ਨਵੀਂ ਦਿੱਲੀ-ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਵਿਖੇ ਚੱਲ ਰਹੇ ਕਿਸਾਨਾਂ ਦੇ ਅੰਦੋਲਨ ਨੂੰ ਅੱਜ ਪੂਰਾ 1 ਸਾਲ ਹੋ ਗਿਆ ਹੈ। ਇਸ ਦੌਰਾਨ ਦਿੱਲੀ-ਹਰਿਆਣਾ ਦੇ ਸਿੰਘੂ ਬਾਰਡਰ ‘ਤੇ ਵੱਡੀ ਗਿਣਤੀ ‘ਚ ਕਿਸਾਨ ਇਕੱਠੇ ਹੋਏ ਹਨ। ਇਨ੍ਹਾਂ ਵਿੱਚ ਜ਼ਿਆਦਾਤਰ ਪੰਜਾਬ ਅਤੇ ਹਰਿਆਣਾ ਦੇ ਕਿਸਾਨ ਸ਼ਾਮਲ ਹਨ। ਇਸ ਦੇ ਨਾਲ ਹੀ ਦਿੱਲੀ ਬਾਰਡਰ ‘ਤੇ ਕਿਸਾਨਾਂ ਦੀ ਯਾਤਰਾ ਨੂੰ ਲੈ ਕੇ ਦਿੱਲੀ ਪੁਲਿਸ ਚੌਕਸ ਹੋ ਗਈ ਹੈ। ਇਸ ਦੇ ਨਾਲ ਹੀ ਦਿੱਲੀ ਪੁਲਿਸ ਨੇ ਕਿਸਾਨਾਂ ਨੂੰ ਕਾਨੂੰਨ ਵਿਵਸਥਾ ਬਣਾਏ ਰੱਖਣ ਅਤੇ ਪੁਲਿਸ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ। ਕਿਸਾਨ ਅੰਦੋਲਨ ਦੇ ਇੱਕ ਸਾਲ ਪੂਰੇ ਹੋਣ ‘ਤੇ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਅੱਜ ਸਾਰੇ ਹੀ ਬਾਰਡਰਾਂ ‘ਤੇ ਲੋਕ ਆ ਕੇ ਗੱਲ ਕਰਨਗੇ। ਫਿਲਹਾਲ ਅੰਦੋਲਨ ਚੱਲ ਰਿਹਾ ਹੈ। ਜੇਕਰ ਕੇਂਦਰ ਸਰਕਾਰ ਗੱਲਬਾਤ ਕਰੇਗੀ ਤਾਂ ਹੋਰ ਹੱਲ ਲੱਭਿਆ ਜਾਵੇਗਾ, ਉਹ ਬਿਲਕੁਲ ਵੀ ਗੱਲ ਨਹੀਂ ਕਰਨਾ ਚਾਹੁੰਦੇ। ਬਿਨਾਂ ਗੱਲ ਤੋਂ ਹੱਲ ਕਿਵੇਂ ਲੱਭਿਆ ਜਾ ਸਕਦਾ ਹੈ? ਜਦੋਂ ਸਰਕਾਰ ਸਾਡੇ ਨਾਲ ਗੱਲ ਕਰੇਗੀ ਤਾਂ ਅਸੀਂ ਗੱਲਬਾਤ ਨੂੰ ਅੱਗੇ ਵਧਾਵਾਂਗੇ। ਅਸੀਂ ਕੇਂਦਰ ਸਰਕਾਰ ਨੂੰ ਪੱਤਰ ਵੀ ਲਿਖਿਆ ਹੈ। ਇਹ ਪੱਤਰ ਭਾਰਤ ਸਰਕਾਰ ਦੇ ਨਾਂ ਲਿਖਿਆ ਗਿਆ ਹੈ। ਸਰਕਾਰ ਵੱਲੋਂ ਅਜੇ ਤੱਕ ਇਸ ਪੱਤਰ ਦਾ ਕੋਈ ਜਵਾਬ ਨਹੀਂ ਆਇਆ ਹੈ। ਸਰਕਾਰ ਨੂੰ ਗੱਲ ਮੰਨ ਲੈਣੀ ਚਾਹੀਦੀ ਹੈ।
