ਸਿਆਸਤਖਬਰਾਂ

ਕਿਸਾਨ ਫਤਹਿ ਮਾਰਚ ਤਹਿਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ੁਕਰਾਨਾ ਕਰਨ ਪੁੱਜੇ

ਅੰਮ੍ਰਿਤਸਰ-ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਉਪਰੰਤ ਬਲਵੀਰ ਸਿੰਘ ਰਾਜੇਵਾਲ ਸਾਰੇ ਕਿਸਾਨ ਆਗੂਆਂ ਨਾਲ ਮਿਲ ਕੇ ਕਿਸਾਨ ਫਤਹਿ ਮਾਰਚ ਤਹਿਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚੇ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਬਲਵੀਰ ਸਿੰਘ ਰਾਜੇਵਾਲ, ਡਾ: ਦਰਸ਼ਨ ਪਾਲ, ਗੁਰਨਾਮ ਸਿੰਘ ਚੜੂਨੀ ਆਦਿ ਨੇ ਖੇਤੀ ਕਾਨੂੰਨ ਰੱਦ ਹੋਣ ’ਤੇ ਸ਼ੁਕਰਾਨੇ ਦੀ ਅਰਦਾਸ ਕੀਤੀ।
ਅੰਮ੍ਰਿਤਸਰ ਪਹੁੰਚੇ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵੱਡਾ ਬਿਆਨ ਦਿੱਤਾ ਹੈ। ਬਲਬੀਰ ਰਾਜੇਵਾਲ ਨੇ ਕਿਹਾ ਕਿ ਅਸੀਂ ਸਿਰਫ਼ ਅੰਦੋਲਨ ਨੂੰ ਮੁਅੱਤਲ ਕੀਤਾ ਹੈ, ਉਸ ਨੂੰ ਵਾਪਸ ਨਹੀਂ ਲਿਆ। ਉਨ੍ਹਾਂ ਨੇ ਕਿਹਾ ਕਿ ਮੈਂ ਪ੍ਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕਿ ਉਹ ਸਾਨੂੰ ਇਸ ਕਿਸਾਨ ਅੰਦੋਲਨ ਨੂੰ ਸਫਲਤਾਪੂਰਵਕ ਖ਼ਤਮ ਕਰਨ ਦੀ ਤਾਕਤ ਬਖ਼ਸ਼ਣ।
ਜ਼ਿਕਰਯੋਗ ਹੈ ਕਿ ਕੇਂਦਰ ਦੀ ਮੋਦੀ ਸਰਕਾਰ ਵਲੋਂ ਤਿੰਨ ਖੇਤੀ ਕਾਨੂੰਨ ਪਾਸ ਕੀਤੇ ਗਏ ਸਨ। ਉਕਤ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਵਿਰੋਧ ’ਚ ਦਿੱਲੀ ਦੀਆਂ ਸਰਹੱਦਾਂ ’ਤੇ ਦੇਸ਼ ਦੇ ਕਿਸਾਨ ਪਿਛਲੇ ਇਕ ਸਾਲ ਤੋਂ ਵਧ ਸਮੇਂ ਤੋਂ ਡਟੇ ਹੋਏ ਸਨ। ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ’ਤੇ ਮੋਦੀ ਸਰਕਾਰ ਨੇ ਤਿੰਨ ਖੇਤੀ ਕਾਨੂੰਨਾਂ ਰੱਦ ਕਰ ਦਿੱਤਾ, ਜਿਸ ਸਦਕਾ ਸਰਹੱਦ ’ਤੇ ਬੈਠੇ ਕਿਸਾਨਾਂ ਨੂੰ ਆਖ਼ਰਕਾਰ ਇਕ ਸਾਲ ਤੋਂ ਵਧ ਸਮੇਂ ਬਾਅਦ ਜਿੱਤ ਹਾਸਲ ਹੋ ਗਈ। ਕਿਸਾਨਾਂ ਨੇ ਹੁਣ ਆਪਣੇ ਘਰਾਂ ਨੂੰ ਵਾਪਸੀ ਕਰ ਲਈ ਹੈ। ਟਰੈਕਟਰ-ਟਰਾਲੀਆਂ ਅਤੇ ਜੀਪਾਂ ’ਚ ਸਵਾਰ ਹੋ ਕੇ ਘਰਾਂ ਨੂੰ ਵਾਪਸੀ ਕਰ ਰਹੇ ਕਿਸਾਨਾਂ ’ਤੇ ਲੋਕਾਂ ਵਲੋਂ ਫੁੱਲਾਂ ਦੀ ਵਰਖਾ ਕਰਕੇ ਉਨ੍ਹਾਂ ਦਾ ਸਵਾਗਤ ਕੀਤਾ ਜਾ ਰਿਹਾ ਹੈ।

Comment here