ਸਿਆਸਤਖਬਰਾਂ

ਕਿਸਾਨ ਅੰਦੋਲਨ ਤੇ ਪੰਜਾਬ ਦੀ ਸਿਆਸੀ ਸਰਗਰਮੀ

ਵਿਸ਼ੇਸ਼ ਰਿਪੋਰਟ-ਜਸਪਾਲ ਸਿੰਘ

ਲੰਘੇ ਦਿਨ ਪੰਜਾਬ ਦੇ ਮੁਖ ਮੰਤਰੀ ਨੇ ਅੰਦੋਲਨਕਾਰੀ ਕਿਸਾਨਾਂ ਨੂੰ ਸਲਾਹ ਦਿਤੀ ਸੀ ਕਿ ਉਹ ਦਿਲੀ ਤੇ ਹਰਿਆਣੇ ਜ ਕੇ ਲੜਾਈ ਲੜਨ, ਪੰਜਾਬ ਦਾ ਨੁਕਸਾਨ ਨਾ ਕਰਨ। ਇਸ ਉਤੇ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਕਿਸਾਨ ਅੰਦੋਲਨ ਬਾਰੇ ਦਿੱਤੇ ਬਿਆਨ ਦਾ ਕਰਾਰਾ ਜਵਾਬ ਦਿੱਤਾ ਹੈ। ਭਾਰਤੀ ਕਿਸਾਨ ਯੂਨੀਅਨ ਦੇ ਆਗੂ ਨੇ ਕੈਪਟਨ ਦੇ ਬਿਆਨ ਨੂੰ ਕਾਂਗਰਸ ਦੀ ਅੰਦਰੂਨੀ ਲੜਾਈ ਦਾ ਹਿੱਸਾ ਦੱਸਿਆ। ਬੀਕੇਯੂ ਨੇਤਾ ਰਾਕੇਸ਼ ਟਿਕੈਤ ਨੇ ਕਿਹਾ ਕਿ ਵਿਰੋਧੀ ਧਿਰ ਨੂੰ ਕਿਸਾਨ ਅੰਦੋਲਨ ਦਾ ਸਮਰਥਨ ਕਰਨਾ ਚਾਹੀਦਾ ਹੈ।
ਟਿਕੈਤ ਨੇ ਕਿਹਾ ਕਿ ਜੇਕਰ ਕਿਸੇ ‘ਤੇ ਕੋਈ ਅੱਤਿਆਚਾਰ ਹੁੰਦਾ ਹੈ ਤਾਂ ਵਿਰੋਧੀ ਧਿਰ ਨੂੰ ਇਸ ਦੇ ਵਿਰੁੱਧ ਅੰਦੋਲਨ ਦਾ ਹਿੱਸਾ ਹੋਣਾ ਚਾਹੀਦਾ ਹੈ। ਜਦੋਂ ਭਾਜਪਾ ਵਿਰੋਧੀ ਧਿਰ ਵਿੱਚ ਸੀ, ਇਹ ਅੰਦੋਲਨਾਂ ਦੇ ਨਾਲ ਰਹਿੰਦੀ ਸੀ। ਜੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੂਬੇ ਵਿੱਚ ਕਿਸਾਨਾਂ ਦੇ ਅੰਦੋਲਨ ਨਾਲ ਕੋਈ ਸਮੱਸਿਆ ਹੈ, ਤਾਂ ਉਹ ਪੰਜਾਬ ਦੇ ਜੱਥੇਬੰਦੀਆਂ ਨਾਲ ਗੱਲਬਾਤ ਕਰ ਸਕਦੇ ਹਨ। ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਭਾਜਪਾ ‘ਤੇ ਵੀ ਚੁਟਕੀ ਲਈ। ਉਨ੍ਹਾਂ ਕਿਹਾ ਕਿ ਹੁਣ ਇਹ ਸਪੱਸ਼ਟ ਹੋ ਗਿਆ ਹੈ ਕਿ ਕਾਂਗਰਸ ਸਾਨੂੰ ਸਮਰਥਨ ਨਹੀਂ ਦੇ ਰਹੀ। ਭਾਜਪਾ ਕਹਿ ਰਹੀ ਸੀ ਕਿ ਕਿਸਾਨਾਂ ਦਾ ਅੰਦੋਲਨ ਕਾਂਗਰਸ ਚਲਾ ਰਹੀ ਹੈ। ਹੁਣ ਕੈਪਟਨ ਦੇ ਬਿਆਨ ਤੋਂ ਸਪੱਸ਼ਟ ਹੋ ਗਿਆ ਹੈ ਕਿ ਕਿਸਾਨ ਅੰਦੋਲਨ ਨੂੰ ਕਿਸਾਨ ਹੀ ਚਲਾ ਰਹੇ ਹਨ।

