ਕਪੂਰਥਲਾ- ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਆਬਜਰਵਰਾਂ , ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਅਤੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਹਾਜ਼ਰੀ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਚੋਣ ਅਮਲੇ ਦੀ ਤਾਇਨਾਤੀ ਲਈ ਤੀਜੀ ਰੈਂਡਮਾਈਜ਼ੇਸ਼ਨ ਕੀਤੀ ਗਈ। ਇਹਨ੍ਹਾਂ ਆਬਜ਼ਰਵਰਾਂ ਵਿੱਚ ਖਰਚਾ ਆਬਜ਼ਰਵਰ ਆਸ਼ੀਸ਼ ਕੁਮਾਰ,ਓਮ ਪ੍ਰਕਾਸ਼ ਯਾਦਵ ਅਤੇ ਮੁਹੰਮਦ ਮਨਜ਼ਾਰੁਲ ਹਸਨ ਤੋਂ ਇਲਾਵਾ ਡੀ.ਐਚ ਪਰਮਾਰ ਪੁਲਿਸ ਆਬਜ਼ਰਵਰ ,ਜਨਰਲ ਆਬਜ਼ਰਵਰ ਸੁਧਾਕਰ ਬਾਪੂ ਰਾਓ ਤੇਲਾਂਗ, ਅਸ਼ਵਨੀ ਕੁਮਾਰ ਯਾਦਵ ਅਤੇ ਸ਼ਿਵਰਾਜ ਐਸ ਪਾਟਿਲ ਤੋਂ ਇਲਾਵਾ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਦੀ ਮੌਜੂਦਗੀ ਵਿੱਚ ਹੋਈ।। ਇਹ ਰੈਂਡਮਾਈਜ਼ੇਸ਼ਨ ਕੇਂਦਰ ਅਤੇ ਰਾਜ ਸਰਕਾਰਾਂ, ਬੈਂਕਾਂ ਅਤੇ ਜਨਤਕ ਖੇਤਰ ਦੇ ਅਦਾਰਿਆਂ ਦੇ ਲਗਭਗ 3800 ਤੋਂ ਵੱਧ ਕਰਮਚਾਰੀਆਂ ਦੀ ਤਾਇਨਾਤੀ ਲਈ ਆਯੋਜਿਤ ਕੀਤੀ ਗਈ, ਜਿਨ੍ਹਾਂ ਨੂੰ ਚੋਣਾਂ ਦੌਰਾਨ ਕਈ ਡਿਊਟੀਆਂ ਸੌਂਪੀਆਂ ਗਈਆਂ ਹਨ। ਚੋਣਾਂ ਵਿੱਚ ਲੋੜ ਅਨੁਸਾਰ ਮੁਲਾਜ਼ਮਾਂ ਨੂੰ ਕਾਊਂਟਿੰਗ, ਪੋਲਿੰਗ ਅਤੇ ਸਹਾਇਕ ਸਟਾਫ਼ ਵਜੋਂ ਅਤੇ ਮਾਈਕਰੋ-ਆਬਜ਼ਰਵਰਾਂ ਦੇ ਤੌਰ ‘ਤੇ ਸੇਵਾਵਾਂ ਲੈਣ ਲਈ ਵੀ ਡਿਊਟੀਆਂ ਲਗਾਈਆਂ ਗਈਆਂ ਹਨ। ਰੈਂਡਮਾਈਜ਼ੇਸ਼ਨ ਦਾ ਉਦੇਸ਼ 20 ਫਰਵਰੀ ਨੂੰ ਹੋਣ ਵਾਲੇ ਪੋਲਿੰਗ ਪ੍ਰੋਗਰਾਮ ਲਈ ਸਟਾਫ਼ ਨੂੰ ਡਿਊਟੀਆਂ ਸੌਂਪਣਾ ਸੀ। ਇਹ ਰੈਂਡਮਾਈਜ਼ੇਸ਼ਨ ਜ਼ਿਲ੍ਹੇ ਦੇ ਪੋਲਿੰਗ ਬੂਥਾਂ ‘ਤੇ ਪੋਲਿੰਗ ਪਾਰਟੀਆਂ ਦੀ ਤਾਇਨਾਤੀ ਲਈ ਕੀਤੀ ਗਈ ਸੀ। ਚੋਣਾਂ ਦੌਰਾਨ ਕਈ ਕਰਮਚਾਰੀਆਂ ਨੂੰ ਪ੍ਰੀਜ਼ਾਈਡਿੰਗ ਅਫ਼ਸਰ (ਪੀ.ਆਰ.ਓ), ਪੋਲਿੰਗ ਅਫ਼ਸਰ (ਪੀ.ਓ) ਵਜੋਂ ਤਾਇਨਾਤ ਕੀਤਾ ਗਿਆ ਹੈ ਅਤੇ 10 ਮਾਰਚ ਨੂੰ ਹੋਣ ਵਾਲੀ ਗਿਣਤੀ ਲਈ ਲੋੜੀਂਦਾ ਸਟਾਫ਼ ਵੀ ਤਾਇਨਾਤ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਪੋਲਿੰਗ ਸਟਾਫ਼ ਅਤੇ ਰਿਟਰਨਿੰਗ ਅਫ਼ਸਰ ਦੇ ਸਹਾਇਕ ਸਟਾਫ਼ ਸਮੇਤ 3800 ਤੋਂ ਵੱਧ ਮੁਲਾਜ਼ਮ ਚੋਣ ਡਿਊਟੀਆਂ ‘ਤੇ ਤਾਇਨਾਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਚੋਣਾਂ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ ਅਨੁਪਮ ਕਲੇਰ , ਵਧੀਕ ਡਿਪਟੀ ਕਮਿਸ਼ਨਰ ਵਿਕਾਸ ਐਸ ਪੀ ਆਂਗਰਾ ਤੇ ਹੋਰ ਹਾਜਰ ਸਨ।
Comment here