ਸਿਆਸਤਖਬਰਾਂ

ਕਿਸਾਨ ਮੋਦੀ ਸਰਕਾਰ ਦੀ ਮੁੜ ਕਰਨਗੇ ਘੇਰਾਬੰਦੀ

ਨਵੀਂ ਦਿੱਲੀ- ਇੱਕ ਸਾਲ ਤੋੰ ਵੱਧ ਸਮਾਂ ਤੱਕ ਖੇਤੀ ਕਨੂੰਨਾਂ ਦੇ ਖਿਲਾਫ ਸੰਘਰਸ਼ ਕਰਨ ਵਾਲੇ ਕਿਸਾਨ ਮੁੜ ਮੋਦੀ ਸਰਕਾਰ ਦੀ ਘੇਰਾਬੰਦੀ ਕਰਨ ਦੀ ਤਿਆਰੀ ਕਰ ਰਹੇ ਹਨ। ਕਿਸਾਨ ਭਲਕੇ ਵਿਸ਼ਵਾਸਘਾਤ ਦਿਵਸ ਮਨਾ ਰਹੇ ਹਨ। ਕੇਂਦਰ ਸਰਕਾਰ ਵੱਲੋਂ ਤਿੰਨੋਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ, ਕਿਸਾਨਾਂ ਦੀਆਂ ਲਟਕਦੀਆਂ ਮੰਗਾਂ ਨੂੰ ਜਲਦੀ ਪੂਰਾ ਕਰਨ ਦੇ ਕੀਤੇ ਵਾਅਦੇ ਤੋਂ ਬਾਅਦ ਇੱਕ ਸਾਲ ਤੋਂ ਵੱਧ ਸਮੇਂ ਤੋਂ ਚੱਲ ਰਿਹਾ ਕਿਸਾਨ ਅੰਦੋਲਨ ਖ਼ਤਮ ਹੋ ਗਿਆ ਸੀ ਪਰ ਹੁਣ ਮੁੜ ਕਿਸਾਨ ਸੰਘਰਸ਼ ਤਿੱਖਾ ਲਈ ਤਿਆਰ ਹਨ। ਕਿਸਾਨ ਅੰਦੋਲਨ ਦੀ ਅਗਵਾਈ ਕਰ ਰਹੇ ਸੰਯੁਕਤ ਕਿਸਾਨ ਮੋਰਚੇ ਨੇ ਫੈਸਲਾ ਕੀਤਾ ਹੈ ਕਿ 31 ਜਨਵਰੀ ਨੂੰ ਦੇਸ਼ ਭਰ ਵਿੱਚ ‘ਵਿਸ਼ਵਾਸਘਾਤ ਦਿਵਸ’ ਵਜੋਂ ਮਨਾਇਆ ਜਾਵੇਗਾ ਅਤੇ ਜ਼ਿਲ੍ਹਾ ਤੇ ਤਹਿਸੀਲ ਪੱਧਰ ’ਤੇ ਵੱਡੇ ਰੋਸ ਮੁਜ਼ਾਹਰੇ ਕੀਤੇ ਜਾਣਗੇ। ਮੋਰਚੇ ਨਾਲ ਜੁੜੀਆਂ ਸਾਰੀਆਂ ਕਿਸਾਨ ਜਥੇਬੰਦੀਆਂ ਇਸ ਦੀਆਂ ਤਿਆਰੀਆਂ ਵਿੱਚ ਜੁਟੀਆਂ ਹੋਈਆਂ ਹਨ। ਮੋਰਚੇ ਨੇ ਉਮੀਦ ਜਤਾਈ ਹੈ ਕਿ ਇਹ ਪ੍ਰੋਗਰਾਮ ਦੇਸ਼ ਦੇ ਘੱਟੋ-ਘੱਟ 500 ਜ਼ਿਲ੍ਹਿਆਂ ਵਿੱਚ ਆਯੋਜਿਤ ਕੀਤਾ ਜਾਵੇਗਾ। ਉਧਰ, ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਨੇ ਦਿੱਲੀ ਦੀਆਂ ਹੱਦਾਂ ’ਤੇ ਕਿਸਾਨ ਸੰਘਰਸ਼ ਦੌਰਾਨ ਉੱਠੀਆਂ ਮੰਗਾਂ ਪੂਰੀਆਂ ਨਾ ਹੋਣ ਦੇ ਰੋਸ ਵਜੋਂ ਕੇਂਦਰ ਸਰਕਾਰ ਖ਼ਿਲਾਫ਼ ਸੰਘਰਸ਼ ਮੁੜ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ।