ਸਿਆਸਤਖਬਰਾਂਦੁਨੀਆ

ਕੇਂਦਰ ਸਰਕਾਰ ਨੇ ਦਿੱਤੀ ਹਰੀ ਝੰਡੀ, ਭਲਕੇ ਖੁੱਲ੍ਹੇਗਾ ਕਰਤਾਰਪੁਰ ਲਾਂਘਾ

ਸੰਗਤਾਂ ’ਚ ਖੁਸ਼ੀ ਦੀ ਲਹਿਰ, ਸਿਆਸਤਦਾਨਾਂ ਵਲੋਂ ਕੇਂਦਰ ਦਾ ਧੰਨਵਾਦ
ਕਰੋਨਾ ਦੀ ਨੈਗੇਟਿਵ ਰਿਪੋਰਟ ਹੋਵੇਗੀ ਜ਼ਰੂਰੀ
ਪੰਜਾਬ ਕੈਬਨਿਟ ਪਹਿਲੇ ਜਥੇ ਚ ਜਾਵੇਗੀ ਕਰਤਾਰਪੁਰ ਸਾਹਿਬ
ਨਵੀਂ ਦਿੱਲੀ-ਹੁਣੇ ਜਿਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਟਵੀਟ ਕਰਦਿਆਂ ਦੱਸਿਆ ਕਿ 17 ਨਵੰਬਰ ਤੋਂ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੋਲ੍ਹਿਆ ਜਾਵੇਗਾ। ਇਸ ਦੌਰਾਨ ਭਾਰਤ ਵਿਚ ਵਸਦੀਆਂ ਸੰਗਤਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਜਾ ਸਕਦੀਆਂ ਹਨ। ਅਮਿਤ ਸ਼ਾਹ ਨੇ ਟਵੀਟ ਕਰਦਿਆਂ ਲਿਖਿਆ ਕਿ ਕੇਂਦਰ ਸਰਕਾਰ ਨੇ ਬੁੱਧਵਾਰ 17 ਨਵੰਬਰ ਤੋਂ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦਾ ਫੈਸਲਾ ਕੀਤਾ ਹੈ, ਜਿਸ ਦਾ ਵੱਡੀ ਗਿਣਤੀ ਸਿੱਖ ਸ਼ਰਧਾਲੂਆਂ ਨੂੰ ਫਾਇਦਾ ਹੋਵੇਗਾ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਦਾ ਇਹ ਫੈਸਲਾ ਮੋਦੀ ਸਰਕਾਰ ਦੀ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਸਾਡੀ ਸਿੱਖ ਕੌਮ ਪ੍ਰਤੀ ਬੇਅੰਤ ਸ਼ਰਧਾ ਨੂੰ ਦਰਸਾਉਂਦਾ ਹੈ।
ਇਕ ਹੋਰ ਟਵੀਟ ਕਰਦਿਆਂ ਕੇਂਦਰੀ ਗ੍ਰਹਿ ਮੰਤਰੀ ਨੇ ਕਿਹਾ ਕਿ ਦੇਸ਼ 19 ਨਵੰਬਰ ਨੂੰ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਤਿਆਰ ਹੈ ਅਤੇ ਮੈਨੂੰ ਯਕੀਨ ਹੈ ਕਿ ਕਰਤਾਰਪੁਰ ਲਾਂਘੇ ਨੂੰ ਮੁੜ ਖੋਲ੍ਹਣ ਦਾ ਫੈਸਲਾ ਦੇਸ਼ ਭਰ ਵਿਚ ਖੁਸ਼ੀ ਨੂੰ ਹੋਰ ਵਧਾਏਗਾ।  ਜ਼ਿਕਰਯੋਗ ਹੈ ਕਿ ਮਾਰਚ 2020 ਤੋਂ ਕਰਤਾਰਪੁਰ ਲਾਂਘਾ ਬੰਦ ਹੈ।
ਕੋਰੋਨਾ ਦਾ ਅਸਰ ਖਤਮ ਹੋਣ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਕਈ ਆਗੂਆਂ ਵਲੋਂ ਲਗਾਤਾਰ ਪ੍ਰਧਾਨ ਮੰਤਰੀ ਕੋਲ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ ਰੱਖੀ ਗਈ। ਪਿਛਲੇ ਤਿੰਨ ਦਿਨਾਂ ਦੌਰਾਨ ਪੰਜਾਬ ਭਾਜਪਾ ਦਾ ਇਕ ਵਫ਼ਦ ਵੀ ਰਾਸ਼ਟਰਪਤੀ ਰਾਮਨਾਥ ਕੋਵਿੰਦ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਿਆ। ਇਸ ਦੌਰਾਨ ਪੰਜਾਬ ਭਾਜਪਾ ਦੇ ਵਫਦ ਨੇ ਕੇਂਦਰ ਸਰਕਾਰ ਕੋਲ ਕਰਤਾਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਦੀ ਮੰਗ ਕੀਤੀ ਸੀ।
