ਸਿਆਸਤਖਬਰਾਂ

ਕਰਜ਼ ਮਾਫੀ ਨੂੰ ਲੈ ਕੇ ਕਿਸਾਨਾਂ ਦਾ ਪੇਚਾ ਹੁਣ ਚੰਨੀ ਸਰਕਾਰ ਨਾਲ

ਚੰਨੀ ਨੇ ਮੋਦੀ ਸਰਕਾਰ ਤੋਂ ਮੰਗੀ ਮਦਦ

ਰਣਦੀਪ ਨੇ 113 ਫਸਲਾਂ ਤੇ ਐਮ ਐਸ ਪੀ ਦੇਣ ਦਾ ਕੀਤਾ ਵਾਅਦਾ

ਜਲੰਧਰ- ਮੋਦੀ ਸਰਕਾਰ ਨੇ ਕਿਸਾਨਾਂ ਦੀ ਮੁੱਖ ਮੰਗ ਖੇਤੀ ਕਨੂੰਨ ਰੱਦ ਕਰਨਾ ਮੰਨ ਲਿਆ ਹੈ, ਐਮ ਐਸ ਪੀ ਲਈ ਸੰਯੁਕਤ ਕਿਸਾਨ ਮੋਰਚੇ ਤੋਂ ਪੰਜ ਮੈਂਬਰਾਂ ਦੇ ਨਾਮ ਮੰਗ ਲਏ ਹਨ। ਕਿਸਾਨ ਅੰਦੋਲਨ ਦੀ ਅਗਵਾਈ ਕਰਨ ਵਾਲੀਆਂ ਧਿਰਾਂ ਨੇ ਫੇਰ ਵੀ ਐਲਾਨ ਕੀਤਾ ਹੋਇਆ ਹੈ ਕਿ ਸਾਰੀਆਂ ਮੰਗਾਂ ਮੰਨੇ ਜਾਣ ਤੱਕ ਅੰਦੋਲਨ ਜਾਰੀ ਰਹੇਗਾ, ਭਾਰਤ ਕਿਸਾਨ ਸਿੱਧੂਪੁਰਾ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਹੈ ਕਿ ਜਦੋਂ ਤੱਕ ਐਮ ਐਸ ਪੀ ਨਹੀਂ ਮਿਲਦੀ ਤੇ ਸਾਡੇ ਤੇ ਦਰਜ ਕੇਸ ਵਾਪਸ ਨਹੀਂ ਹੁੰਦੇ, ਉਦੋਂ ਤੱਕ ਅੰਦੋਲਨ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਪੀਐਮ ਨਰਿੰਦਰ ਮੋਦੀ ਨੇ 2011 ਵਿੱਚ MSP ਲਾਗੂ ਕਰਨ ਦੀ ਸਿਫਾਰਸ਼ ਕੀਤੀ ਸੀ। ਮੋਦੀ ਓਦੋਂ ਗ਼ਲਤ ਸੀ ਜਾਂ ਅੱਜ ਗ਼ਲਤ ਹੈ। ਇਸ ਬਾਰੇ ਸਪਸ਼ਟ ਕੀਤਾ ਜਾਵੇ। ਡੱਲੇਵਾਲ ਨੇ ਕਿਹਾ ਕਿ ਜੋ ਮੋਦੀ ਨੇ ਰਿਪੋਰਟ ਤਿਆਰ ਕੀਤੀ ਸੀ, ਬੱਸ ਉਸ ਨੂੰ ਲਾਗੂ ਕਰ ਦੇਵੇ। ਉਨ੍ਹਾਂ ਨੇ ਕਿਹਾ ਕਿ ਕੇਂਦਰ ਤੋਂ ਬਾਅਦ ਪੰਜਾਬ ਸਰਕਾਰ ਤਿਆਰ ਰਹੇ। ਅਸੀਂ ਕਰਜ਼ ਪੰਜਾਬ ਸਰਕਾਰ ਤੋਂ ਮਾਫ ਕਰਵਾਉਣਾ ਹੈ, ਉਹ ਪੈਸੇ ਦਾ ਇੰਤਜ਼ਾਮ ਜਿੱਥੋਂ ਮਰਜ਼ੀ ਕਰੇ। ਕਰਜ਼ ਮਾਫ਼ੀ ਦਾ ਵਾਅਦਾ ਪੰਜਾਬ ਨੇ ਕੀਤਾ ਸੀ, ਪੰਜਾਬ ਹੀ ਇਸ ਨੂੰ ਪੂਰਾ ਕਰੇ।