ਕੈਪਟਨ ਨੇ ਦਿੱਤੀ ਸਫਾਈ- ਕੈਪਟਨ ਨੇ ਕਿਹਾ ਹੈ ਕਿ ਮੇਰੇ ਬਿਆਨ ਨੂੰ ਸਿਆਸੀ ਮੋੜਾ ਦੇ ਕੇ ਪੇਸ਼ ਕੀਤਾ ਜਾ ਰਿਹਾ ਹੈ, ਕਿਸਾਨਾਂ ਦੀ ਲੜਾਈ ਬੀਜੇਪੀ ਨਾਲ ਹੈ, ਪੰਜਾਬ ਸਰਕਾਰ ਨਹੀਂ ਹੈ, ਜੇ ਕਿਸਾਨਾਂ ਦੇ ਧਰਨੇ ਪੰਜਾਬ ਚ ਜਾਰੀ ਰਹੇ ਤਾਂ ਪੰਜਾਬ ਦੀ ਆਰਥਿਕਤਾ ਹੋਰ ਵੀ ਮਾੜੀ ਹੋ ਜਾਵੇਗੀ। ਅਸੀਂ ਨਿਵੇਸ਼ ਤੇ ਰੁਜਾਗਰ ਦੇ ਮੌਕੇ ਗਵਾ ਦਿਆਂਗੇ।