ਕਿਸਾਨ ਅੰਦੋਲਨ ਦੌਰਾਨ ਹੁਣ ਤੱਕ 700 ਦੇ ਲਗਭਗ ਕਿਸਾਨਾਂ ਦੀ ਮੌਤ ਹੋ ਚੁੱਕੀ ਹੈ, ਪਰੰਤੂ ਕਿਸਾਨ ਪੂਰੇ ਸਬਰ, ਸੰਤੋਖ ਅਤੇ ਦ੍ਰਿੜ ਵਿਸ਼ਵਾਸ ਨਾਲ ਦਿੱਲੀ ਦੀਆਂ ਸਰਹੱਦਾਂ ‘ਤੇ ਡਟੇ ਰਹੇ ਹਨ, ਡਟੇ ਹੋਏ ਹਨ। ਅੰਦੋਲਨ ‘ਤੇ ਇੱਕ ਸਾਲ ਪੂਰਾ ਹੋਣ ‘ਤੇ ਆਸ ਪਾਸ ਦੇ ਕਿਸਾਨ ਦਿੱਲੀ ਮੋਰਚੇ ‘ਚ ਵੱਡੀ ਗਿਣਤੀ ਪੁੱਜਣੇ ਸ਼ੁਰੂ ਹੋ ਗਏ ਹਨ। ਕਿਸਾਨਾਂ ਵੱਲੋਂ ਸ਼ਾਂਤਮਈ ਢੰਗ ਨਾਲ ਅਤੇ ਜਿਸ ਜ਼ਜਬੇ ਨਾਲ ਖੇਤੀ ਕਾਨੂੰਨਾਂ ਵਿਰੁੱਧ ਭਾਜਪਾ ਦੀ ਕੇਂਦਰ ਸਰਕਾਰ ਨੂੰ ਕਾਨੂੰਨ ਵਾਪਸ ਲੈਣ ਲਈ ਮਜਬੂਰ ਕੀਤਾ ਹੈ, ਉਸ ਨੂੰ ਵੇਖਦਿਆਂ ਇੱਕ ਸਾਲ ਪੂਰਾ ਹੋਣ ‘ਤੇ ਵੱਖ-ਵੱਖ ਪਾਰਟੀਆਂ ਦੇ ਆਗੂਆਂ ਨੇ ਕਿਸਾਨਾਂ ਦੀ ਸ਼ਲਾਘਾ ਕੀਤੀ ਹੈ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬਾਕਾਇਦਾ ਤੌਰ ‘ਤੇ ਟਵੀਟ ਕਰਕੇ ਕਿਸਾਨਾਂ ਦੇ ਅੰਦੋਲਨ ਲਈ ਉਨ੍ਹਾਂ ਨੂੰ ਸਲਾਮ ਕੀਤਾ ਹੈ। ਮੁੱਖ ਮੰਤਰੀ ਚੰਨੀ ਨੇ ਟਵੀਟ ਕਰਦੇ ਹੋਏ ਕਿਹਾ, ”ਮੈਂ ਸਾਡੇ ਅੰਨ ਦਾਤਿਆਂ ਨੂੰ ਸਲਾਮ ਕਰਦਾ ਹਾਂ, ਜੋ ਉਨ੍ਹਾਂ ਨੇ ਅਦੁੱਤੀ ਜ਼ਜ਼ਬਾ ਵਿਖਾਇਆ ਹੈ ਅਤੇ ਇੱਕ ਸਾਲ ਤੋਂ ਦਿੱਲੀ ਵਿੱਚ ਬੈਠੇ, ਕੇਂਦਰ ਦੀ ਮੋਦੀ ਸਰਕਾਰ ਵੱਲੋਂ ਬਣਾਏ ਕਾਲੇ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਕਰ ਰਹੇ ਹਨ। ਚੰਨੀ ਨੇ ਕਿਹਾ ਕਿ ਕਿਸਾਨਾਂ ਦਾ ਅਹਿੰਸਾ ਭਰਿਆ ਸੰਘਰਸ਼ ਨਾ ਸਿਰਫ਼ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਸਗੋਂ ਲੋਕਤੰਤਰ ਅਤੇ ਮਨੁੱਖੀ ਅਧਿਕਾਰਾਂ ਨੂੰ ਕਾਇਮ ਰੱਖਣ ਲਈ ਬਹਾਦਰੀ, ਸਬਰ ਅਤੇ ਦ੍ਰਿੜਤਾ ਦੀ ਅਨੋਖੀ ਮਿਸਾਲ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਕਿਸਾਨਾਂ ਦੇ ਹੌਸਲੇ ਦੀ ਸ਼ਲਾਘਾ ਕੀਤੀ ਹੈ। ਉਨ੍ਹਾਂ ਟਵੀਟ ਕਰਦੇ ਕਿਹਾ ਕਿ ਅੱਜ ਕਿਸਾਨ ਅੰਦੋਲਨ ਦਾ ਇੱਕ ਸਾਲ ਪੂਰਾ ਹੋ ਗਿਆ ਹੈ। ਕਿਸਾਨਾਂ ਨੇ ਇਸ ਇਤਿਹਾਸਕ ਅੰਦੋਲਨ ਦੌਰਾਨ ਬਹੁਤ ਕੁੱਝ ਸਹਿਣ ਕੀਤਾ ਹੈ। ਗਰਮੀ, ਸਰਦੀ, ਬਾਰਸ਼, ਤੂਫਾਨ ਵਿਚਕਾਰ ਸਾਜਿਸ਼ਾਂ ਨੂੰ ਵੀ ਝੱਲਿਆ ਹੈ।ਕੇਜਰੀਵਾਲ ਨੇ ਕਿਹਾ ਕਿ ਦੇਸ਼ ਕਿਸਾਨਾਂ ਨੇ ਸਾਨੂੰ ਸਬਕ ਸਿਖਾਇਆ ਹੈ ਕਿ ਸਬਰ ਦੇ ਨਾਲ ਹੱਕ ਦੀ ਲੜਾਈ ਕਿਵੇਂ ਲੜੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਮੈਂ ਕਿਸਾਨ ਭਰਾਵਾਂ ਦੇ ਹੌਸਲੇ, ਜਜ਼ਬੇ ਅਤੇ ਕੁਰਬਾਨੀਆਂ ਨੂੰ ਸਲਾਮ ਕਰਦਾ ਹਾਂ।
ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਸੀਨੀਅਰ ਆਗੂ ਤੇ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੇ ਕਿਸਾਨ ਅੰਦੋਲਨ ਦੀ ਵਰ੍ਹੇਗੰਢ ’ਤੇ ਬੋਲਦਿਆਂ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਤੇ ਸਮੂਹ ਕਿਸਾਨ ਨੂੰ ਕਾਲੇ ਖੇਤੀ ਕਾਨੂੰਨ ਰੱਦ ਹੋਣ ਦੀ ਇਤਿਹਾਸਕ ਜਿੱਤ ਦੀ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਨੇ ਪੰਜਾਬੀਆਂ ਹੱਕ ਸੱਚ ਅਤੇ ਜਮਹੂਰੀਅਤ ਲਈ ਲੜਣ ਦੀ ਰਵਾਇਤ ਨੂੰ ਸਿੰਜਕੇ ਹੋਰ ਮਜ਼ਬੂਤ ਕੀਤਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਇਸ ਇਤਿਹਾਸਕ ਜਿੱਤ ਨੇ ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ ਅਤੇ ਕਿਰਤੀ ਲੋਕਾਂ ਦੀ ਇੱਕਜੁੱਟਤਾ ਦੀ ਵਧੀਆ ਉਮੀਦ ਜਗਾਈ ਹੈ। ਉਨ੍ਹਾਂ ਕਿਹਾ ਕਿ ਸੰਘਰਸ਼ ਅੰਦਰ ਯੋਗਦਾਨ ਪਾਉਣ ਵਾਲਿਆਂ ਨੂੰ ਸਲਾਮ ਕਰਦੇ ਹਾਂ
