ਸਿਆਸਤਖਬਰਾਂ

ਕਿਸਾਨ ਜਥੇਬੰਦੀਆਂ ਤੇ ਮੁੱਖ ਮੰਤਰੀ ਦੀ ਬੈਠਕ ਹੁਣ 23 ਨੂੰ

ਚੰਡੀਗੜ-ਕਰਜ਼ਾ ਮਾਫੀ ਅਤੇ ਹੋਰ ਕਿਸਾਨੀ ਮੰਗਾਂ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਸੂਬੇ ਦੀਆਂ 32 ਕਿਸਾਨ ਜਥੇਬੰਦੀਆਂ ਦੀ ਬੈਠਕ ਹੁਣ 23 ਦਸੰਬਰ ਨੂੰ ਸਵੇਰੇ 11 ਵਜੇ ਚੰਡੀਗੜ੍ਹ ਸਥਿਤ ਪੰਜਾਬ ਭਵਨ ਵਿੱਚ ਹੋਵੇਗੀ। ਇਸ ਮੀਟਿੰਗ ਸਬੰਧੀ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੇ ਕਿਸਾਨ ਜਥੇਬੰਦੀਆਂ ਨੂੰ ਮੀਟਿੰਗ ਵਿੱਚ ਪੁੱਜਣ ਬਾਰੇ ਪੱਤਰ ਭੇਜੇ ਹਨ। ਕਿਸਾਨ ਅੰਦੋਲਨ ਮੁਲਤਵੀ ਕਰਨ ਦੇ ਐਲਾਨ ਤੋਂ ਬਾਅਦ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ 18 ਦਸੰਬਰ ਨੂੰ ਮੀਟਿੰਗ ਦਾ ਸੱਦਾ ਦਿੱਤਾ ਸੀ ਪਰ ਬਾਅਦ ਵਿਚ ਮੁੱਖ ਮੰਤਰੀ ਚੰਨੀ ਨੇ ਮੀਟਿੰਗ ਦੀ ਤਰੀਕ 20 ਦਸੰਬਰ ਦੱਸ ਦਿੱਤੀ। ਹੁਣ ਸਰਕਾਰ ਵੱਲੋਂ ਜਥੇਬੰਦੀਆਂ ਨੂੰ 23 ਦਸੰਬਰ ਨੂੰ ਮੀਟਿੰਗ ਦਾ ਸੱਦਾ ਦਿੱਤਾ ਹੈ। ਕਿਸਾਨ ਜਥੇਬੰਦੀਆਂ ਨੇ ਪੰਜਾਬ ਸਰਕਾਰ ਦੀ ਵਾਅਦਾਖਿਲਾਫੀ ਵਿਰੁੱਧ ਮੋਰਚਾ ਖੋਲ੍ਹਣ ਦਾ ਐਲਾਨ ਕੀਤਾ ਹੈ। ਕਿਸਾਨ ਜਥੇਬੰਦੀਆਂ ਦਾ ਦੋਸ਼ ਹੈ ਕਿ ਸਰਕਾਰ ਨੇ ਚੋਣਾਂ ਸਮੇਂ ਕੀਤੇ ਕਰਜ਼ ਮੁਆਫੀ ਸਣੇ ਹੋਰ ਵਾਅਦੇ ਪੂਰੇ ਨਹੀਂ ਕੀਤੇ ਹਨ। ਜਿਸ ਕਾਰਨ ਸਰਕਾਰ ਖਿਲਾਫ ਸੰਘਰਸ਼ ਵਿੱਢਿਆ ਜਾਵੇਗਾ। ਉਧਰ, ਪੰਜਾਬ ਸਰਕਾਰ ਵੀ ਚੋਣਾਂ ਤੋਂ ਪਹਿਲਾਂ-ਪਹਿਲਾਂ ਕਿਸਾਨ ਜਥੇਬੰਦੀਆਂ ਨਾਲ ਸਮਝੌਤੇ ਵਿਚ ਹੀ ਭਲਾਈ ਸਮਝ ਰਹੀ ਹੈ।

Comment here