ਪੁਲੀਸ ਨੇ ਦੋ ਮੁਸਲਮਾਨਾਂ ਨੂੰ ਹਿਰਾਸਤ ਵਿੱਚ ਲਿਆ
ਗ੍ਰਹਿ ਮੰਤਰਾਲੇ ਨੇ ਐੱਨਆਈਏ ਟੀਮ ਉਦੈਪੁਰ ਭੇਜੀ
ਮੁਲਜ਼ਮਾਂ ਨੇ ਕਿਹਾ- ਇਸਲਾਮ ਦੇ ਅਪਮਾਨ ਦਾ ਬਦਲਾ ਲਿਆ
ਉਦੈਪੁਰ-ਇੱਥੋਂ ਦੇ ਭੀੜ-ਭੜੱਕੇ ਵਾਲੇ ਇਲਾਕੇ ਵਿੱਚ ਬੀਤੇ ਦਿਨੀਂ ਦਿਨ-ਦਿਹਾੜੇ ਇੱਕ ਦਰਜੀ ਦਾ ਕਤਲ ਕੀਤੇ ਜਾਣ ਮਗਰੋਂ ਦੋ ਵਿਅਕਤੀਆਂ ਵੱਲੋਂ ਸੋਸ਼ਲ ਮੀਡੀਆ ’ਤੇ ਇਸ ਦੀ ਜ਼ਿੰਮੇਵਾਰੀ ਲੈਣ ਤੋਂ ਬਾਅਦ ਰਾਜਸਥਾਨ ਦੇ ਇਸ ਸ਼ਹਿਰ ਵਿੱਚ ਤਣਾਅ ਪੈਦਾ ਹੋ ਗਿਆ। ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਉਦੈਪੁਰ ਦੇ ਸੱਤ ਥਾਣਿਆਂ ਅਧੀਨ ਆਉਂਦੇ ਖੇਤਰਾਂ ਵਿੱਚ ਰਾਤ ਅੱਠ ਵਜੇ ਤੋਂ ਧਾਰਾ 144, ਕਰਫਿਊ ਲਾਉਣ ਅਤੇ 24 ਘੰਟਿਆਂ ਲਈ ਇੰਟਰਨੈੱਟ ਸੇਵਾਵਾਂ ਬੰਦ ਕਰਨ ਦਾ ਐਲਾਨ ਕੀਤਾ ਹੈ। ਇਸ ਦੌਰਾਨ ਗ੍ਰਹਿ ਮੰਤਰਾਲੇ ਨੇ ਐੱਨਆਈਏ ਟੀਮ ਉਦੈਪੁਰ ਭੇਜ ਦਿੱਤੀ ਹੈ। ਮੁਲਜ਼ਮਾਂ ਨੇ ਵੀਡੀਓ ਵਿੱਚ ਦਾਅਵਾ ਕੀਤਾ ਕਿ ਉਨ੍ਹਾਂ ਨੇ ਇਸ ਕਤਲ ਨਾਲ ਇਸਲਾਮ ਦੇ ਅਪਮਾਨ ਦਾ ਬਦਲਾ ਲੈ ਲਿਆ ਹੈ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵੀ ਧਮਕੀ ਦਿੱਤੀ। ਪੁਲੀਸ ਨੇ ਇਸ ਮਾਮਲੇ ਵਿੱਚ ਉਦੈਪੁਰ ਦੇ ਗੁਆਂਢੀ ਜ਼ਿਲ੍ਹੇ ਰਾਜਸਮੰਡ ਦੇ ਭੀਮ ਖੇਤਰ ਤੋਂ ਦੋ ਜਣਿਆਂ ਨੂੰ ਹਿਰਾਸਤ ਵਿੱਚ ਲਿਆ ਹੈ। ਪੁਲੀਸ ਨੇ ਦੱਸਿਆ ਕਿ ਪੀੜਤ ਦੀ ਪਛਾਣ ਕਨ੍ਹਈਆ ਲਾਲ ਵਜੋਂ ਹੋਈ ਹੈ। ਉਹ ਦਰਜੀ ਦਾ ਕੰਮ ਕਰਦਾ ਸੀ। ਦੋਵੇਂ ਹਮਲਾਵਰ ਸ਼ਹਿਰ ਦੇ ਧਾਨ ਮੰਡੀ ਇਲਾਕੇ ਵਿੱਚ ਉਸ ਦੀ ਦੁਕਾਨ ਵਿੱਚ ਦਾਖ਼ਲ ਹੋਏ ਅਤੇ ਤੇਜ਼ਧਾਰ ਹਥਿਆਰ ਨਾਲ ਉਸ ਦਾ ਗਲਾ ਰੇਤ ਦਿੱਤਾ। ਦੋਵੇਂ ਵਿਅਕਤੀ ਮੌਕੇ ਤੋਂ ਫ਼ਰਾਰ ਹੋ ਗਏ ਅਤੇ ਬਾਅਦ ਵਿੱਚ ਸੋਸ਼ਲ ਮੀਡੀਆ ’ਤੇ ਵੀਡੀਓ ਕਲਿੱਪ ਸਾਂਝੀ ਕੀਤੀ, ਜੋ ਵਾਇਰਲ ਹੋ ਰਹੀ ਹੈ। ਸੂਤਰਾਂ ਦਾ ਕਹਿਣਾ ਹੈ ਕਿ ਕਨ੍ਹਈਆ ਲਾਲ ਨੇ ਭਾਜਪਾ ਦੀ ਸਾਬਕਾ ਆਗੂ ਨੂਪੁਰ ਸ਼ਰਮਾ ਵੱਲੋਂ ਪੈਗੰਬਰ ਮੁਹੰਮਦ ਬਾਰੇ ਕੀਤੀ ਵਿਵਾਦਤ ਟਿੱਪਣੀ ਦਾ ਸੋਸ਼ਲ ਮੀਡੀਆ ’ਤੇ ਸਮਰਥਨ ਕੀਤਾ ਸੀ, ਜਿਸ ਕਾਰਨ ਉਸ ਦਾ ਕਤਲ ਕੀਤਾ ਗਿਆ ਹੈ। ਕਤਲ ਸਬੰਧੀ ਵੀਡੀਓ ਵਾਇਰਲ ਹੋਣ ਮਗਰੋਂ ਉਦੈਪੁਰ ਵਿੱਚ ਤਣਾਅ ਪੈਦਾ ਹੋ ਗਿਆ। ਸਥਾਨਕ ਦੁਕਾਨਦਾਰਾਂ ਨੇ ਦੁਕਾਨਾਂ ਬੰਦ ਕਰ ਦਿੱਤੀਆਂ।ਮੁੱਖ ਮੰਤਰੀ ਗਹਿਲੋਤ ਨੇ ਇਸ ਘਟਨਾ ਦੀ ਨਿਖੇਧੀ ਕਰਦਿਆਂ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ।
Comment here