸੰਘ ਦੇ ਸੀਨੀਅਰ ਲੀਡਰ ਯੁਗਲ ਕਿਸ਼ੋਰ ਮਿਸ਼ਰਾ ਨੇ ਕਿਹਾ ਹੈ ਕਿ ਮੰਗਾਂ ਮਨਵਾਉਣ ਲਈ ਦੇਸ਼ ਵਿਆਪੀ ਧਰਨਾ 8 ਸਤੰਬਰ ਨੂੰ ਦਿੱਤਾ ਜਾਵੇਗਾ। ਮੋਦੀ ਸਰਕਾਰ ਨੂੰ ਮੰਗਾਂ ਮੰਨਣ ਲਈ 31 ਅਗਸਤ ਤੱਕ ਦਾ ਸਮਾਂ ਦਿੱਤਾ ਗਿਆ ਸੀ। ਸਰਕਾਰ ਤੋਂ ਹਾਂ-ਪੱਖੀ ਹੁੰਗਾਰਾ ਨਾ ਮਿਲਣ ’ਤੇ ਅਸੀਂ 8 ਸਤੰਬਰ ਨੂੰ ਧਰਨਾ ਦੇਵਾਂਗੇ। ਉਨ੍ਹਾਂ ਕਿਹਾ ਕਿ ਉਸ ਦਿਨ ਸਾਰੇ ਜ਼ਿਲ੍ਹਾ ਹੈੱਡਕੁਆਰਟਰਾਂ ’ਤੇ ਪ੍ਰੈੱਸ ਕਾਨਫਰੰਸਾਂ ਕਰਕੇ ਲੋਕਾਂ ਨੂੰ ਕਿਸਾਨਾਂ ਦੀ ਤਰਸਯੋਗ ਹਾਲਤ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਇਸ ਮਗਰੋਂ ਭਵਿੱਖ ਦੀ ਰਣਨੀਤੀ ਬਾਰੇ ਕੋਈ ਫ਼ੈਸਲਾ ਲਿਆ ਜਾਵੇਗਾ।

Comment here