ਕਿਸਾਨਾਂ ਦੀ ਚੇਤਾਵਨੀ ਮਗਰੋਂ ਚੰਨੀ ਨੇ ਮੋਦੀ ਸਰਕਾਰ ਤੋਂ ਮੰਗੀ ਮਦਦ

ਕਿਸਾਨਾਂ ਵਲੋਂ ਕਰਜ਼ ਮਾਫੀ ਲਈ  ਪੰਜਾਬ ਸਰਕਾਰ ਨੂੰ ਚਿਤਾਵਨੀ ਦੇਣ ਮਗਰੋੰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਮਦਦ ਮੰਗੀ ਹੈ। ਉਨ੍ਹਾਂ ਨੇ ਕਿਸਾਨਾਂ ਦੀ ਕਰਜ਼ਾ ਮੁਆਫੀ ਨੂੰ ਲੈ ਕੇ ਪ੍ਰਧਾਨ ਮੰਤਰੀ ਮੋਦੀ ਨੂੰ ਪੱਤਰ ਲਿਖਿਆ ਹੈ। ਉਨ੍ਹਾਂ ਲਿਖਿਆ ਹੈ ਕਿ ਪੰਜਾਬ ਦੇ ਕਿਸਾਨਾਂ ਸਿਰ ਕਰੀਬ 90 ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਹੈ। ਸੂਬਾ ਸਰਕਾਰ ਇਸ ਨੂੰ ਮੁਆਫ਼ ਕਰਕੇ ਖੁਦ ਵਿੱਤੀ ਬੋਝ ਝੱਲਣ ਦੇ ਸਮਰੱਥ ਨਹੀਂ। ਇਸ ਲਈ ਕੇਂਦਰ ਸਰਕਾਰ ਵਿੱਤੀ ਮਦਦ ਕਰੇ। 2017 ਦੀਆਂ ਚੋਣਾਂ ਤੋਂ ਪਹਿਲਾਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਨਾਲ ਸਾਰਾ ਕਰਜ਼ਾ ਮੁਆਫ਼ੀ ਦਾ ਵਾਅਦਾ ਕੀਤਾ ਸੀ। ਪੰਜ ਸਾਲ ਬੀਤਣ ਵਾਲੇ ਹਨ ਪਰ ਉਹ ਵਾਅਦਾ ਪੂਰਾ ਨਹੀਂ ਕੀਤਾ ਗਿਆ। ਹੁਣ ਤੱਕ ਪੰਜਾਬ ਸਰਕਾਰ ਨੇ ਸਿਰਫ ਦੋ ਲੱਖ ਰੁਪਏ ਤੱਕ ਦੇ 4600 ਕਰੋੜ ਰੁਪਏ ਕਰਜ਼ੇ ਹੀ ਮੁਆਫ਼ ਕੀਤੇ ਹਨ। ਕਿਸਾਨਾਂ ਦੀ ਮੰਗ ਹੈ ਕਿ ਸਾਰਾ ਕਰਜ਼ ਮਾਫ ਕੀਤਾ ਜਾਵੇ।

ਜੇ ਕੇਂਦਰ ਨਾ ਮੰਨੀ ਤਾਂ ਸੂਬਾ ਸਰਕਾਰ ਦੇਵੇਗੀ 113 ਫਸਲਾਂ ‘ਤੇ ਐਮ ਐਸ ਪੀ-ਰਣਦੀਪ

ਪੰਜਾਬ ਦੇ ਖੇਤੀਬਾੜੀ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਨੇ ਕਿਹਾ ਹੈ ਕਿ ਜੇ ਕੇਂਦਰ ਸਰਕਾਰ ਕਿਸਾਨਾਂ ਨੂੰ MSP ਨਹੀਂ ਦਿੰਦੀ ਤਾਂ ਪੰਜਾਬ ਸਰਕਾਰ ਕਿਸਾਨਾਂ ਨੂੰ 113 ਫਸਲਾਂ ‘ਤੇ ਐਮ ਐਸ ਪੀ ਦੇਵੇਗੀ। ਇਸ ਤੋਂ ਇਲਾਵਾ ਉਨ੍ਹਾਂ ਨੇ ਇਹ ਵੀ ਦਾਅਵਾ ਕੀਤਾ ਕਿ ਉਨ੍ਹਾਂ ਦੀ ਕੇਂਦਰੀ ਮੰਤਰੀ ਦੇ ਨਾਲ ਗੱਲਬਾਤ ਹੋਈ ਸੀ ਜਿਸ ਦੌਰਾਨ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਅਸੀਂ ਕਿਸਾਨਾਂ ਦੀਆਂ ਇਹ ਮੰਗਾਂ ਜ਼ਰੂਰ ਮੰਨਾਂਗੇ। ਖੇਤੀਬਾੜੀ ਮੰਤਰੀ ਨੇ ਇਹ ਵੀ ਭਰੋਸਾ ਦਿਵਾਇਆ ਕਿ ਕਿਸਾਨਾਂ ਦੀਆਂ ਬਾਕੀ ਰਹਿੰਦੀਆਂ ਮੰਗਾਂ ਵੀ ਆਉਣ ਵਾਲੇ ਦਿਨਾਂ ਵਿਚ ਕੇਂਦਰ ਸਰਕਾਰ ਮੰਨ ਲਵੇਗੀ। ਕਿਸਾਨਾਂ ਨੂੰ ਖੇਤੀਬਾੜੀ ਮੰਤਰੀ ਨੇ ਇਹ ਵੀ ਦਾਅਵਾ ਕੀਤਾ ਕਿ ਜਲਦ ਹੀ ਸੱਤ ਸਾਲਾਂ ਲਈ ਵਿਜ਼ਨ ਡਾਕੂਮੈਂਟ ਪੇਸ਼ ਕੀਤਾ ਜਾਵੇਗਾ।ਕਿਸਾਨਾਂ ਨੂੰ ਝੋਨੇ ਤੇ ਕਣਕ ਦੀ ਫ਼ਸਲ ਤੋਂ ਬਦਲ ਮਿਲੇਗਾ।ਰਣਦੀਪ ਸਿੰਘ ਨਾਭਾ ਨੇ ਕਿਹਾ ਕਿ ਪਿਛਲੇ 25 ਸਾਲਾਂ ਤੋਂ ਖੇਤੀਬਾੜੀ ਸੈਕਟਰ ਨੂੰ ਨਜ਼ਰਅੰਦਾਜ਼ ਕੀਤਾ ਗਿਆ ਸੀ ਪਰ ਹੁਣ ਕਿਸਾਨਾਂ ਹਰ ਮੁਸ਼ਕਿਲ ਦਾ ਹੱਲ ਦੇਵਾਂਗੇ।

