ਸਿਆਸਤਖਬਰਾਂਚਲੰਤ ਮਾਮਲੇ

ਕੇਜਰੀਵਾਲ ‘ਤੇ ਭਗਵੰਤ ਮਾਨ ਦੀ ਅੰਮ੍ਰਿਤਸਰ ਫੇਰੀ ਦਾ ਵਿਰੋਧ

ਅੰਮ੍ਰਿਤਸਰ-ਦਿੱਲੀ ਦੇ ਮੁੱਖ ਮੰਤਰੀ ਅਤੇ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਅੰਮ੍ਰਿਤਸਰ ਦੇ ਸਰਕਾਰੀ ਸਕੂਲ ਦੇ ਇੱਕ ਪ੍ਰੋਗਰਾਮ ਵਿੱਚ ਸ਼ਿਰਕਤ ਕਰਨ ਲਈ ਪਹੁੰਚਿਆ ਜਾ ਰਿਹਾ ਹੈ। ਦੂਜੇ ਪਾਸੇ ਇਲਾਕਾ ਨਿਵਾਸੀਆਂ ਵੱਲੋਂ ਦਿੱਲੀ ਦੇ ਮੁੱਖ ਮੰਤਰੀ ਅਤੇ ਪੰਜਾਬ ਦੇ ਮੁੱਖ ਮੰਤਰੀਆਂ ਦੇ ਤੋਂ ਇਲਾਵਾ ਇਲਾਕੇ ਦੇ ਆਪ ਵਿਧਾਇਕ ਜਸਬੀਰ ਸਿੰਘ ਸੰਧੂ ਦੇ ਖ਼ਿਲਾਫ਼ ਧਰਨਾ ਪ੍ਰਦਰਸ਼ਨ ਕੀਤਾ ਗਿਆ। ਇਲਾਕਾ ਨਿਵਾਸੀਆਂ ਨੇ ਕਾਲੀਆਂ ਝੰਡੀਆਂ ਦਿਖਾ ਕੇ ਆਮ ਆਦਮੀ ਪਾਰਟੀ ਦੇ ਨੇਤਾਵਾਂ ਦਾ ਵਿਰੋਧ ਕੀਤਾ ਹੈ।
ਦੱਸ ਦਈਏ ਪ੍ਰਦਰਸ਼ਨ ਦੀ ਸ਼ੁਰੂਆਤ ਤੋਂ ਪਹਿਲਾਂ ਹੀ ਇਲਾਕੇ ਦੇ ਮੋਹਤਬਰ ਵਿਨੋਦ ਕੁਮਾਰ ਨੂੰ ਪੁਲਿਸ ਵੱਲੋਂ ਘਰੋਂ ਤੋਂ ਹੀ ਗ੍ਰਿਫ਼ਤਾਰ ਕਰ ਲਿਆ ਗਿਆ। ਜਿਸ ਤੋਂ ਬਾਅਦ ਇਲਾਕਾ ਨਿਵਾਸੀਆਂ ਵੱਲੋਂ ਕਾਲੀਆਂ ਝੰਡੀਆਂ ਦੇ ਨਾਲ ਪੁਲਿਸ ਅਤੇ ਪੰਜਾਬ ਸਰਕਾਰ ਦੇ ਖਿਲਾਫ ਨਾਅਰੇਬਾਜ਼ੀ ਵੀ ਕੀਤੀ ਗਈ। ਸਥਾਨਕਵਾਸੀਆਂ ਨੇ ਗ੍ਰਿਫ਼ਤਾਰੀ ਦਾ ਵਿਰੋਧ ਕੀਤਾ ਅਤੇ ਪੁਰਾਣੇ ਦਿਨਾਂ ਨੂੰ ਯਾਦ ਕਰਵਾਉਂਦਿਆਂ ਕਿਹਾ ਕਿ ਕਿਸੇ ਵੇਲੇ ਅੰਦੋਲਨ ਵਿੱਚੋਂ ਨਿਕਲੀ ਹੋਈ ਪਾਰਟੀ ਅੱਜ ਲੋਕਾਂ ਨੂੰ ਅੰਦੋਲਨ ਨਹੀਂ ਕਰਨ ਦੇ ਰਹੀ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਇਲਾਕੇ ਦੇ ਵਿਧਾਇਕ ਜਸਬੀਰ ਸਿੰਘ ਸੰਧੂ ਨੇ ਕਿਸੇ ਵੀ ਤਰ੍ਹਾਂ ਦੀ ਸਹੂਲਤ ਇਲਾਕਾ ਨਿਵਾਸੀਆਂ ਨੂੰ ਨਹੀਂ ਦਿੱਤੀ ਅਤੇ ਲੋਕ ਸੀਵਰੇਜ ਦਾ ਗੰਦਾ ਪਾਣੀ ਘਰਾਂ ਵਿੱਚ ਦਾਖਿਲ ਹੋਣ ਤੋਂ ਪਰੇਸ਼ਾਨ ਹਨ, ਜਿਸ ਕਾਰਣ ਉਹ ਗੰਦਗੀ ਅਤੇ ਨਰਕ ਭਰੀ ਜ਼ਿੰਦਗੀ ਜੀਉਣ ਲਈ ਮਜਬੂਰ ਹਨ।
