ਸਿਆਸਤਖਬਰਾਂਚਲੰਤ ਮਾਮਲੇ

ਕਰਤਾਰਪੁਰ ਲਾਂਘੇ ਲਈ ਰਮੇਸ਼ ਸਿੰਘ ਅਰੋੜਾ ਵਿਸ਼ੇਸ਼ ਦੂਤ ਨਿਯੁਕਤ

ਇਸਲਾਮਾਬਾਦ-ਕਰਤਾਰਪੁਰ ਕੋਰੀਡੋਰ ਸਿੱਖ ਅਸਥਾਨਾਂ ਦੀ ਸੁਰੱਖਿਆ ਅਤੇ ਭਲਾਈ ਨਾਲ ਜੁੜਿਆ ਹੋਇਆ ਹੈ। 2019 ਵਿੱਚ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਇਕ ਸਮਾਰੋਹ ਦੌਰਾਨ ਕਰਤਾਰਪੁਰ ਕੋਰੀਡੋਰ ਦਾ ਰਸਮੀ ਉਦਘਾਟਨ ਕੀਤਾ ਸੀ।ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਦੁਨੀਆ ਭਰ ਦੇ ਸਿੱਖ ਸ਼ਰਧਾਲੂਆਂ ਨੂੰ ਆਕਰਸ਼ਿਤ ਕਰਨ ਲਈ ਕਰਤਾਰਪੁਰ ਲਾਂਘੇ ਲਈ ਰਮੇਸ਼ ਸਿੰਘ ਅਰੋੜਾ ਨੂੰ ਵਿਸ਼ੇਸ਼ ਦੂਤ ਨਿਯੁਕਤ ਕੀਤਾ ਹੈ। ਇਹ ਜਾਣਕਾਰੀ ਬੁੱਧਵਾਰ ਨੂੰ ਇਕ ਸਰਕਾਰੀ ਨੋਟੀਫਿਕੇਸ਼ਨ ’ਚ ਦਿੱਤੀ ਗਈ। ਨੋਟੀਫਿਕੇਸ਼ਨ ‘ਚ ਕਿਹਾ ਗਿਆ ਹੈ ਕਿ ਪ੍ਰਮੁੱਖ ਸਿੱਖ ਆਗੂ ਆਨਰੇਰੀ ਵਜੋਂ ਸੇਵਾਵਾਂ ਨਿਭਾਉਣਗੇ। ਨਾਰੋਵਾਲ ਦੇ ਕਰਤਾਰਪੁਰ ਦੇ ਰਹਿਣ ਵਾਲੇ ਅਰੋੜਾ ਪਾਕਿਸਤਾਨ ਮੁਸਲਿਮ ਲੀਗ (ਐੱਨ) ਦੇ ਘੱਟ ਗਿਣਤੀ ਸੈੱਲ ਦੇ ਕੇਂਦਰੀ ਜਨਰਲ ਸਕੱਤਰ ਵੀ ਹਨ।
ਅਰੋੜਾ ਦਾ ਪਰਿਵਾਰ, ਜਿਨ੍ਹਾਂ ਨੂੰ ਵਿਸ਼ੇਸ਼ ਦੂਤ (ਅੰਬੈਸਡਰ-ਐਟ-ਲਾਰਜ) ਨਿਯੁਕਤ ਕੀਤਾ ਗਿਆ ਹੈ, ਕਰਤਾਰਪੁਰ ਵਿਖੇ ਸਿੱਖ ਪਵਿੱਤਰ ਅਸਥਾਨਾਂ ਦੀ ਸੁਰੱਖਿਆ ਅਤੇ ਭਲਾਈ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਦੀ ਨਿਯੁਕਤੀ ਇਸ ਲਈ ਕੀਤੀ ਗਈ ਹੈ ਕਿਉਂਕਿ ਕਰਤਾਰਪੁਰ ਲਾਂਘਾ ਖੁੱਲ੍ਹਣ ਤੋਂ ਬਾਅਦ ਪਾਕਿਸਤਾਨ ਸਰਕਾਰ ਨੂੰ ਭਾਰਤ ਤੋਂ ਸ਼ਰਧਾਲੂਆਂ ਦੀ ਜਿੰਨੀ ਗਿਣਤੀ ਦੀ ਉਮੀਦ ਸੀ, ਓਨੀ ਆ ਨਹੀਂ ਰਹੀ।
ਜ਼ਿਕਰਯੋਗ ਹੈ ਕਿ ਕਰਤਾਰਪੁਰ ਕੋਰੀਡੋਰ ਪਾਕਿਸਤਾਨ ਦੇ ਗੁਰਦੁਆਰਾ ਦਰਬਾਰ ਸਾਹਿਬ ਨੂੰ ਭਾਰਤ ਦੇ ਪੰਜਾਬ ਸੂਬੇ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਡੇਰਾ ਬਾਬਾ ਨਾਨਕ ਗੁਰਦੁਆਰਾ ਨਾਲ ਜੋੜਦਾ ਹੈ। ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਆਪਣੇ ਜੀਵਨ ਦੇ ਆਖ਼ਰੀ ਸਾਲਾਂ ਵਿੱਚ ਕਰਤਾਰਪੁਰ ਵਿਖੇ ਠਹਿਰੇ ਸਨ। 4 ਕਿਲੋਮੀਟਰ ਲੰਬਾ ਕੋਰੀਡੋਰ ਭਾਰਤੀ ਸਿੱਖ ਸ਼ਰਧਾਲੂਆਂ ਨੂੰ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਵੀਜ਼ਾ-ਮੁਕਤ ਪਹੁੰਚ ਪ੍ਰਦਾਨ ਕਰਦਾ ਹੈ।

Comment here