ਸਿਆਸਤਖਬਰਾਂਚਲੰਤ ਮਾਮਲੇ

ਕਿਸਾਨਾਂ ਤੇ ਮਜ਼ਦੂਰਾਂ ਨੂੰ ਮਾਨ ਸਰਕਾਰ ਨੇ ਕੀਤਾ ਖੁਸ਼

ਚੰਡੀਗੜ੍ਹ : ਬੀਤੇ ਦਿਨ ਭਾਰਤੀ ਕਿਸਾਨ ਯੂਨੀਅਨ ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮਲਾਕਾਤ ਕੀਤੀ। ਇਹ ਮੁਲਾਕਾਤ ਉਨ੍ਹਾਂ ਦੀ ਰਿਹਾਇਸ਼ ਵਿਖੇ ਕੀਤੀ। ਕਿਸਾਨਾਂ ਤੇ ਖੇਤ ਮਜ਼ਦੂਰਾਂ ਦੀਆਂ ਮੰਗਾਂ ਦੀ ਪੂਰਤੀ ਲਈ ਇਸ ਮੁਲਾਕਾਤ ਨੂੰ ਰੱਖਿਆ ਗਿਆ। ਵਫ਼ਦ ਨੇ ਕਿਸਾਨਾਂ, ਖੇਤ ਮਜ਼ਦੂਰਾਂ ਦੀਆਂ ਮੰਗਾਂ ਤੋਂ ਇਲਾਵਾ ਕਿਸਾਨਾਂ-ਮਜ਼ਦੂਰਾਂ ‘ਤੇ ਲਾਠੀਚਾਰਜ ਕਰਨ ਲਈ ਜ਼ਿੁੰਮੇਵਾਰ ਅਧਿਕਾਰੀਆਂ, ਡਿਪਟੀ ਕਮਿਸ਼ਨਰ ਮੁਕਤਸਰ ਸਾਹਿਬ ਤੇ ਡੀਐੱਸਪੀ ਮਲੋਟ ਅਤੇ ਤਤਕਾਲੀ ਚਰਨਜੀਤ ਸਿੰਘ ਚੰਨੀ ਦੀ ਸਰਕਾਰ ਦੌਰਾਨ ਲੰਬੀ ਵਿਖੇ ਬੇਰੁਜ਼ਗਾਰਾਂ ‘ਤੇ ਲਾਠੀਚਾਰਜ ਕਰਨ ਵਾਲੇ ਡੀਐੱਸਪੀ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ। ਇਸਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਤੋਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ‘ਚ ਨਰਮੇ ਦੀ ਕੁੱਲ ਬਿਜਾਂਦ ਦਾ ਨੁਕਸਾਨ 50% ਮੰਨ ਕੇ ਮੁਆਵਜ਼ਾ ਦੇਣ ਅਤੇ ਮਜ਼ਦੂਰਾਂ ਨੂੰ ਨਰਮਾ ਚੁਗਣ ਦਾ ਦਸ ਫੀਸਦੀ ਮੁਆਵਜ਼ਾ ਦੇਣ ਲਈ ਮਜ਼ਦੂਰਾਂ ਦੀ ਸ਼ਨਾਖਤ ਪਿੰਡਾਂ ‘ਚ ਆਮ ਇਜਲਾਸ ਰਾਹੀਂ ਕਰਨ ਅਤੇ ਮਜ਼ਦੂਰਾਂ ਕਿਸਾਨਾਂ ‘ਤੇ ਦਰਜ ਕੇਸ ਵਾਪਸ ਲੈਣ ਦੀ ਮੰਗ ਕੀਤੀ। ਕਿਸਾਨ ਯੂਨੀਅਨ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਤੇ ਲਛਮਣ ਸਿੰਘ ਸੇਵੇਵਾਲਾ ਨੇ ਜਾਣਕਾਰੀ ਸਾਂਝੀ ਕਰਦੇ ਹੋਏ ਕਿਹਾ ਕਿ ਮੁੱਖ ਮੰਤਰੀ ਨੇ ਦੋਹਾਂ ਜਥੇਬੰਦੀਆਂ ਦੀਆਂ ਮੰਗਾਂ ਮੰਨਿਆ ਹੈ। ਇਸਦੇ ਨਾਲ ਹੀ ਡੀਸੀ ਦਫ਼ਤਰ ਅੱਗੇ ਚੱਲ ਰਿਹਾ ਅਣਮਿੱਥੇ ਸਮੇਂ ਦਾ ਧਰਨਾ ਮੁਲਤਵੀ ਕਰ ਦਿੱਤਾ ਗਿਆ। ਜਾਣਕਾਰੀ ਅਨੁਸਾਰ ਕਿਸਾਨ ਆਗੂਆਂ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਤਤਕਾਲੀ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਵੱਲੋਂ ਜਾਣਬੁੱਝ ਕੇ ਗੁਲਾਬੀ ਸੁੰਡੀ ਨਾਲ ਹੋਏ ਨਰਮੇ ਦੀ ਸਹੀ ਗਿਰਦਾਵਰੀ ਨਹੀਂ ਕਰਵਾਈ ਗਈ। ਨਰਮਾ ਚੁਗਣ ਵਾਲੇ ਮਜ਼ਦੂਰਾਂ ਦੀ ਸ਼ਨਾਖਤ ਨੂੰ ਲੈ ਕੇ ਕੰਮ ਵੀ ਅਜੇ ਤੀਕ ਸ਼ੁਰੂ ਨਹੀਂ ਕਰਵਾਇਆ ਗਿਆ ਅਤੇ ਮੁਆਵਜ਼ੇ ਤੋਂ ਬਾਹਰ ਰੱਖੇ ਹੱਕਦਾਰ ਕਿਸਾਨਾਂ ਮਜ਼ਦੂਰਾਂ ਨੂੰ ਮੁਆਵਜ਼ਾ ਸੂਚੀ ‘ਚ ਸ਼ਾਮਲ ਕਰਨ ਦੀ ਮੰਗ ਕਰ ਰਹੇ ਹਨ। ਮੁਆਵਜੇ ਦੀ ਮੰਗ ਕਰਦੇ ਕਿਸਾਨਾਂ, ਮਜ਼ਦੂਰਾਂ ਉਤੇ ਨਾਂ ਸਿਰਫ ਪੁਲਿਸ ਲਾਠੀਚਾਰਜ ਕਰਵਾਇਆ ਗਿਆ ਸਗੋਂ ਆਪਣੇ ਦਫਤਰ ਦੇ ਮੁਲਾਜ਼ਮਾਂ ਰਾਹੀਂ ਵੀ ਹਮਲਾ ਕਰਵਾਇਆ ਗਿਆ। ਉਨ੍ਹਾਂ ਡੀਐੱਸਪੀ ਮਲੋਟ ਉਤੇ ਦੋਸ਼ ਲਗਾਏ ਹਨ ਕਿ ਡੀਐੱਮਪੀ ਨੇ ਲਾਠੀਚਾਰਜ ਕਰਕੇ ਛੇ ਕਿਸਾਨਾਂ ਤੇ ਇਕ ਖੇਤ ਮਜ਼ਦੂਰ ਆਗੂ ਨੂੰ ਜ਼ਖ਼ਮੀ ਕਰ ਦਿੱਤਾ ਅਤੇ ਮਜ਼ਦੂਰ ਆਗੂ ਨੂੰ ਜਾਤੀ ਸੂਚਕ ਸ਼ਬਦ ਵਰਤੇ ਹਨ। ਕਿਸਾਨ ਮਜ਼ਦੂਰ ਆਗੂਆਂ ਵੱਲੋਂ ਨਰਮੇ ਖਰਾਬੇ ਦਾ ਬਾਕੀ ਜ਼ਿਲਿ੍ਹਆਂ ‘ਚ ਮਜ਼ਦੂਰਾਂ ਕਿਸਾਨਾਂ ਨੂੰ ਵੰਡਣ ਤੋਂ ਰਹਿੰਦਾ ਮੁਆਵਜ਼ਾ ਦੇਣ ਦੀ ਕੀਤੀ ਮੰਗ ‘ਤੇ ਵੀ ਉਨ੍ਹਾਂ ਤੁਰੰਤ ਪ੍ਰਭਾਵੀ ਅਮਲ ਕਰਨ ਦਾ ਭਰੋਸਾ ਦਿੱਤਾ। ਮੀਟਿੰਗ ‘ਚ ਲੰਬੀ ਹਲਕੇ ਦੇ ਵਿਧਾਇਕ ਗੁਰਮੀਤ ਸਿੰਘ ਖੁੱਡੀਆਂ ਤੋਂ ਇਲਾਵਾ ਬੀਕੇਯੂ (ਏਕਤਾ-ਉਗਰਾਹਾਂ) ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਜ਼ੋਰਾ ਸਿੰਘ ਨਸਰਾਲੀ, ਝੰਡਾ ਸਿੰਘ ਜੇਠੂਕੇ, ਸ਼ਿੰਗਾਰਾ ਸਿੰਘ ਮਾਨ, ਰੂਪ ਸਿੰਘ ਛੰਨਾ, ਸੁਖਦੇਵ ਸਿੰਘ ਕੋਕਰੀ ਕਲਾਂ ਤੇ ਲਛਮਣ ਸਿੰਘ ਸੇਵੇਵਾਲਾ ਸ਼ਾਮਲ ਸਨ।

Comment here