ਕੈਪਟਨ ਤੇ ਭਾਜਪਾ ਦੇ ਕਿਸਾਨਾਂ ਬਾਰੇ ਬਿਆਨਾਂ ਤੇ ਅਕਾਲੀ ਔਖੇ

ਸ਼੍ਰੋਮਣੀ ਅਕਾਲੀ ਦਲ ਨੇ ਭਾਜਪਾ ਆਗੂਆਂ ਵੱਲੋਂ ਕਿਸਾਨਾਂ ਨੂੰ ਲੈ ਕੇ ਦਿੱਤੇ ਬਿਆਨ ਦੀ ਸਖ਼ਤ ਸਬ਼ਦਾਂ ਵਿੱਚ ਨਿਖੇਧੀ ਕੀਤੀ ਹੈ। ਅਕਾਲੀ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਹੈ ਕਿ ਕਿਸੇ ਵੱਲੋਂ ਦਿੱਤੇ ਗਏ ਸ਼ਬਦਾਂ ਦੇ ਜ਼ਖ਼ਮ ਤਲਵਾਰ ਨਾਲੋਂ ਵੀ ਬੁਰੇ ਹੁੰਦੇ ਹਨ, ਇਹ ਲੋਕ ਪੰਜਾਬ ਦੇ ਹਾਲਾਤ ਨੂੰ ਖ਼ਰਾਬ ਕਰਨਾ ਚਾਹੁੰਦੇ ਹਨ। ਇਥੇ ਪਾਰਟੀ ਦਫ਼ਤਰ ਤੋਂ ਜਾਰੀ ਬਿਆਨ ਵਿੱਚ ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਭਾਜਪਾ ਦੀ ਕੇਂਦਰ ਸਰਕਾਰ, ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਅੰਦੋਲਨ ਕਰ ਰਹੇ ਕਿਸਾਨਾਂ ਦੇ ਰੋਸ ਨੂੰ ਕੁਚਲਣਾ ਚਾਹੁੰਦੀ ਹੈ, ਜਿਸ ਲਈ ਇਹ ਪੰਜਾਬ ਵਿੱਚ ਹਾਲਾਤ ਨੂੰ ਖ਼ਰਾਬ ਕਰਕੇ ਗਵਰਨਰੀ ਰਾਜ ਲਾਗੂ ਕਰਵਾਉਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਦੀਆਂ ਕੇਂਦਰ ਸਰਕਾਰ ਵੱਲੋਂ ਮੰਗਾਂ ਨਾ ਮੰਨਣ ਕਾਰਨ ਕਿਸਾਨ ਪਹਿਲਾਂ ਹੀ ਪ੍ਰੇਸ਼ਾਨ ਹਨ ਅਤੇ ਸ਼ਾਂਤਮਈ ਸੰਘਰਸ਼ ਕਰ ਰਹੇ ਹਨ, ਪਰੰਤੂ ਹੁਣ ਇਹ ਭਾਜਪਾਈ ਕਿਸਾਨਾਂ ਵਿਰੁੱਧ ਅਜਿਹੇ ਬਿਆਨ ਦੇ ਕੇ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਭੜਕਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਅਕਾਲੀ ਆਗੂ ਨੇ ਇਸ ਸਬੰਧ ਵਿੱਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮਨਸ਼ਾ ‘ਤੇ ਵੀ ਸ਼ੱਕ ਜ਼ਾਹਰ ਕੀਤਾ ਹੈ ਕਿ ਉਹ ਵੀ ਕੇਂਦਰ ਸਰਕਾਰ ਨਾਲ ਮਿਲ ਕੇ ਸੂਬੇ ਵਿੱਚ ਗਵਰਨਰੀ ਰਾਜ ਲਾਗੂ ਕਰਨ ਵਰਗੇ ਹਾਲਾਤ ਪੈਦਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕੱਲ ਜਿਵੇਂ ਕੈਪਟਨ ਨੇ ਬਿਆਨ ਦਿੱਤਾ ਹੈ ਕਿ ਕਿਸਾਨ ਦੂਜੇ ਰਾਜਾਂ ਵਿੱਚ ਪ੍ਰਦਰਸ਼ਨ ਕਰਨ, ਬਹੁਤ ਹੀ ਗ਼ੈਰ-ਜਿੰਮੇਵਾਰਾਨਾ ਬਿਆਨ ਹੈ। ਜਦਕਿ ਉਨ੍ਹਾਂ ਨੂੰ ਚਾਹੀਦਾ ਸੀ ਕਿ ਉਹ ਕਿਸਾਨਾਂ ਨੂੰ ਕਹਿੰਦੇ ਕਿ ਤੁਸੀ ਆਰਾਮ ਨਾਲ ਬੈਠੋ, ਮੈਂ ਤੁਹਾਡਾ ਮੁੱਖ ਮੰਤਰੀ ਹਾਂ ਅਤੇ ਤੁਹਾਡੀ ਲੜਾਈ ਲੜਾਂਗਾ। ਜ਼ਿਕਰਯੋਗ ਹੈ ਕਿ ਬੀਤੇ ਦਿਨੀ ਭਾਰਤੀ ਜਨਤਾ ਪਾਰਟੀ ਦੇ ਪੰਜਾਬ ਬੁਲਾਰੇ ਹਰਵਿੰਦਰ ਸਿੰਘ ਨੇ ਆਪਣੇ ਬਿਆਨ ਵਿੱਚ ਕਿਸਾਨਾਂ ਨੂੰ ਡੰਡੇ ਮਾਰਨ ਬਾਰੇ ਕਿਹਾ ਸੀ। ਇਸਤੋਂ ਪਹਿਲਾਂ ਵੀ ਭਾਜਪਾ ਪੰਜਾਬ ਦੇ ਜਨਰਲ ਸਕੱਤਰ ਜੀਵਨ ਗੁਪਤਾ ਨੇ ਕਿਹਾ ਕਿ ਕਿਸਾਨ ਜਥੇਬੰਦੀਆਂ ਲੋਕਤੰਤਰ ਦਾ ਗਲਾ ਘੁੱਟਣ ਦਾ ਕੰਮ ਕਰ ਰਹੀਆਂ ਹਨ। ਲੋਕਤੰਤਰ ਅਧਿਕਾਰਾਂ ਦਾ ਗਲਾ ਘੱਟਣ ਦਾ ਕੰਮ ਲੋਕਤੰਤਰੀ ਪ੍ਰਕਿਰਿਆ ਵਾਸਤੇ ਮੰਦਭਾਗਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਕਿਸਾਨ ਜੱਥੇਬੰਦੀਆਂ ਵਾਂਗ ਦੂਜੀਆਂ ਸਿਆਸੀ ਪਾਰਟੀਆਂ ਨੂੰ ਵੀ ਭਾਜਪਾ ਤੋਂ ਡਰ ਲੱਗਦਾ ਹੈ। ਇਸਤੋਂ ਪਹਿਲਾਂ ਭਾਜਪਾ ਆਗੂ ਹਰਜੀਤ ਗਰੇਵਾਲ ਨੇ ਵੀ ਇੱਕ ਬਿਆਨ ਵਿੱਚ ਕਿਸਾਨਾਂ ਨੂੰ ਅਪਰਾਧੀ ਦੱਸਿਆ ਸੀ।ਗਰੇਵਾਲ ਨੇ ਕਿਹਾ ਸੀ ਕਿ ਕਿਸਾਨਾਂ ਦਾ ਅੰਦੋਲਨ ਸ਼ਾਂਤਮਈ ਨਹੀਂ ਸਗੋਂ ਹਿੰਸਕ ਹੈ, ਪੰਜਾਬ ਦੀ ਆਰਥਿਕਤਾ ਤਬਾਹ ਕਰਨ ਤੇ ਸ਼ਾਂਤੀ ਭੰਗ ਕਰਨ ਲਈ ਉਨ੍ਹਾਂ ਨੇ ਕਿਸਾਨ ਆਗੂਆਂ ਨੂੰ ਜ਼ਿੰਮੇਵਾਰ ਦੱਸਿਆ।

