ਚੰਡੀਗੜ੍ਹ– ਖੇਤੀ ਕਨੂੰਨਾਂ ਖਿਲਾਫ ਚੱਲ ਰਹੇ ਕਿਸਾਨ ਅੰਦੋਲਨ ਤਹਿਤ ਸਿਆਸੀ ਪਾਰਟੀਆਂ ਦੇ ਵਿਰੋਧ ਕਾਰਨ ਆਏ ਦਿਨ ਕਿਸਾਨਾਂ ਦਾ ਘਿਰਾਓ ਤੇ ਪੁਲਸ ਦਾ ਲਾਠੀਚਾਰਜ ਹੋ ਰਿਹਾ ਹੈ, ਹਾਲ ਚ ਹੀ ਵਾਪਰੇ ਕਰਨਾਲ ਅਤੇ ਮੋਗਾ ਕਾਂਡ ਵਿਰੋਧ ‘ਚ ਅੱਜ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਵੱਲੋਂ ਪੰਜਾਬ ਭਵਨ ਸਾਹਮਣੇ ਪ੍ਰਦਰਸ਼ਨ ਕੀਤਾ ਗਿਆ , ਅਕਾਲੀ ਦਲ ਸੰਯੁਕਤ ਦੇ ਵਰਕਰਾਂ ਵੱਲੋਂ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ‘ਚ ਇਹ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨ ਦੌਰਾਨ ਪਾਰਟੀ ਦੇ ਆਗੂ ਪਰਮਿੰਦਰ ਸਿੰਘ ਢੀਂਡਸਾ ਅਤੇ ਕਰਨੈਲ ਸਿੰਘ ਪੀ ਮੁਹੰਮਦ ਵੀ ਮੌਜੂਦ ਰਹੇ। ਇਸ ਦੌਰਾਨ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਦੀ ਅਗਵਾਈ ਹੇਠ ਵੱਡੀ ਗਿਣਤੀ ‘ਚ ਵਰਕਰ ਮੁੱਖ ਮੰਤਰੀ ਦੀ ਕੋਠੀ ਵੱਲ ਵਧ ਰਹੇ ਸਨ ਤਾਂ ਪੁਲਿਸ ਨੇ ਬੈਰੀਕੇਡ ਲਾ ਕੇ ਰੋਕ ਲਿਆ। ਵਰਕਰਾਂ ਨੇ ਰੋਕਾਂ ਤੋੜਨ ਦਾ ਯਤਨ ਕੀਤਾ ਤਾਂ ਪੁਲਿਸ ਨੇ ਪਾਣੀ ਦੀਆਂ ਬੁਛਾੜਾਂ ਛੱਡੀਆਂ। ਪਾਣੀ ਦੀਆਂ ਬੁਛਾੜਾਂ ਕਰਨ ਕਈਆਂ ਦੀਆਂ ਪੱਗਾਂ ਉਤਰ ਗਈਆਂ। ਸੰਯੁਕਤ ਅਕਾਲੀ ਦਲ ਨੇ ਕਰਨਾਲ ‘ਚ ਕਿਸਾਨਾਂ ‘ਤੇ ਹੋਏ ਲਾਠੀਚਾਰਜ ਦੇ ਵਿਰੋਧ ਵਿੱਚ ਮੁੱਖ ਮੰਤਰੀ ਮਨੋਹਰ ਲਾਲ ਦੇ ਨਿਵਾਸ ਦਾ ਘਿਰਾਓ ਕਰਨ ਦੀ ਚਿਤਾਵਨੀ ਦਿੱਤੀ ਸੀ।ਦਰਅਸਲ ਕਿਸਾਨਾਂ ‘ਤੇ ਹੋਏ ਲਾਠੀਚਾਰਜ ਦੇ ਵਿਰੋਧ ‘ਚ ਪਾਰਟੀ ਵਰਕਰਾਂ ਨੇ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀ ਦੇ ਘਰ ਦਾ ਘਿਰਾਓ ਕਰਨਾ ਸੀ। ਇਸ ਦੇ ਚੱਲਦਿਆਂ ਪਾਰਟੀ ਵਰਕਰਾਂ ਵੱਲੋਂ ਇਕ ਰੈਲੀ ਕੱਢੀ ਜਾ ਰਹੀ ਸੀ ਪਰ ਰਸਤੇ ‘ਚ ਉਨ੍ਹਾਂ ਨੂੰ ਰੋਕਣ ਲਈ ਚੰਡੀਗੜ੍ਹ ਪੁਲਸ ਨੇ ਪੁਖ਼ਤਾ ਇੰਤਜ਼ਾਮ ਕਰਦੇ ਹੋਏ ਬੈਰੀਕੇਡਿੰਗ ਕੀਤੀ ਹੋਈ ਸੀ।ਪਾਰਟੀ ਵਰਕਰਾਂ ਵੱਲੋਂ ਇਹ ਬੈਰੀਕੇਡ ਤੋੜ ਕੇ ਅੱਗੇ ਵਧਣ ਦੀ ਕੋਸ਼ਿਸ਼ ਕੀਤੀ ਗਈ, ਜਿਸ ਦੌਰਾਨ ਉਨ੍ਹਾਂ ਦੀ ਪੁਲਸ ਨਾਲ ਧੱਕਾ-ਮੁੱਕੀ ਹੋ ਹੋ ਗਈ। ਇਸ ਤੋਂ ਬਾਅਦ ਪੁਲਸ ਨੇ ਪ੍ਰਦਰਸ਼ਨਕਾਰੀਆਂ ‘ਤੇ ਜਲ ਤੋਪਾਂ ਚਲਾ ਦਿੱਤੀਆਂ, ਜਿਸ ਦੌਰਾਨ ਕਈ ਆਗੂਆਂ ਅਤੇ ਵਰਕਰਾਂ ਦੀਆਂ ਪੱਗਾਂ ਤੱਕ ਉਤਰ ਗਈਆਂ।
Comment here