ਪਹਿਲੇ ਜਥੇ ’ਚ ਪੂਰੀ ਪੰਜਾਬ ਕੈਬਨਿਟ ਜਾਵੇਗੀ—ਚੰਨੀ
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਐਲਾਨ ਕੀਤਾ ਹੈ ਕਿ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਤੋਂ ਬਾਅਦ 18 ਨਵੰਬਰ ਨੂੰ ਪਹਿਲੇ ਜਥੇ ਵਿਚ ਸਮੁੱਚੀ ਪੰਜਾਬ ਕੈਬਨਿਟ ਸ੍ਰੀ ਕਰਤਾਰਪੁਰ ਸਾਹਿਬ ਵਿਖੇ  ਨਤਮਸਤਕ ਹੋਣ ਲਈ ਜਾਵੇਗੀ। ਇਸ ਦੌਰਾਨ ਮੁੱਖ ਮੰਤਰੀ ਨੇ ਕਰਤਾਰਪੁਰ ਲਾਂਘਾ ਲਈ ਕੇਂਦਰ ਸਰਕਾਰ ਦਾ ਧੰਨਵਾਦ ਕੀਤਾ।
ਨਾਨਕ ਨਾਮ ਲੇਵਾ ਸੰਗਤ ਲਈ ਅਨਮੋਲ ਤੋਹਫ਼ਾ—ਨਵਜੋਤ ਸਿੱਧੂ
ਨਵਜੋਤ ਸਿੰਘ ਸਿੱਧੂ ਨੇ ਸਰਕਾਰ ਦੇ ਇਸ ਫੈਸਲੇ ਦਾ ਸਵਾਗਤ ਕੀਤਾ ਹੈ। ਉਹਨਾਂ ਨੇ ਟਵੀਟ ਕਰਦਿਆਂ ਲਿਖਿਆ,  ‘‘ਸੁਆਗਤ ਵਾਲਾ ਕਦਮ…ਲਾਂਘੇ ਦਾ ਮੁੜ ਖੁੱਲ੍ਹਣਾ ਨਾਨਕ ਨਾਮ ਲੇਵਾ ਸੰਗਤ ਲਈ ਅਨਮੋਲ ਤੋਹਫ਼ਾ ਮਹਾਨ ਗੁਰੂ ਦਾ ਲਾਂਘਾ ਸਦਾ ਲਈ ਖੁੱਲ੍ਹਾ ਰਹੇ ਤਾਂ ਜੋ ਸਾਰਿਆਂ ਉੱਤੇ ਅਸੀਸਾਂ ਦੀ ਵਰਖ਼ਾ ਹੋਵੇ.. ਸਰਬੱਤ ਦਾ ਭਲਾ”। ਇਸ ਦੇ ਨਾਲ ਹੀ ਨਵਜੋਤ ਸਿੱਧੂ ਨੇ ਭਾਰਤ ਸਰਕਾਰ ਨੂੰ ਸਾਰਿਆਂ ਲਈ ਖੁੱਲ੍ਹੇ ਦਰਸ਼ਨ ਦੀਦਾਰ ਲਈ ਨਵਾਂ ਦਰਸ਼ਨ ਅਸਥਾਨ ਬਣਾਉਣ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ’ਤੇ 3 ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਅਪੀਲ ਕੀਤੀ ਹੈ।
ਸੂਬੇ ਚ ਸ਼ਾਂਤੀ ਬਣੀ ਰਹੂ-ਪਰਗਟ ਸਿੰਘ
ਕਰਤਾਰਪੁਰ ਲਾਂਘਾ ਖੋਲ੍ਹਣ ਨੂੰ ਲੈ ਕੇ ਸਿੱਖਿਆ ਮੰਤਰੀ ਪਰਗਟ ਸਿੰਘ ਦਾ ਕਹਿਣਾ ਹੈ ਕਿ ਇਹ ਬਹੁਤ ਹੀ ਵਧੀਆ ਫੈਸਲਾ ਹੈ ਤੇ ਇਸ ਫੈਸਲੇ ਨਾਲ ਸੂਬੇ ਵਿਚ ਸ਼ਾਂਤੀ ਵੀ ਬਣੀ ਰਹੇਗੀ ਤੇ ਇਸ ਦੇ ਨਾਲ ਹੀ ਜੋ ਨਾਨਕ ਨਾਮ ਲੇਵਾ ਸੰਗਤ ਹੈ, ਉਹਨਾਂ ਦੀ ਵੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਦੀ ਇੱਛਾ ਪੂਰੀ ਹੋਵੇਗੀ
