ਸਿਆਸਤਖਬਰਾਂਚਲੰਤ ਮਾਮਲੇ

ਕੇਂਦਰ ਨੇ ਮੋਦੀ ਦੀ ਸੁਰੱਖਿਆ ਕੁਤਾਹੀ ‘ਤੇ ਪੰਜਾਬ ਸਰਕਾਰ ਤੋਂ ਰਿਪੋਰਟ ਮੰਗੀ

ਨਵੀਂ ਦਿੱਲੀ-ਪਿਛਲੇ ਸਾਲ 5 ਜਨਵਰੀ ਨੂੰ ਪੰਜਾਬ ਦੇ ਫਿਰੋਜ਼ਪੁਰ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ‘ਚ ਕੁਤਾਹੀ ਦਾ ਮਾਮਲਾ ਸਾਹਮਣੇ ਆਇਆ ਸੀ। ਜਿੱਥੇ ਕਥਿਤ ਕਿਸਾਨ ਅੰਦੋਲਨਕਾਰੀਆਂ ਨੇ ਹੁਸੈਨੀਵਾਲਾ ਫਲਾਈਓਵਰ ‘ਤੇ ਪੀਐਮ ਮੋਦੀ ਦੇ ਕਾਫ਼ਲੇ ਨੂੰ ਅੱਗੇ ਨਹੀਂ ਜਾਣ ਦਿੱਤਾ। ਇੰਨਾ ਹੀ ਨਹੀਂ ਪੀਐਮ ਮੋਦੀ ਨੂੰ ਕਰੀਬ 20 ਮਿੰਟ ਤੱਕ ਉਸੇ ਫਲਾਈਓਵਰ ‘ਤੇ ਰੁਕਣਾ ਪਿਆ। ਇਸ ਤੋਂ ਬਾਅਦ ਪੀਐਮ ਮੋਦੀ ਨੂੰ ਆਪਣਾ ਪ੍ਰੋਗਰਾਮ ਰੱਦ ਕਰਕੇ ਏਅਰਪੋਰਟ ਪਰਤਣਾ ਪਿਆ। ਇਸ ਦੀ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਸਾਹਮਣੇ ਆਈ ਹੈ। ਕੇਂਦਰ ਸਰਕਾਰ ਨੇ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਤੋਂ ਐਕਸ਼ਨ ਰਿਪੋਰਟ ਤਲਬ ਕੀਤੀ ਹੈ। ਇਸ ਮਾਮਲੇ ਵਿੱਚ ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ਦੀ ਕਮੇਟੀ ਦੀ ਰਿਪੋਰਟ ਦੇ ਆਧਾਰ ’ਤੇ ਪੰਜਾਬ ਦੇ ਅਧਿਕਾਰੀਆਂ ਖ਼ਿਲਾਫ਼ ਕੋਈ ਕਾਰਵਾਈ ਨਾ ਕਰਨ ਲਈ ਪੰਜਾਬ ਸਰਕਾਰ ਤੋਂ ਐਕਸ਼ਨ ਟੇਕਨ ਰਿਪੋਰਟ ਮੰਗੀ ਹੈ।
ਜ਼ਿਕਰਯੋਗ ਹੈ ਕਿ ਇਸ ਮਾਮਲੇ ਦੀ ਜਾਂਚ ਲਈ ਸੁਪਰੀਮ ਕੋਰਟ ਵੱਲੋਂ ਗਠਿਤ ਕਮੇਟੀ ਨੇ ਪੰਜਾਬ ਦੇ ਪੁਲੀਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਵਿੱਚ ਖਾਮੀਆਂ ਪਾਈਆਂ ਸਨ। ਸੁਪਰੀਮ ਕੋਰਟ ਦੀ ਜਾਂਚ ਕਮੇਟੀ ਨੇ ਇਸ ਮਾਮਲੇ ਲਈ ਫਿਰੋਜ਼ਪੁਰ ਦੇ ਐਸਐਸਪੀ ਨੂੰ ਜ਼ਿੰਮੇਵਾਰ ਠਹਿਰਾਇਆ ਸੀ। ਕਮੇਟੀ ਨੇ ਨੋਟ ਕੀਤਾ ਕਿ ਫਿਰੋਜ਼ਪੁਰ ਦੇ ਐਸਐਸਪੀ ਮੌਕੇ ’ਤੇ ਲੋੜੀਂਦੀ ਫੋਰਸ ਮੌਜੂਦ ਹੋਣ ਦੇ ਬਾਵਜੂਦ ਆਪਣੀ ਡਿਊਟੀ ਨਿਭਾਉਣ ਵਿੱਚ ਅਸਫਲ ਰਹੇ।
ਜਸਟਿਸ ਇੰਦੂ ਮਲਹੋਤਰਾ ਦੀ ਅਗਵਾਈ ਵਾਲੀ ਕਮੇਟੀ ਦੀ ਰਿਪੋਰਟ ਦੇ ਆਧਾਰ ‘ਤੇ ਸੁਪਰੀਮ ਕੋਰਟ ਨੇ ਕਿਹਾ ਸੀ ਕਿ ਪ੍ਰਧਾਨ ਮੰਤਰੀ ਦਾ ਪ੍ਰੋਗਰਾਮ ਤੈਅ ਸੀ, ਫਿਰ ਵੀ ਐਸਐਸਪੀ ਨੂੰ ਦੋ ਘੰਟੇ ਪਹਿਲਾਂ ਹੀ ਸੂਚਿਤ ਕਰ ਦਿੱਤਾ ਗਿਆ ਸੀ ਕਿ ਪ੍ਰਧਾਨ ਮੰਤਰੀ ਦੇ ਕਾਫ਼ਲੇ ਨੇ ਉਸ ਰਸਤੇ ਤੋਂ ਲੰਘਣਾ ਹੈ। ਇਸ ਰਿਪੋਰਟ ਦੇ ਆਧਾਰ ‘ਤੇ ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਤੋਂ ਹੁਣ ਤੱਕ ਦੋਸ਼ੀ ਅਧਿਕਾਰੀਆਂ ਖਿਲਾਫ ਕੀਤੀ ਕਾਰਵਾਈ ਦੀ ਰਿਪੋਰਟ ਤਲਬ ਕੀਤੀ ਹੈ। ਕੇਂਦਰੀ ਗ੍ਰਹਿ ਸਕੱਤਰ ਨੇ ਇਸ ਮਾਮਲੇ ‘ਤੇ ਪੰਜਾਬ ਦੇ ਮੁੱਖ ਸਕੱਤਰ ਨਾਲ ਵੀ ਗੱਲ ਕੀਤੀ ਅਤੇ ਕਿਹਾ ਕਿ ਪ੍ਰਧਾਨ ਮੰਤਰੀ ਦੀ ਸੁਰੱਖਿਆ ‘ਚ ਕੁਤਾਹੀ ਲਈ ਜ਼ਿੰਮੇਵਾਰ ਅਧਿਕਾਰੀਆਂ ਖਿਲਾਫ ਚਾਰਜਸ਼ੀਟ ਦਾਇਰ ਕੀਤੀ ਜਾਵੇ।

Comment here