ਵੱਖ-ਵੱਖ ਸਮਾਗਮਾਂ ਦੌਰਾਨ ਢੀਂਡਸਾ ਨੇ ਕਿਹਾ ਕਿ ਕਾਲੇ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਅੱਜ ਦੇ ਦਿਨ ਦਿੱਲੀ ਦੇ ਬਾਰਡਰਾਂ ’ਤੇ ਡਟੇ ਕਿਸਾਨਾਂ ਦੇ ਸ਼ਾਂਤਮਈ ਅੰਦੋਲਨ ਸਦਕਾ 26 ਨਵੰਬਰ ਦਾ ਦਿਨ ਹਮੇਸ਼ਾ ਲਈ ਯਾਦਗਾਰੀ ਹੋ ਨਿੱਬੜਿਆ ਹੈ। ਉਨ੍ਹਾਂ ਕਿਹਾ ਕਿ ਸਭ ਤੋਂ ਲੰਬੇ ਕਿਸਾਨ ਅੰਦੋਲਨ ਨੇ ਸਾਂਝੀਵਾਲਤਾ, ਮਾਨਵਤਾ, ਏਕਤਾ, ਸਬਰ, ਸਿਦਕ ਤੇ ਆਸਾਂ ਉਮੀਦਾਂ ਨੂੰ ਚਾਰ ਚੰਨ੍ਹ ਲਾਏ ਹਨ ਤੇ ਫੈਡਰਲ ਢਾਂਚੇ ਤੇ ਰਾਜਾਂ ਦੀਆਂ ਸ਼ਕਤੀਆਂ ਨੂੰ ਨਵੀਂ ਦਿਸ਼ਾ ਦਿੱਤੀ ਹੈ। ਢੀਂਡਸਾ ਨੇ ਕਿਹਾ ਕਿ ਇਸ ਸੰਘਰਸ਼ ਨੇ ਸਿਆਸਤ ਨੂੰ ਲੋਕ ਪੱਖੀ ਤੇ ਸੰਗਰਾਮਮਈ ਨੈਣ ਨਕਸ਼ ਦਿੱਤੇ। ਉਨ੍ਹਾਂ ਕਿਹਾ ਕਿ ਸੱਚੀ ਸੁੱਚੀ ਅਤੇ ਝੂਠ ਦੀ ਰਾਜਨੀਤੀ ਕਰਨ ਵਾਲੇ ਲੋਕਾਂ ਦੀ ਪਛਾਣ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨ ਬਣਨ ਤੱਕ ਸਿਆਸੀ ਆਗੂਆਂ ਵੱਲੋਂ ਨਿਭਾਈ ਭੂਮਿਕਾ ਬਾਰੇ ਬੱਚਾ-ਬੱਚਾ ਜਾਣਦਾ ਹੈ। ਉਨ੍ਹਾਂ ਕਿਹਾ ਕਿ ਕਾਨੂੰਨ ਰੱਦ ਹੋਣ ਮਗਰੋਂ ਸਵਾਲ ਉੱਠਣੇ ਸ਼ੁਰੂ ਹੋਏ ਹਨ ਕਿ ਪਹਿਲਾਂ ਇਹ ਬਿਰਤਾਂਤ ਬਣਾਉਣ ਦੀ ਕੋਸਿਸ਼ ਕੀਹਨੇ ਕੀਤੀ ਕਿ ਮੋਦੀ ਦੇ ਬਣਾਏ ਕਾਨੂੰਨ ਠੀਕ ਹਨ। ਢੀਂਡਸਾ ਨੇ ਬਾਦਲ ਪਰਿਵਾਰ ਦਾ ਜ਼ਿਕਰ ਕੀਤੇ ਬਗੈਰ ਕਿਹਾ ਪੰਜਾਬ ਦੇ ਲੋਕਾਂ ਨੂੰ ਉਨ੍ਹਾਂ ਸਿਆਸੀ ਆਗੂਆਂ ਦੀ ਪਛਾਣ ਕਰਨੀ ਚਾਹੀਦੀ ਹੈ ਜਿਨ੍ਹਾਂ ਦੀ ਸੋਚ ਕਾਰਪੋਰੇਟ ਘਰਾਣਿਆਂ ਤੋਂ ਵੀ ਖ਼ਤਰਨਾਕ ਹੈ। ਕਿਸਾਨ ਸੰਘਰਸ਼ ਅੰਦਰ ਇਨ੍ਹਾਂ ਦਾ ਕੀ ਰੋਲ ਰਿਹਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਬਿਰਤਾਂਤ ਨੂੰ ਪਛਾਨਣ ਤੇ ਪਛਾੜਣ ਦੀ ਲੋੜ ਹੈ।
Comment here