ਕਿਸਾਨਾਂ ਦਾ ਕਰਜ਼ਾ ਮੁਆਫ ਕਰਨਾ ਚੰਨੀ ਸਰਕਾਰ ਦਾ ਫਰਜ਼-ਸੁਖਬੀਰ

ਕਿਸਾਨੀ ਕਰਜ਼ੇ ਤੇ ਚੱਲ ਰਹੀ ਸਿਆਸਤ ਚ ਸ਼ਾਮਲ ਹੁੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਮੁੱਖ ਮੰਤਰੀ ਚੰਨੀ ਨੇ ਮੰਨ ਲਿਆ ਹੈ ਕਿ ਕਾਂਗਰਸ ਸਰਕਾਰ ਦਾ ਪਵਿੱਤਰ ਗੁਟਕਾ ਸਾਹਿਬ ਦੀ ਸਹੁੰ ਚੁੱਕ ਕੇ ਕਿਸਾਨਾਂ ਦੇ 90 ਹਜ਼ਾਰ ਕਰੋੜ ਰੁਪਏ ਦੇ ਪੂਰਨ ਕਰਜ਼ਾ ਮੁਆਫੀ ਦੇ ਕੀਤੇ ਵਾਅਦੇ ਨੁੰ ਪੂਰਾ ਕਰਨ ਦਾ ਕੋਈ ਇਰਾਦਾ ਨਹੀਂ ਹੈ ਤੇ ਉਹਨਾਂ ਨੇ ਚੰਨੀ ’ਤੇ ਆਪਣੇ ਵਾਅਦੇ ਤੋਂ ਭੱਜਣ ਲਈ ਜ਼ਿੰਮੇਵਾਰੀ ਕੇਂਦਰ ਸਰਕਾਰ ਸੁੱਟਣ ਵਾਸਤੇ ਤਰਕੀਬਾਂ ਲਾਉਣ ਤੇ ਧੋਖੇਬਾਜ਼ੀ ਕਰਨ ਦਾ ਦੋਸ਼ ਲਗਾਇਆ। ਮੁੱਖ ਮੰਤਰੀ ਵੱਲੋਂ ਪ੍ਰਧਾਨ ਮੰਤਰੀ ਨੁੰ ਪੱਤਰ ਲਿਖਣ ’ਤੇ ਪ੍ਰਤੀਕਰਮ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਇਹ ਸਪਸ਼ਟ ਹੋ ਗਿਆ ਹੈ ਕਿ ਪੰਜਾਬ ਕਾਂਗਰਸ ਪੰਜਾਬ ਦੇ ਕਿਸਾਨਾਂ ਨੂੰ  ਦੋਹਰਾ ਝਟਕਾ ਦੇਣਾ ਚਾਹੁੰਦੀ ਹੈ। 2017 ਦੀਆਂ ਚੋਣਾਂ ਵੇਲੇ ਉਸ ਵੇਲੇ ਦੇ ਪ੍ਰਦੇਸ਼ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਨੂੰ ਇਸ ਝਾਂਸੇ ਵਿਚ ਫਸਾਇਆ ਸੀ ਕਿ ਕਾਂਗਰਸ ਸਰਕਾਰ ਉਹਨਾਂ ਦਾ ਪੂਰਾ ਕਰਜ਼ਾ ਮੁਆਫ ਕਰੇਗੀ। ਹੁਣ ਕਿਸਾਨਾਂ ਨੂੰ ਧੋਖਾ ਦੇਣ ਤੇ ਉਹਨਾਂ ਨਾਲ ਵਿਸ਼ਵਾਘਾਤ ਕਰਨ ਤੋਂ ਚੰਨੀ ਇਕ ਵਾਰ ਫਿਰ ਤੋਂ ਕਿਸਾਨਾਂ ਨੂੰ ਇਸ ਝਾਂਸੇ ਵਿਚ ਲਿਆਉਣਾ ਚਾਹੁੰਦੇ ਹਨ ਕਿ ਉਹਨਾਂ ਦਾ ਕਰਜ਼ਾ ਕੇਂਦਰ ਸਰਕਾਰ ਵੱਲੋਂ ਮੁਆਫ ਕੀਤਾ ਜਾਵੇਗਾ।
ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ’ਤੇ ਕਿਸਾਨਾਂ ਦੇ ਨਾਲ ਨਾਲ ਮਨੁੱਖਤਾ ਖਿਲਾਫ ਵੀ ਅਪਰਾਧ ਕਰਨ ਦਾ ਦੋਸ਼ ਲਗਾਇਆ ਅਤੇ ਕਿਹਾ ਕਿ ਚੰਨੀ ਦੀ ਚਿੱਠੀ ਕਾਗਜ਼ ਦੇ ਉਸ ਟੁਕੜੇ ਤੋਂ ਵੱਧ ਨਹੀਂ ਜਿਸ ’ਤੇ ਇਹ ਛਾਪੀ ਗਈ ਹੈ। ਉਹਨਾਂ ਕਿਹਾ ਕਿ ਇਹ ਗੱਲ ਰਿਕਾਰਡ ਦਾ ਹਿੱਸਾ ਹੈ ਕਿ ਕਾਂਗਰਸ ਪਾਰਟੀ ਨੇ ਹੀ ਕਿਸਾਨਾਂ ਨੁੰ ਪੂਰਨ ਕਰਜ਼ਾ ਮੁਆਫੀ ਦਾ ਵਾਅਦਾ ਕੀਤਾ ਸੀ ਨਾ ਕਿ ਕੇਂਦਰ ਸਰਕਾਰ ਨੇ ਅਜਿਹਾ ਕੀਤਾ ਸੀ। ਉਹਨਾਂ ਕਿਹਾ ਕਿ ਪੂਰਨ ਕਰਜ਼ਾ ਮੁਆਫੀ ਨੂੰ ਪੰਜਾਬ ਵਿਚ ਕਾਂਗਰਸ ਪਾਰਟੀ ਦੇ ਚੋਣ ਮਨੋਰਥ ਪੱਤਰ ਦਾ ਹਿੱਸਾ ਵੀ ਬਣਾਇਆ ਗਿਆ ਸੀ ਤੇ ਇਹ ਕਾਂਗਰਸ ਪਾਰਟੀ ਦੀ ਸਰਕਾਰ ਹੀ ਹੈ ਜਿਸਦੀ ਜ਼ਿੰਮੇਵਾਰੀ ਇਸਨੂੰ ਪੂਰਾ ਕਰਨ ਦੀ ਬਣਦੀ ਹੈ ਨਾ ਕਿ ਕੇਂਦਰ ਸਰਕਾਰ ਦੀ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਚਿੱਠੀ ਲਿਖ ਕੇ ਅੱਧੀ ਜ਼ਿੰਮੇਵਾਰੀ ਚੁੱਕਣ ਲਈ ਆਖਣਾ ਕਿਸਾਨਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕਰਨਾ ਹੈ। ਸੁਖਬੀਰ  ਬਾਦਲ ਨੇ ਮੁੱਖ ਮੰਤਰੀ ਨੂੰ ਕਿਹਾ ਕਿ ਉਹ ਪੰਜਾਬ ਦੇ ਕਿਸਾਨਾਂ ਨਾਲ ਕੀਤੇ ਪਵਿੱਤਰ ਵਾਅਦੇ ਨੁੰ ਪੂਰਾ ਕਰਨ ਤੋਂ ਨਾ ਭੱਜਣ। ਉਹਨਾਂ ਕਿਹਾ ਕਿ ਮੁੱਖ ਮੰਤਰੀ ਨੇ ਆਪਣੀ ਚਿੱਠੀ ਵਿਚ ਮੰਨਿਆ ਹੈ ਕਿ ਕਾਂਗਰਸ ਸਰਕਾਰ ਨੇ ਹਜ਼ਾਰਾਂ ਕਿਸਾਨਾਂ ਨੁੰ ਖੁਦਕੁਸ਼ੀਆਂ ਦੇ ਰਾਹ ਪਾਇਆ ਕਿਉਂਕਿ ਉਹ ਆਪਣੇ ਕੀਤੇ ਵਾਅਦੇ ਮੁਤਾਬਕ ਕਿਸਾਨਾਂ ਦਾ ਪੂਰਨ ਕਰਜ਼ਾ ਮੁਆਫ ਨਹੀਂ ਕਰ ਸਕੀ। ਉਹਨਾਂ ਕਿਹਾ ਕਿ ਚੰਨੀ ਨੇ ਇਹ ਵੀ ਮੰਨਿਆ ਹੈ ਕਿ ਕਿਸਾਨਾਂ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਤੇ ਉਹਨਾਂ ਤੋਂ ਵਸੂਲੀਆਂ ਕੀਤੀਆਂ ਜਾ ਰਹੀਆਂ ਹਨ। ਸੁਖਬੀਰ ਬਾਦਲ ਨੇ ਕਿਹਾ ਕਿ ਅਕਾਲੀ ਦਲ ਨੇ ਹਮੇਸ਼ਾ ਇਹ ਜ਼ੋਰ ਦਿੱਤਾ ਹੈ ਕਿ ਕਾਂਗਰਸ ਪਾਰਟੀ ਝੂਠੇ ਇਨਸਾਨਾਂ ਦੀ ਪਾਰਟੀ ਹੈ।

 

Comment here