ਜਥੇਬੰਦੀ ਦੀ ਸੂਬਾਈ ਮੀਟਿੰਗ ਬੂਟਾ ਸਿੰਘ ਬੁਰਜ ਗਿੱਲ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਸਮੁੱਚੇ ਪੰਜਾਬ ਦੇ 15 ਜ਼ਿਲ੍ਹਿਆਂ ਦੇ ਪ੍ਰਧਾਨਾਂ ਤੇ ਸਕੱਤਰਾਂ ਨੇ ਭਾਗ ਲਿਆ। ਮੀਟਿੰਗ ਵਿੱਚ ਵਿਚਾਰੇ ਗਏ ਏਜੰਡਿਆਂ ਸਬੰਧੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਜਗਮੋਹਨ ਸਿੰਘ ਪਟਿਆਲਾ ਨੇ ਦੱਸਿਆ ਕਿ ਖੇਤੀ ਵਿਰੋਧੀ ਕਾਨੂੰਨਾਂ ਖ਼ਿਲਾਫ਼ ਦਿੱਲੀ ਸਮੇਤ ਮੁਲਕ ਦੇ ਵੱਖ-ਵੱਖ ਥਾਵਾਂ ’ਤੇ ਚੱਲੇ ਕਿਸਾਨ ਅੰਦੋਲਨ ਤੋਂ ਬਾਅਦ ਕੇਂਦਰ ਸਰਕਾਰ ਨੇ 19 ਨਵੰਬਰ ਨੂੰ ਇਹ ਤਿੰਨੇ ਕਾਨੂੰਨ ਰੱਦ ਕਰਨ ਦਾ ਐਲਾਨ ਕੀਤਾ ਸੀ। ਬਾਕੀ ਰਹਿੰਦੀਆਂ ਮੰਗਾਂ ਲਈ 9 ਦਸੰਬਰ ਨੂੰ ਕੇਂਦਰ ਸਰਕਾਰ ਦੇ ਅਧਿਕਾਰੀਆਂ ਨੇ ਲਿਖਤੀ ਰੂਪ ’ਚ ਪੱਤਰ ਭੇਜ ਕੇ ਸਮਾਂ ਰਹਿੰਦਿਆਂ ਮੰਗਾਂ ਪੂਰੀਆਂ ਕਰਨ ਦਾ ਲਿਖਤੀ ਭਰੋਸਾ ਵੀ ਦਿਵਾਇਆ ਸੀ ਪਰ ਲਗਭਗ ਡੇਢ ਮਹੀਨਾ ਬੀਤਣ ਮਗਰੋਂ ਵੀ ਮੰਗਾਂ ਪੂਰੀਆਂ ਨਹੀਂ ਕੀਤੀਆਂ ਗਈਆਂ। ਉਨ੍ਹਾਂ ਕਿਹਾ ਕਿ ਇਸ ਦੇ ਵਿਰੋਧ ਵਿੱਚ 31 ਜਨਵਰੀ ਨੂੰ ਮੁਲਕ ਪੱਧਰ ’ਤੇ ਡੀਸੀ ਤੇ ਐੱਸਡੀਐਮਜ਼ ਦਫ਼ਤਰਾਂ ਅੱਗੇ ਅਰਥੀਆਂ ਫੂਕ ਕੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ ਕਰਦਿਆਂ ਸੰਘਰਸ਼ ਦਾ ਮੁੜ ਮੁੱਢ ਬੰਨ੍ਹਿਆ ਜਾਵੇਗਾ। ਮੀਟਿੰਗ ਵਿੱਚ ਸਰਬਸੰਮਤੀ ਨਾਲ ਫੈ਼ਸਲਾ ਕੀਤਾ ਗਿਆ ਕਿ ਇਨ੍ਹਾਂ ਅਰਥੀ ਫੂਕ ਮੁਜ਼ਾਹਰਿਆਂ ਨੂੰ 32 ਕਿਸਾਨ ਜਥੇਬੰਦੀਆਂ ਵੱਲੋਂ ਸਾਂਝੇ ਤੌਰ ’ਤੇ ਲਾਗੂ ਕਰਵਾਉਣ ਲਈ ਯਤਨ ਜਾਰੀ ਰੱਖੇ ਜਾਣ।

Comment here