ਨਵੀਂ ਦਿੱਲੀ- ਦਿੱਲੀ ਵਿੱਚ 24 ਘੰਟਿਆਂ ਵਿੱਚ 7498 ਨਵੇਂ ਮਾਮਲੇ ਸਾਹਮਣੇ ਆਏ ਹਨ। ਨਵੇਂ ਮਾਮਲਿਆਂ ਦੇ ਆਉਣ ਤੋਂ ਬਾਅਦ, ਇੱਥੇ ਸੰਕਰਮਿਤ ਲੋਕਾਂ ਦੀ ਕੁੱਲ ਗਿਣਤੀ 18,10,997 ਹੋ ਗਈ ਹੈ। ਦਿੱਲੀ ‘ਚ ਕੋਰੋਨਾ ਸੰਕਰਮਣ ਦੀ ਦਰ 10.59 ਫੀਸਦੀ ਹੈ। ਪਿਛਲੇ 24 ਘੰਟਿਆਂ ਵਿੱਚ, ਇਸ ਘਾਤਕ ਵਾਇਰਸ ਕਾਰਨ 29 ਮਰੀਜ਼ਾਂ ਦੀ ਵੀ ਮੌਤ ਹੋ ਗਈ, ਜਿਸ ਨਾਲ ਮਰਨ ਵਾਲਿਆਂ ਦੀ ਕੁੱਲ ਗਿਣਤੀ 25,710 ਹੋ ਗਈ ਹੈ। ਇਸ ਦੌਰਾਨ 11,164 ਮਰੀਜ਼ਾਂ ਨੂੰ ਠੀਕ ਹੋਣ ਤੋਂ ਬਾਅਦ ਹਸਪਤਾਲਾਂ ਤੋਂ ਛੁੱਟੀ ਦੇ ਦਿੱਤੀ ਗਈ ਹੈ ਅਤੇ ਹੁਣ ਤੱਕ ਕੁੱਲ 17,46,972 ਲੋਕ ਕੋਰੋਨਾ ਨੂੰ ਹਰਾਉਣ ਵਿੱਚ ਕਾਮਯਾਬ ਹੋ ਚੁੱਕੇ ਹਨ। ਰਾਜਧਾਨੀ ਦਿੱਲੀ ‘ਚ ਕੋਰੋਨਾ ਦੇ ਮਾਮਲੇ ‘ਚ ਗਿਰਾਵਟ ਤੋਂ ਬਾਅਦ ਹੁਣ ਆਮ ਲੋਕਾਂ ਨੂੰ ਪਾਬੰਦੀਆਂ ਤੋਂ ਰਾਹਤ ਮਿਲੀ ਹੈ। ਅੱਜ ਕੋਰੋਨਾ ਸਥਿਤੀ ‘ਤੇ ਦਿੱਲੀ ਡਿਜ਼ਾਸਟਰ ਮੈਨੇਜਮੈਂਟ ਅਥਾਰਟੀ ਦੀ ਇਕ ਅਹਿਮ ਬੈਠਕ ਹੋਈ। ਇਸ ਬੈਠਕ ‘ਚ ਵੀਕੈਂਡ ਕਰਫਿਊ ਅਤੇ ਬਾਜ਼ਾਰਾਂ ‘ਚੋਂ ਔਡ-ਈਵਨ ਸਿਸਟਮ ਨੂੰ ਖਤਮ ਕਰਨ ਦਾ ਫੈਸਲਾ ਲਿਆ ਗਿਆ ਹੈ। ਹਾਲਾਂਕਿ ਰਾਤ ਦਾ ਕਰਫਿਊ ਫਿਲਹਾਲ ਜਾਰੀ ਰਹੇਗਾ। ਇਸ ਦੇ ਨਾਲ ਹੀ ਸਿਨੇਮਾ ਹਾਲ 50 ਫੀਸਦੀ ਸਮਰੱਥਾ ਨਾਲ ਖੁੱਲ੍ਹਣਗੇ। ਵਿਆਹ ਸਮਾਗਮ ‘ਚ 200 ਲੋਕਾਂ ਦੇ ਸ਼ਾਮਲ ਹੋਣ ‘ਤੇ ਵੀ ਛੋਟ ਹੋਵੇਗੀ। ਦਿੱਲੀ ‘ਚ ਸਰਕਾਰੀ ਦਫਤਰ 50 ਫੀਸਦੀ ਸਮਰੱਥਾ ਨਾਲ ਖੁੱਲ੍ਹਣਗੇ। ਸਿੱਖਿਆ ਸੰਸਥਾਵਾਂ ਅਤੇ ਸਕੂਲ ਫਿਲਹਾਲ ਬੰਦ ਰਹਿਣਗੇ। ਬੀਤੇ ਦਿਨ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਵੀ ਸਕੂਲ ਖੋਲ੍ਹਣ ਦੀ ਗੱਲ ਕੀਤੀ ਸੀ। ਹਾਲਾਂਕਿ ਇਸ ਬਾਰੇ ਫੈਸਲਾ ਡੀਡੀਐਮਏ ਦੀ ਮੀਟਿੰਗ ਵਿੱਚ ਲਿਆ ਜਾਵੇਗਾ। ਮਨੀਸ਼ ਸਿਸੋਦੀਆ ਨੇ ਕਿਹਾ ਸੀ ਕਿ ਆਨਲਾਈਨ ਸਿੱਖਿਆ ਕਦੇ ਵੀ ਆਫਲਾਈਨ ਸਿੱਖਿਆ ਦੀ ਥਾਂ ਨਹੀਂ ਲੈ ਸਕਦੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਰਕਾਰ ਨੇ ਅਜਿਹੇ ਸਮੇਂ ਸਕੂਲਾਂ ਨੂੰ ਬੰਦ ਕਰ ਦਿੱਤਾ ਸੀ ਜਦੋਂ ਇਹ ਬੱਚਿਆਂ ਲਈ ਸੁਰੱਖਿਅਤ ਨਹੀਂ ਸਨ ਪਰ ਹੁਣ ਹੱਦੋਂ ਵੱਧ ਸਾਵਧਾਨੀ ਵਿਦਿਆਰਥੀਆਂ ਦਾ ਨੁਕਸਾਨ ਕਰ ਰਹੀ ਹੈ।
Comment here