ਸਾਡੇ 17 ਵਾਲੇ ਰੋਸ ਮਾਰਚ ਚ ਸ਼ਾਮਲ ਹੋਵੇ-ਸੁਖਬੀਰ ਦਾ ਅਵਾਮ ਨੂੰ ਸੱਦਾ

ਸ਼੍ਰੋਮਣੀ ਅਕਾਲੀ ਦਲ ਕਾਲੇ ਖੇਤੀ ਕਾਨੂੰਨ ਲਾਗੂ ਹੋਣ ਦੇ ਇਕ ਸਾਲ ਪੂਰਾ ਹੋਣ ‘ਤੇ 17 ਸਤੰਬਰ ਨੂੰ ਕਾਲੇ ਦਿਵਸ ਵਜੋਂ ਮਨਾ ਰਿਹਾ ਹੈ। ਇਸ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸਮੂਹ ਕਿਸਾਨ ਹਿਤੈਸ਼ੀਆਂ ਅਤੇ ਲੋਕਾਂ ਨੂੰ ਸਾਥ ਦੇਣ ਦੀ ਅਪੀਲ ਕੀਤੀ ਗਈ ਹੈ। ਸੁਖਬੀਰ ਬਾਦਲ ਵੱਲੋਂ ਸਭ ਨੂੰ ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ, ਨਵੀਂ ਦਿੱਲੀ ਵਿੱਖੇ ਇਕੱਠੇ ਹੋਣ ਦਾ ਸੱਦਾ ਦਿੱਤਾ ਗਿਆ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਇਕ ਸਾਲ ਪਹਿਲਾਂ 17 ਸਤੰਬਰ ਵਾਲੇ ਦਿਨ ਮੋਦੀ ਸਰਕਾਰ ਨੇ ਸੰਸਦ ‘ਚ ਕਾਲੇ ਖੇਤੀ ਕਾਨੂੰਨ ਲਾਗੂ ਕੀਤੇ ਸਨ। ਉਨ੍ਹਾਂ ਕਿਹਾ ਕਿ ਉਸੇ ਦਿਨ ਹੀ ਸ਼੍ਰੋਮਣੀ ਅਕਾਲੀ ਦਲ ਦੇ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਅਸਤੀਫ਼ਾ ਦਿੱਤਾ ਸੀ ਅਤੇ ਉਸ ਤੋਂ ਬਾਅਦ ਅਕਾਲੀ ਦਲ ਵੱਲੋਂ ਭਾਰਤੀ ਜਨਤਾ ਪਾਰਟੀ ਨਾਲ ਆਪਣੀ ਭਾਈਵਾਲੀ ਖ਼ਤਮ ਕਰ ਦਿੱਤੀ ਗਈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਕਿਸਾਨਾਂ ਦੀ ਸਭ ਤੋਂ ਵੱਡੀ ਜੱਥੇਬੰਦੀ ਹੈ। ਉਨ੍ਹਾਂ ਕਿਹਾ ਕਿ ਇਤਿਹਾਸ ਇਸ ਗੱਲ ਦਾ ਗਵਾਹ ਹੈ ਕਿ ਅਕਾਲੀ ਦਲ ਨੇ ਹਮੇਸ਼ਾ ਕਿਸਾਨਾਂ ਦੀ ਲੜਾਈ ਲੜੀ ਹੈ। ਉਨ੍ਹਾਂ ਨੇ ਕਿਸਾਨ ਭਰਾਵਾਂ, ਪਾਰਟੀ ਦੇ ਵਰਕਰਾਂ ਅਤੇ ਸਮੁੱਚੀ ਲੀਡਰਸ਼ਿਪ ਦੇ ਨਾਲ-ਨਾਲ ਲੋਕਾਂ ਨੂੰ 17 ਸਤੰਬਰ ਨੂੰ ਸਵੇਰੇ 10 ਵਜੇ ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਵਿਖੇ ਪੁੱਜਣ ਦੀ ਅਪੀਲ ਕੀਤੀ ਹੈ ਤਾਂ ਜੋ ਸੰਸਦ ਤੱਕ ਇਕ ਇਤਿਹਾਸਕ ਰੋਸ ਮਾਰਚ ਕੱਢਿਆ ਜਾ ਸਕੇ।ਸੁਖਬੀਰ ਬਾਦਲ ਨੇ ਕਿਹਾ ਕਿ ਸੰਸਦ ਭਵਨ ਤੱਕ ਜਾ ਕੇ ਉੱਥੇ ਕਾਲੇ ਕਾਨੂੰਨ ਸਾੜ ਕੇ ਮੋਦੀ ਸਰਕਾਰ ਨੂੰ ਇਹ ਦੱਸਿਆ ਜਾਵੇਗਾ ਕਿ ਕਿਵੇਂ ਪੂਰਾ ਦੇਸ਼ ਇਨ੍ਹਾਂ ਕਾਲੇ ਕਾਨੂੰਨਾਂ ਦੇ ਖ਼ਿਲਾਫ਼ ਹੈ।

ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਵਲੋਂ ਆਵਾਜਾਈ ਜਾਮ ਨੂੰ ਲੈ ਕੇ ਨੋਟਿਸ ਜਾਰੀ

ਕੇਂਦਰ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ਖਿਲਾਫ਼ ਜਾਰੀ ਕਿਸਾਨਾਂ ਦੇ ਮੌਜੂਦਾ ਅੰਦੋਲਨ ਦੀ ਵਜ੍ਹਾ ਨਾਲ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਿਸਾਨਾਂ ਨੇ ਮੁੱਖ ਸੜਕਾਂ ’ਤੇ ਇਕੱਠ ਕੀਤਾ ਹੋਇਆ ਹੈ ਜਿਸ ਕਰਕੇ ਭਾਰੀ ਜਾਮ ਨਾਲ ਆਮ ਜਨਤਾ ਦੇ ਕਈ ਘੰਟੇ ਬਰਬਾਦ ਹੁੰਦੇ ਹਨ। ਕਿਸਾਨਾਂ ਦੇ ਪ੍ਰਦਰਸ਼ਨ ਨਾਲ ਹੋ ਰਹੀਆਂ ਦਿੱਕਤਾਂ ਨੂੰ ਲੈ ਕੇ ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਨੋਟਿਸ ਭੇਜਿਆ ਹੈ। ਕਿਸਾਨਾਂ ਦੇ ਪ੍ਰਦਰਸ਼ਨ ਨੂੰ ਲੈ ਕੇ ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦਿੱਲੀ, ਹਿਰਆਣਾ, ਉੱਤਰ ਪ੍ਰਦੇਸ਼, ਰਾਜਸਥਾਨ ਤੇ ਹੋਰ ਅਧਿਕਾਰੀਆਂ ਨੂੰ ਨੋਟਿਸ ਜਾਰੀ ਕਰ ਕੇ ਕਿਸਾਨਾਂ ਦੇ ਵਿਰੁੱਧ ਪ੍ਰਦਰਸ਼ਨ ਦੀ ਰਿਪੋਰਟ ਮੰਗੀ ਹੈ। ਇਸ ’ਚ ਪ੍ਰਦਰਸ਼ਨ ਦੀ ਵਜ੍ਹਾ ਨਾਲ ਅਵਾਜਾਈ ਬੰਦ ਹੋਣ ਨਾਲ ਲੋਕਾਂ ਨੂੰ ਹੋ ਰਹੀ ਪਰੇਸ਼ਾਨੀ ਦਾ ਜ਼ਿਕਰ ਕੀਤਾ ਗਿਆ ਹੈ।

Comment here