ਅਪਰਾਧਸਿਆਸਤਖਬਰਾਂ

ਕਾਂਗਰਸ ਦਾ ‘ਸਤਿਆਗ੍ਰਹਿ’ ਰੋਕਣ ਲਈ ਕੇਂਦਰ ਨੇ ‘ਅਣਐਲਾਨੀ ਐਮਰਜੈਂਸੀ’ ਲਗਾਈ!!

ਨਵੀਂ ਦਿੱਲੀ–ਨੈਸ਼ਨਲ ਹੈਰਾਲਡ ਮਾਮਲੇ ਵਿਚ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਦੀ ਈ. ਡੀ. ਦੇ ਸਾਹਮਣੇ ਪੇਸ਼ੀ ’ਤੇ ਕਾਂਗਰਸ ਪਾਰਟੀ ਦਾ ‘ਸਤਿਆਗ੍ਰਹਿ’ ਰੋਕਣ ਲਈ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੇ ਨਵੀਂ ਦਿੱਲੀ ਇਲਾਕੇ ’ਚ ‘ਅਣਐਲਾਨੀ ਐਮਰਜੈਂਸੀ’ ਲਗਾ ਦਿੱਤੀ ਹੈ। ਰਾਹੁਲ ਗਾਂਧੀ ਦੀ ਇਨਫੋਰਸਮੈਟ ਡਾਇਰੈਕਟੋਰੇਟ ਈ. ਡੀ. ਦੇ ਸਾਹਮਣੇ ਪੇਸ਼ੀ ’ਤੇ ਪਾਰਟੀ ਦੇ ਕਈ ਸੀਨੀਅਰ ਨੇਤਾਵਾਂ ਅਤੇ ਵੱਡੀ ਗਿਣਤੀ ’ਚ ਕਾਰਕੁੰਨਾਂ ਨੇ ਪੂਰੇ ਦੇਸ਼ ’ਚ ਆਪਣੇ ਨੇਤਾ ਦੇ ਸਮਰਥਨ ’ਚ ਮਾਰਚ ਕੱਢਿਆ, ਜਿਸ ਤੋਂ ਬਾਅਦ ਪੁਲਸ ਨੇ ਕਈ ਨੇਤਾਵਾਂ ਨੂੰ ਹਿਰਾਸਤ ’ਚ ਲੈ ਲਿਆ। ਈ. ਡੀ. ਹੈੱਡਕੁਆਰਟਰ ਤੱਕ ਜਾਣ ਲਈ ਰਾਹੁਲ ਗਾਂਧੀ ਕਾਂਗਰਸ ਹੈੱਡਕੁਆਰਟਰ ਤੋਂ ਪੈਦਲ ਨਿਕਲੇ ਅਤੇ ਇਸ ਮੌਕੇ ’ਤੇ ਉਨ੍ਹਾਂ ਦੇ ਨਾਲ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ, ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ ਸਮੇਤ ਪਾਰਟੀ ਦੇ ਕਈ ਸੀਨੀਅਰ ਨੇਤਾ ਤੇ ਕਾਰਕੁੰਨ ਵੀ ਸਨ।
ਪੁਲਸ ਨੇ ਮਾਰਚ ਸ਼ੁਰੂ ਹੋਣ ਦੇ ਕੁਝ ਦੇਰ ਬਾਅਦ ਕਾਂਗਰਸ ਨੇਤਾਵਾਂ ਅਤੇ ਕਾਰਕੁੰਨਾਂ ਨੂੰ ਰੋਕ ਲਿਆ ਅਤੇ ਉਨ੍ਹਾਂ ਨੂੰ ਹਿਰਾਸਤ ’ਚ ਲੈ ਲਿਆ। ਕਾਂਗਰਸ ਅਨੁਸਾਰ ਗਹਿਲੋਤ ਪਾਰਟੀ ਦੇ ਸੰਗਠਨ ਜਨਰਲ ਸਕੱਤਰ ਕੇ. ਸੀ. ਵੇਣੁਗੋਪਾਲ, ਮੁੱਖ ਬੁਲਾਰੇ ਰਣਦੀਪ ਸੁਰਜੇਵਾਲਾ, ਸੀਨੀਅਰ ਨੇਤਾ ਹਰੀਸ਼ ਰਾਵਤ, ਜੈਰਾਮ ਰਮੇਸ਼ ਅਤੇ ਕਈ ਹੋਰ ਨੇਤਾਵਾਂ ਨੂੰ ਹਿਰਾਸਤ ’ਚ ਲਿਆ ਗਿਆ ਹੈ।
