ਸਿਆਸਤਖਬਰਾਂਚਲੰਤ ਮਾਮਲੇ

ਕਿਸਾਨਾਂ ਦਾ ਖੁਦਕੁਸ਼ੀ ਕਰਨਾ ਨਵੀਂ ਗੱਲ ਨਹੀਂ : ਅਬਦੁਲ ਸੱਤਾਰ

ਮਹਾਰਾਸ਼ਟਰ-ਖੇਤੀ ਮੰਤਰੀ ਅਬਦੁਲ ਸੱਤਾਰ ਨੇ ਕਿਹਾ ਹੈ ਕਿ ਕਿਸਾਨਾਂ ਦੀਆਂ ਖੁਦਕੁਸ਼ੀਆਂ ਕੋਈ ਨਵੀਂ ਗੱਲ ਨਹੀਂ ਹੈ ਤੇ ਅਜਿਹੀਆਂ ਘਟਨਾਵਾਂ ਕਈ ਸਾਲਾਂ ਤੋਂ ਵਾਪਰ ਰਹੀਆਂ ਹਨ। ਅਬਦੁਲ ਸੱਤਾਰ ਨੇ ਇਹ ਗੱਲ ਔਰੰਗਾਬਾਦ ਜ਼ਿਲ੍ਹੇ ਦੇ ਆਪਣੇ ਵਿਧਾਨ ਸਭਾ ਹਲਕੇ ਸਿੱਲੋਡ ਵਿਚ ਕਿਸਾਨਾਂ ਵੱਲੋਂ ਖੁਦਕੁਸ਼ੀ ਕਰਨ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਕਹੀ। ਅਬਦੁਲ ਸੱਤਾਰ ਨੇ ਕਿਹਾ, “ਕਿਸਾਨਾਂ ਵੱਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਕੋਈ ਨਵਾਂ ਨਹੀਂ ਹੈ। ਅਜਿਹੀਆਂ ਘਟਨਾਵਾਂ ਕਈ ਸਾਲਾਂ ਤੋਂ ਵਾਪਰ ਰਹੀਆਂ ਹਨ। ਮੇਰਾ ਮੰਨਣਾ ਹੈ ਕਿ ਮੇਰੇ ਹਲਕੇ ਸਮੇਤ ਮਹਾਰਾਸ਼ਟਰ ਵਿੱਚ ਕਿਤੇ ਵੀ ਕਿਸਾਨਾਂ ਵੱਲੋਂ ਖੁਦਕੁਸ਼ੀ ਕਰਨ ਦੀਆਂ ਘਟਨਾਵਾਂ ਨਹੀਂ ਹੋਣੀਆਂ ਚਾਹੀਦੀਆਂ। ਅਬਦੁਲ ਸੱਤਾਰ ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਦੀ ਅਗਵਾਈ ਵਾਲੀ ਸ਼ਿਵ ਸੈਨਾ ਦੇ ਮੈਂਬਰ ਵੀ ਹਨ। ਪੁਲਿਸ ਅੰਕੜਿਆਂ ਅਨੁਸਾਰ 3 ਤੋਂ 12 ਮਾਰਚ ਦਰਮਿਆਨ ਹਲਕੇ ਵਿੱਚ ਘੱਟੋ-ਘੱਟ ਦੋ ਕਿਸਾਨਾਂ ਨੇ ਖੁਦਕੁਸ਼ੀ ਕਰ ਲਈ।
ਹਾਲਾਂਕਿ ਸੂਤਰਾਂ ਨੇ ਦਾਅਵਾ ਕੀਤਾ ਹੈ ਕਿ ਇਸੇ ਦੌਰਾਨ ਮਰਾਠਵਾੜਾ ਖੇਤਰ ਦੇ ਔਰੰਗਾਬਾਦ ਜ਼ਿਲ੍ਹੇ ਵਿੱਚ ਘੱਟੋ-ਘੱਟ ਛੇ ਕਿਸਾਨਾਂ ਨੇ ਖੁਦਕੁਸ਼ੀ ਕਰ ਲਈ ਹੈ। ਪਹਿਲੀ ਨਜ਼ਰੇ ਇਹ ਜਾਪਦਾ ਹੈ ਕਿ ਕਿਸਾਨਾਂ ਨੇ ਕਰਜ਼ੇ ਦੀ ਸਮੱਸਿਆ ਕਾਰਨ ਖੁਦਕੁਸ਼ੀ ਕੀਤੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਖੁਦਕੁਸ਼ੀਆਂ ਦੇ ਮਾਮਲਿਆਂ ਦੀ ਜਾਂਚ ਲਈ ਖੇਤੀਬਾੜੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਕਮੇਟੀ ਦਾ ਗਠਨ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਸੱਤਾਰ ਨੇ ਐਤਵਾਰ ਨੂੰ ਹਲਕੇ ‘ਚ ਪਿਛਲੇ ਹਫਤੇ ਬੇਮੌਸਮੀ ਬਾਰਿਸ਼ ਕਾਰਨ ਫਸਲਾਂ ਨੂੰ ਹੋਏ ਨੁਕਸਾਨ ਦਾ ਮੁਆਇਨਾ ਕੀਤਾ। ਮਹਾਰਾਸ਼ਟਰ ਦੇ ਖੇਤੀਬਾੜੀ ਮੰਤਰੀ ਨੇ ਕਿਹਾ ਕਿ ਸਰਕਾਰ ਕਮੇਟੀ ਦੀ ਰਿਪੋਰਟ ਵਿੱਚ ਕੀਤੀਆਂ ਸਿਫ਼ਾਰਸ਼ਾਂ ‘ਤੇ ਕਾਰਵਾਈ ਕਰੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਕਿਸਾਨਾਂ ਦੇ ਭਲੇ ਲਈ ਕਈ ਪਹਿਲਕਦਮੀਆਂ ਕੀਤੀਆਂ ਹਨ। ਅਸੀਂ ਉਨ੍ਹਾਂ ਨੂੰ ਸਿਰਫ 1 ਰੁਪਏ ਵਿੱਚ ਫਸਲ ਬੀਮੇ ਦੀ ਸਹੂਲਤ ਪ੍ਰਦਾਨ ਕਰ ਰਹੇ ਹਾਂ।

Comment here