ਸਿਆਸਤਖਬਰਾਂਚਲੰਤ ਮਾਮਲੇ

ਕਾਂਗਰਸ ਪਾਰਟੀ ਦੇ ਅਕਸ ‘ਤੇ ਚਿੱਕੜ ਉਛਾਲ ਰਹੀ ‘ਆਪ’-ਵੜਿੰਗ

ਚੰਡੀਗੜ੍ਹ-ਆਮ ਆਦਮੀ ਪਾਰਟੀ ਦੇ ਉਸ ਬਿਆਨ ਨੂੰ ਬੁਖਲਾਹਟ ਕਰਾਰ ਦਿੰਦਿਆਂ ਜਿਸ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਕਾਂਗਰਸ ਪਾਰਟੀ ਦੀਆਂ ਦਿੱਲੀ ਅਤੇ ਪੰਜਾਬ ਇਕਾਈਆਂ ਨੇ ਦਿੱਲੀ ਆਰਡੀਨੈਂਸ ਮੁੱਦੇ ‘ਤੇ ਪਾਰਟੀ ਵੱਲੋਂ ਮੋਦੀ ਸਰਕਾਰ ਦਾ ਸਮਰਥਨ ਕਰਨ ਦਾ ਐਲਾਨ ਕੀਤਾ ਹੈ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ‘ਆਪ’ ਲੀਡਰਸ਼ਿਪ ਵੋਟਰਾਂ ਦਾ ਧਿਆਨ ਸਬੰਧਤ ਅਸਲ ਮੁੱਦਿਆਂ ਤੋਂ ਹਟਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਬੇਬੁਨਿਆਦ ਐਲਾਨਾਂ ਤੋਂ ਸਾਬਤ ਹੁੰਦਾ ਹੈ ਕਿ ‘ਆਪ’ ਲੀਡਰਸ਼ਿਪ ਆਪਣੇ ਝੂਠੇ ਬਿਆਨਾਂ ਨਾਲ ਸਿਆਸੀ ਪਾਰਟੀਆਂ ਦਰਮਿਆਨ ਟਕਰਾਅ ਪੈਦਾ ਕਰਨ ਦੀ ਪੂਰੀ ਕੋਸ਼ਿਸ਼ ਕਰ ਰਹੀ ਹੈ।
‘ਆਪ’ ਸੁਪਰੀਮੋ ‘ਤੇ ਵਰ੍ਹਦਿਆਂ ਰਾਜਾ ਵੜਿੰਗ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਆਪਣੇ ਗੁੰਮਰਾਹਕੁੰਨ ਬਿਆਨਾਂ ਨਾਲ ਪਾਰਟੀ ਕੇਡਰ ਅਤੇ ਸਮਰਥਕਾਂ ਵਿਚ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਲਈ ਫੁੱਟ ਪਾਓ ਅਤੇ ਰਾਜ ਕਰੋ ਦੀ ਰਣਨੀਤੀ ਨੂੰ ਅਜ਼ਮਾ ਰਹੇ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਵੀ ‘ਆਪ’ ਲੀਡਰਸ਼ਿਪ ਨੇ ਆਪਣੇ ਝੂਠੇ ਵਾਅਦਿਆਂ ਅਤੇ ਝੂਠੇ ਦਾਅਵਿਆਂ ਨਾਲ ਦਿੱਲੀ ਅਤੇ ਪੰਜਾਬ ਦੇ ਵੋਟਰਾਂ ਨਾਲ ਧੋਖਾ ਕੀਤਾ ਅਤੇ ਹੁਣ ਫਿਰ ਲੋਕ ਸਭਾ ਚੋਣਾਂ ਤੋਂ ਪਹਿਲਾਂ ਆਪਣੀਆਂ ਨਾਕਾਮੀਆਂ ਤੋਂ ਧਿਆਨ ਹਟਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਉਨ੍ਹਾਂ ਕਿਹਾ ਕਿ ‘ਆਪ’ ਕਾਂਗਰਸ ਪਾਰਟੀ ਦੇ ਅਕਸ ਨੂੰ ਖ਼ਰਾਬ ਕਰਨ ਦੇ ਇਰਾਦੇ ਨਾਲ ਉਸ ‘ਤੇ ਚਿੱਕੜ ਉਛਾਲ ਰਹੀ ਹੈ।
ਕਾਂਗਰਸ ਦੇਸ਼ ਦੀ ਸਭ ਤੋਂ ਪੁਰਾਣੀ ਸਿਆਸੀ ਪਾਰਟੀ ਹੈ ਜੋ ਹਮੇਸ਼ਾ ਦੇਸ਼ ਵਾਸੀਆਂ ਦੇ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਦੇ ਅਧਿਕਾਰਾਂ ਦੀ ਰਾਖੀ ਲਈ ਲਗਭਗ ਸਾਰੇ ਮੁੱਦਿਆਂ ‘ਤੇ ਆਵਾਜ਼ ਉਠਾਈ ਹੈ। ਪ੍ਰਦੇਸ਼ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਨਾ ਤਾਂ ਪੰਜਾਬ ਅਤੇ ਨਾ ਹੀ ਦਿੱਲੀ ਇਕਾਈਆਂ ਨੇ ਸੱਤਾਧਾਰੀ ਕੇਂਦਰ ਸਰਕਾਰ ਨੂੰ ਕੋਈ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਵੜਿੰਗ ਨੇ ਕੇਜਰੀਵਾਲ ਨੂੰ ਕਾਂਗਰਸ ਪਾਰਟੀ ਅਤੇ ਇਸ ਦੀ ਲੀਡਰਸ਼ਿਪ ਵਿਰੁੱਧ ਅਜਿਹੇ ਬੇਬੁਨਿਆਦ ਬਿਆਨ ਦੇਣ ਲਈ ਦਾਅਵੇ ਨੂੰ ਪ੍ਰਮਾਣਿਤ ਕਰਨ ਜਾਂ ਜਨਤਕ ਤੌਰ ‘ਤੇ ਮੁਆਫੀ ਮੰਗਣ ਲਈ ਕਿਹਾ ਹੈ।
ਆਰਡੀਨੈਂਸ ਬਾਰੇ ਕਾਂਗਰਸ ਪਾਰਟੀ ਦੀਆਂ ਸਾਰੀਆਂ ਇਕਾਈਆਂ ਦਾ ਇੱਕੋ ਜਿਹਾ ਸਟੈਂਡ ਹੈ ਅਤੇ ਸੀਨੀਅਰ ਲੀਡਰਸ਼ਿਪ ਭਾਰਤੀ ਜਮਹੂਰੀਅਤ ‘ਤੇ ਹਮਲੇ ਨੂੰ ਰੋਕਣ ਲਈ ਅੱਗੇ ਤੋਂ ਲੋੜੀਂਦੇ ਕਦਮ ਚੁੱਕੇਗੀ। ਇਹ ਸਪੱਸ਼ਟ ਹੈ ਕਿ ਕਾਂਗਰਸ ਪਾਰਟੀ ਆਪਣੇ ਸਿਧਾਂਤਾਂ ਨਾਲ ਕੋਈ ਸਮਝੌਤਾ ਨਹੀਂ ਕਰੇਗੀ ਅਤੇ ਕਿਸੇ ਵੀ ਅਜਿਹੇ ਫੈਸਲੇ ਦੇ ਖਿਲਾਫ਼ ਖੜੇਗੀ ਜੋ ਗੈਰ-ਸੰਵਿਧਾਨਕ ਹੈ ਅਤੇ ਨਾਗਰਿਕਾਂ ਦੇ ਅਧਿਕਾਰਾਂ ਨੂੰ ਖ਼ਤਰਾ ਪੈਦਾ ਕਰਦਾ ਹੈ।

Comment here