ਬਾਅਦ ’ਚ ਪ੍ਰਿੰਯਕਾ ਗਾਂਧੀ ਨੇ ਤੁਗਲਕ ਰੋਡ ਥਾਣੇ ਪਹੁੰਚ ਕੇ ਹਿਰਾਸਤ ’ਚ ਲਏ ਗਏ ਪਾਰਟੀ ਨੇਤਾਵਾਂ ਅਤੇ ਕਾਰਕੁੰਨਾਂ ਨਾਲ ਮੁਲਾਕਾਤ ਕੀਤੀ। ਸੁਰਜੇਵਾਲਾ ਨੇ ਦਾਅਵਾ ਕੀਤਾ ਕਿ ਪੁਲਸ ਨੇ ਮਾਰਚ ਤੋਂ ਪਹਿਲਾਂ ਹੀ ਕਾਂਗਰਸ ਦੇ ਬਹੁਤ ਸਾਰੇ ਕਾਰਕੁੰਨਾਂ ਨੂੰ ਹਿਰਾਸਤ ’ਚ ਲੈ ਲਿਆ ਸੀ ਅਤੇ ਕਈ ਨੇਤਾਵਾਂ ਨੂੰ ਨਜ਼ਰਬੰਦ ਕਰ ਦਿੱਤਾ ਸੀ। ਮੋਦੀ ਸਰਕਾਰ ਨੇ ਨਵੀਂ ਦਿੱਲੀ ਇਲਾਕੇ ’ਚ ਅਣਐਲਾਨੀ ਐਮਰਜੈਂਸੀ ਲਗਾ ਦਿੱਤੀ। ਇਸ ਤਰ੍ਹਾਂ ਦੇ ਵਿਰੋਧ ਪ੍ਰਦਰਸ਼ਨ ਦੇਸ਼ ਦੇ ਕਈ ਹਿੱਸਿਆਂ ’ਚ ਆਯੋਜਿਤ ਕੀਤੇ ਗਏ।
ਰਾਜਾ ਵੜਿੰਗ ਦੇ ਪ੍ਰਦਰਸ਼ਨ ਦੌਰਾਨ ਪੁਲਸ ਨੇ ਛੱਡੀਆਂ ਪਾਣੀ ਦੀਆਂ ਵਾਛੜਾਂ
ਈ. ਡੀ. ਸਾਹਮਣੇ ਰਾਹੁਲ ਗਾਂਧੀ ਦੀ ਪੇਸ਼ੀ ਨੂੰ ਲੈ ਕੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਵੱਲੋਂ ਵੀ ਲਗਾਤਾਰ ਵਿਰੋਧ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਸੇ ਤਹਿਤ ਅੱਜ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਦੀ ਅਗਵਾਈ ਵਿਚ ਕਾਂਗਰਸੀ ਆਗੂਆਂ ਅਤੇ ਵਰਕਰਾਂ ਵੱਲੋਂ ਚੰਡੀਗੜ੍ਹ ਵਿਚ ਪ੍ਰਦਰਸ਼ਨ ਕੀਤਾ ਗਿਆ। ਚੰਡੀਗੜ੍ਹ ‘ਚ ਇਕੱਠੇ ਹੋਏ ਕਾਂਗਰਸੀ ਵਰਕਰਾਂ ਨੂੰ ਰਾਜ ਭਵਨ ਦਾ ਘਿਰਾਓ ਕਰਨ ਜਾਣ ਤੋਂ ਪਹਿਲਾਂ ਹੀ ਪੁਲਸ ਨੇ ਬੈਰੀਕੇਡ ਲਗਾ ਕੇ ਪੰਜਾਬ ਕਾਂਗਰਸ ਭਵਨ ਨੇੜੇ ਰੋਕ ਲਿਆ। ਜਦੋਂ ਇਸ ਦੌਰਾਨ ਕਾਂਗਰਸੀਆਂ ਨੇ ਬੈਰੀਕੇਡ ਤੋੜਨ ਦੀ ਕੋਸ਼ਿਸ਼ ਕੀਤੀ ਤਾਂ ਚੰਡੀਗੜ੍ਹ ਪੁਲਸ ਨੇ ਰੋਕਣ ਲਈ ਵਰਕਰਾਂ ‘ਤੇ ਪਾਣੀ ਦੀਆਂ ਵਾਛੜਾਂ ਛੱਡੀਆਂ। ਜਾਣਕਾਰੀ ਮੁਤਾਬਕ ਕਈ ਕਾਂਗਰਸੀ ਆਗੂਆਂ ਨੂੰ ਹਿਰਾਸਤ ‘ਚ ਲੈ ਲਿਆ ਗਿਆ ਹੈ।
ਇਸ ਮੌਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਕਿਹਾ ਕਿ ਰਾਹੁਲ ਗਾਂਧੀ ਨੇ ਅਜਿਹਾ ਕੀ ਕੀਤਾ ਹੈ, ਜੋ ਉਨ੍ਹਾਂ ਨੂੰ ਤਿੰਨ ਵਾਰ ਬੁਲਾਇਆ ਗਿਆ ਹੈ। ਦਿੱਲੀ ਪੁਲਸ ਨੇ ਅੱਜ ਅਖਿਲ ਭਾਰਤੀ ਕਾਂਗਰਸ ਕਮੇਟੀ ਦੇ ਦਫ਼ਤਰ ਵਿਚ ਦਾਖ਼ਲ ਹੋ ਕੇ ਸਾਡੇ ਸੰਸਦ ਮੈਂਬਰਾਂ ਦੀ ਕੁੱਟਮਾਰ ਕੀਤੀ ਹੈ। ਅਜਿਹੀ ਬਦਲਾਖੋਰੀ ਵਾਲੀ ਸਿਆਸਤ ਪਹਿਲਾਂ ਕਦੇ ਨਹੀਂ ਵੇਖੀ। ਸਰਕਾਰ ਸਾਡੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਨਾ ਕਰੇ।
ਪ੍ਰਦਰਸ਼ਨ ਦੌਰਾਨ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਢਿੱਲੋਂ ਬੈਰੀਕੇਡ ‘ਤੇ ਚੜ੍ਹ ਗਏ। ਰਾਜਾ ਵੜਿੰਗ ਦੀ ਪੁਲਸ ਨਾਲ ਬਹਿਸ ਵੀ ਹੋਈ। ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਢਿੱਲੋਂ ਨੇ ਕਿਹਾ ਕਿ ਰਾਹੁਲ ਗਾਂਧੀ ਨੂੰ ਘੰਟਿਆਂਬੱਧੀ ਜਾਣਬੁੱਝ ਕੇ ਬਿਠਾ ਕੇ ਰੱਖਿਆ ਜਾ ਰਿਹਾ ਹੈ। ਜਦਕਿ ਸਭ ਕੁਝ ਕਾਗਜ਼ਾਂ ‘ਚ ਲਿਖਿਆ ਹੋਇਆ ਹੈ। ਕੇਂਦਰ ਦੀ ਮੋਦੀ ਸਰਕਾਰ ਅਤੇ ਭਾਰਤੀ ਜਨਤਾ ਪਾਰਟੀ ਸਿਆਸੀ ਬਦਲਾਖੋਰੀ ਤਹਿਤ ਅਜਿਹੀ ਕਾਰਵਾਈ ਕਰ ਰਹੀ ਹੈ, ਜਿਸ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।

Comment here