ਸਿਆਸਤਖਬਰਾਂਚਲੰਤ ਮਾਮਲੇ

ਕਿਸਾਨ ਪੰਜਾਬ ਦੇ 18 ਟੋਲ ਪਲਾਜ਼ਿਆਂ ਨੂੰ ਕਰਾਉਣਗੇ ਬੰਦ

ਅੰਮ੍ਰਿਤਸਰ-ਕਿਸਾਨਾਂ ਵਲੋਂ ਪੰਜਾਬ ਭਰ ਦੇ ਟੋਲ ਪਲਾਜ਼ਾ ਬੰਦ ਕਰਨ ਦੀ ਖਬਰ ਸਾਹਮਣੇ ਆਈ ਹੈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਪਿਛਲੇ ਕਈ ਦਿਨਾਂ ਤੋਂ ਪੰਜਾਬ ਦੇ ਵੱਖ-ਵੱਖ ਡੀ. ਸੀ. ਦਫ਼ਤਰਾਂ ਦੇ ਬਾਹਰ ਵੱਡੀ ਗਿਣਤੀ ਵਿਚ ਨੌਜਵਾਨਾਂ, ਬੀਬੀਆਂ, ਮਜ਼ਦੂਰਾਂ ਅਤੇ ਕਿਸਾਨਾਂ ਵੱਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਕਿਸਾਨਾਂ ਨੇ ਹੁਣ ਆਪਣੇ ਪ੍ਰਦਰਸ਼ਨ ਨੂੰ ਹੋਰ ਤੇਜ਼ ਕਰਦਿਆਂ ਇਕ ਮਹੀਨੇ ਲਈ ਟੋਲ ਪਲਾਜ਼ੇ ਬੰਦ ਕਰਨ ਦਾ ਐਲਾਨ ਕਰ ਦਿੱਤਾ ਹੈ। ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਜਨਰਲ ਸਕੱਤਰ ਸਰਵਨ ਸਿੰਘ ਪੰਧੇਰ ਨੇ ਕਿਹਾ ਕਿ ਮੰਗਾਂ ਨੂੰ ਲੈ ਕੇ ਡੀ. ਸੀ. ਦਫਤਰ ਦੇ ਬਾਹਰ ਬੈਠੇ ਹੋਏ ਹਨ ਅਤੇ ਸਰਕਾਰ ਉਨ੍ਹਾਂ ਮੰਗਾਂ ਸਬੰਧੀ ਕੋਈ ਵੀ ਸਪੱਸ਼ਟ ਜਵਾਬ ਨਹੀਂ ਦੇ ਸਕੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਕਿਹਾ ਹੈ ਕਿ ਪੰਜਾਬ ’ਚੋਂ ਨਸ਼ਾ ਬੰਦ ਕਰਨ ਲਈ ਲਗਭਗ 5 ਸਾਲ ਦਾ ਸਮਾਂ ਲੱਗੇਗਾ।
ਇਸ ਤੋਂ ਇਲਾਵਾ ਕਿਸਾਨਾਂ ਦੇ ਕਰਜ਼ੇ ਮੁਆਫ਼ੀ ਬਾਰੇ ਵੀ ਕੋਈ ਸਪੱਸ਼ਟ ਜਵਾਬ ਨਹੀਂ ਦੇ ਸਕੀ ਹੈ, ਜਿਸ ਕਰਕੇ ਹੁਣ ਕਿਸਾਨਾਂ ਵੱਲੋਂ 15 ਦਸੰਬਰ ਤੋਂ ਇਕ ਮਹੀਨੇ ਤੱਕ ਪੰਜਾਬ ਦੇ 11 ਜ਼ਿਲ੍ਹਿਆਂ ਦੇ 18 ਟੋਲ ਪਲਾਜ਼ਿਆਂ ’ਤੇ ਪ੍ਰਦਰਸ਼ਨ ਕਰਕੇ ਉਨ੍ਹਾਂ ਨੂੰ ਬੰਦ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਟੋਲ ਪਲਾਜ਼ੇ ਸਵੇਰੇ 11 ਵਜੇ ਤੋਂ ਲੈ ਕੇ ਦੁਪਹਿਰ 1 ਵਜੇ ਤੱਕ ਹੀ ਬੰਦ ਕੀਤੇ ਜਾਣਗੇ। ਇਸ ਦੌਰਾਨ ਜੇ ਕਿਸੇ ਟੋਲ ਪਲਾਜ਼ਾ ਵੱਲੋਂ ਕਿਸੇ ਕਰਮਚਾਰੀ ਦੀ ਤਨਖਾਹ ਰੋਕੀ ਗਈ ਤਾਂ ਅਸੀਂ ਉਹ ਵੀ ਤਨਖਾਹ ਲਵਾਉਣ ਲਈ ਸੰਘਰਸ਼ ਕਰਾਂਗੇ ਅਤੇ ਇਸ ਦੇ ਨਾਲ ਹੀ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਅਸੀਂ ਪੰਜਾਬ ਦੇ ਹੋਰ ਕਿਸਾਨਾਂ ਨਾਲ ਵੀ ਗੱਲਬਾਤ ਕਰ ਰਹੇ ਹਾਂ।

Comment here