ਕੈਪਟਨ ਨੇ ਮੋਦੀ ਤੇ ਅਮਿਤ ਸ਼ਾਹ ਦਾ ਕੀਤਾ ਧੰਨਵਾਦ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਕੇਂਦਰ ਸਰਕਾਰ ਦੇ ਇਸ ਫੈਸਲੇ ਦਾ ਸਵਾਗਤ ਕੀਤਾ ਹੈ। ਉਹਨਾਂ ਨੇ ਟਵੀਟ ਕਰਦਿਆਂ ਕਿਹਾ ਕਿ ਮੈਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਸਮੇਂ ਸਿਰ ਕਰਤਾਰਪੁਰ ਲਾਂਘਾ ਖੋਲ੍ਹਣ ਲਈ ਦਿਲੋਂ ਧੰਨਵਾਦ ਕਰਦਾ ਹਾਂ। ਇਸ ਨਾਲ ਹਜ਼ਾਰਾਂ ਸ਼ਰਧਾਲੂਆਂ ਨੂੰ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਮੌਕੇ ਪਵਿੱਤਰ ਅਸਥਾਨ ਦੇ ਦਰਸ਼ਨ ਕਰਨ ਦਾ ਮੌਕਾ ਮਿਲੇਗਾ।
 ਜਗੀਰ ਕੌਰ ਦੀ ਅਗਵਾਈ ’ਚ 19 ਨੂੰ ਕਰਤਾਰਪੁਰ ਸਾਹਿਬ ਜਾਵੇਗਾ ਜਥਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਭਾਰਤ ਸਰਕਾਰ ਵੱਲੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਦਾ ਲਾਂਘਾ ਮੁੜ ਖੁਲ੍ਹਣ ’ਤੇ ਖੁਸ਼ੀ ਪ੍ਰਗਟ ਕਰਦਿਆਂ ਐਲਾਨ ਕੀਤਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 19 ਨਵੰਬਰ ਨੂੰ ਪ੍ਰਕਾਸ਼ ਪੁਰਬ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਮਨਾਇਆ ਜਾਵੇਗਾ। ਇਸ ਦਿਨ ਉਹ (ਬੀਬੀ ਜਗੀਰ ਕੌਰ) ਖੁਦ ਕਰਤਾਰਪੁਰ ਸਾਹਿਬ ਵਿਖੇ ਇਕ ਵਿਸ਼ੇਸ਼ ਜਥਾ ਲੈ ਕੇ ਜਾਣਗੇ। ਭਾਰਤ ਸਰਕਾਰ ਵੱਲੋਂ ਲਾਂਘਾ ਖੋਲ੍ਹੇ ਜਾਣ ਦੇ ਕੀਤੇ ਐਲਾਨ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਬੀਬੀ ਜਗੀਰ ਕੌਰ ਨੇ ਗੁਰੂ ਸਾਹਿਬ ਦਾ ਸ਼ੁਕਰਾਨਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਤੇ ਵਿਦੇਸ਼ ਮੰਤਰੀ ਸ੍ਰੀ ਸੁਭਰਾਮਣੀਅਮ ਜੈਸ਼ੰਕਰ ਦਾ ਧੰਨਵਾਦ ਕੀਤਾ। ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਲਾਂਘਾ ਮੁੜ ਖੋਲ੍ਹੇ ਜਾਣ ਦੀ ਮੰਗ ਨੂੰ ਲੈ ਕੇ ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ ਅਤੇ ਵਿਦੇਸ਼ ਮੰਤਰੀ ਨੂੰ ਪੱਤਰ ਲਿਖੇ ਗਏ ਸਨ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ 19 ਨਵੰਬਰ ਨੂੰ ਆ ਰਿਹਾ ਪ੍ਰਕਾਸ਼ ਪੁਰਬ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਵਿਖੇ ਮਨਾਇਆ ਜਾਵੇਗਾ। ਬੀਬੀ ਜਗੀਰ ਕੌਰ ਨੇ ਆਖਿਆ ਕਿ ਪ੍ਰਕਾਸ਼ ਪੁਰਬ ਵਾਲੇ ਦਿਨ ਉਹ ਖ਼ੁਦ ਸ੍ਰੀ ਕਰਤਾਰਪੁਰ ਸਾਹਿਬ ਪਾਸਿਕਤਾਨ ਵਿਖੇ ਵਿਸ਼ਾਲ ਜਥਾ ਲੈ ਕੇ ਜਾਣਗੇ। ਇਸ ਦਿਨ ਸ਼੍ਰੋਮਣੀ ਕਮੇਟੀ ਵੱਲੋਂ ਲਿਜਾਏ ਜਾ ਰਹੇ ਜਥੇ ਦਾ ਸਾਰਾ ਖਰਚ ਸ਼੍ਰੋਮਣੀ ਕਮੇਟੀ ਵੱਲੋਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੰਗਤਾਂ 19 ਨਵੰਬਰ ਨੂੰ ਸ਼੍ਰੋਮਣੀ ਕਮੇਟੀ ਦੇ ਜਥੇ ਵਿਚ ਸ੍ਰੀ ਕਰਤਾਰਪੁਰ ਸਾਹਿਬ ਜਾਣ ਲਈ ਆਪਣੀ ਕਾਰਵਾਈ ਮੁਕੰਮਲ ਕਰਨ ਅਤੇ ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਨੂੰ ਸੂਚਿਤ ਕਰਨ। ਇਸ ਦੌਰਾਨ ਬੀਬੀ ਜਗੀਰ ਕੌਰ ਨੇ ਇਹ ਵੀ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ 17 ਨਵੰਬਰ ਨੂੰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਇਆ ਜਾਵੇਗਾ, ਜਿਸ ਦੇ ਭੋਗ 19 ਨਵੰਬਰ ਨੂੰ ਪਾਏ ਜਾਣਗੇ। ਉਨ੍ਹਾਂ ਦੱਸਿਆ ਕਿ ਲਾਂਘਾ ਖੁਲ੍ਹਣ ਮਗਰੋਂ ਉਨ੍ਹਾਂ ਦੀ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਅਮੀਰ ਸਿੰਘ ਤੇ ਸਾਬਕਾ ਪ੍ਰਧਾਨ ਬਿਸ਼ਨ ਸਿੰਘ ਨਾਲ ਗੱਲਬਾਤ ਹੋਈ ਹੈ, ਜਿਨ੍ਹਾਂ ਨੇ 19 ਨਵੰਬਰ ਵਾਲੇ ਜਥੇ ਸਬੰਧੀ ਮੁਕੰਮਲ ਪ੍ਰਬੰਧ ਕਰਨ ਦੀ ਵਚਨਬੱਧਤਾ ਪ੍ਰਗਟਾਈ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਪ੍ਰਕਾਸ਼ ਪੁਰਬ ਸਬੰਧੀ ਉਥੇ ਕਰਵਾਏ ਜਾਣ ਵਾਲੇ ਸਮਾਗਮਾਂ ਲਈ ਲੰਗਰ ਦੀਆਂ ਰਸਦਾਂ ਵੀ ਲੈ ਕੇ ਜਾਵੇਗੀ ਅਤੇ ਇਸ ਦੇ ਨਾਲ ਹੀ ਰਾਗੀ ਜਥੇ ਤੇ ਪ੍ਰਚਾਰਕ ਵੀ ਜਥੇ ਵਿਚ ਸ਼ਾਮਲ ਹੋਣਗੇ। ਜਥੇ ਦੀ ਗਿਣਤੀ ਸਬੰਧੀ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਮੈਂਬਰਾਂ ਨੂੰ ਇਸ ਸਬੰਧੀ ਸੂਚਿਤ ਕੀਤਾ ਗਿਆ ਅਤੇ ਭਾਰਤ ਸਰਕਾਰ ਵੱਲੋਂ ਤੈਅ ਨਿਯਮਾਂ ਅਨੁਸਾਰ ਹੀ ਜਥੇ ਦੇ ਮੈਂਬਰਾਂ ਦੀ ਗਿਣਤੀ ਹੋਵੇਗੀ।

 ਸ਼ਰਧਾਲੂਆਂ ਲਈ ਨੈਗੇਟਿਵ ਰਿਪੋਰਟ ਤੇ ਵੈਕਸੀਨੇਸ਼ਨ ਸਰਟੀਫਿਕੇਟ ਜ਼ਰੂਰੀ

ਪਾਕਿਸਤਾਨ ਸਥਿਤ ਗੁਰਦੁਆਰਾ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਲਈ ਕੁਝ ਗੱਲਾਂ ਦਾ ਧਿਆਨ ਰੱਖਣਾ ਬਹੁਤ ਜ਼ਰੂਰੀ ਹੈ।  ਸ਼ਰਧਾਲੂਆਂ ਨੂੰ ਨੈਗੇਟਿਵ ਆਰਟੀ-ਪੀਸੀਆਰ (RT-PCR) ਰਿਪੋਰਟ ਅਤੇ ਵੈਕਸੀਨੇਸ਼ਨ ਸਰਟੀਫਿਕੇਟ ਨਾਲ ਰੱਖਣਾ ਹੋਵੇਗਾ। ਰਜਿਸਟਰੇਸ਼ਨ ਭਲਕ ਤੋਂ ਸ਼ੁਰੂ ਹੋ ਰਹੀ ਹੈ।

Comment here