ਇਲਾਕਾ ਨਿਵਾਸੀਆਂ ਨੇ ਅੱਗੇ ਕਿਹਾ ਕਿ ਅੱਜ ਜਦੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੰਮ੍ਰਿਤਸਰ ਦੇ ਦੌਰੇ ਉੱਤੇ ਹਨ। ਉਨ੍ਹਾਂ ਨੂੰ ਆਪਣੇ ਇਲਾਕੇ ਦੀਆਂ ਸਾਰੀਆਂ ਮੁਸ਼ਕਲਾਂ ਦੱਸਣ ਵਾਸਤੇ ਇਹ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ ਪਰ ਪੁਲਿਸ ਵੱਲੋਂ ਪਹਿਲਾਂ ਹੀ ਇਲਾਕੇ ਦੇ ਮੋਹਤਬਰ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਲੋਕਾਂ ਦਾ ਕਹਿਣਾ ਹੈ ਕਿ ਦੋਵਾਂ ਮੁੱਖ ਮੰਤਰੀਆਂ ਨੂੰ ਉਨ੍ਹਾਂ ਵੱਲੋਂ ਦਿੱਤੀਆਂ ਗਈਆਂ ਗਾਰੰਟੀਆਂ ਯਾਦ ਕਰਵਾਉਣ ਲਈ ਆਏ ਸਨ ਪਰ ਪੁਲਿਸ ਨੇ ਕਾਨੂੰਨ ਦੀ ਦੁਰਵਰਤੋਂ ਕਰਦਿਆਂ ਉਨ੍ਹਾਂ ਦਾ ਪ੍ਰਦਰਸ਼ਨ ਰੋਕ ਦਿੱਤਾ।
2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਅੰਦਰ ਆਮ ਆਦਮੀ ਪਾਰਟੀ ਵੱਲੋਂ ਨੇ ਇਹ ਦੱਸ ਕੇ ਵੋਟਾਂ ਮੰਗੀਆਂ ਸਨ ਕਿ ਇਹ ਅੰਦੋਲਨ ਵਿੱਚੋਂ ਨਿਕਲੀ ਹੋਈ ਪਾਰਟੀ ਹੈ ਪਰ ਅੰਦੋਲਨ ਵਿੱਚੋਂ ਨਿਕਲੀ ਹੋਈ ਪਾਰਟੀ ਹੁਣ ਲੋਕਾਂ ਨੂੰ ਹੱਕਾਂ ਦੇ ਲਈ ਆਵਾਜ਼ ਵੀ ਚੁੱਕਣ ਨਹੀਂ ਦੇ ਰਹੀ। ਜਿਹੜਾ ਵੀ ਵਿਅਕਤੀ ਇਸ ਸਰਕਾਰ ਖਿਲਾਫ ਆਵਾਜ਼ ਚੁੱਕਦਾ ਹੈ, ਉਸ ਨੂੰ ਗ੍ਰਿਫਤਾਰ ਕਰ ਲਿਆ ਜਾਂਦਾ ਹੈ। ਇਸੇ ਲੜੀ ਦੇ ਤਹਿਤ ਵੀ ਅੱਜ ਅੰਮ੍ਰਿਤਸਰ ਦੇ ਵਿੱਚ ਵਿਨੋਦ ਕੁਮਾਰ ਜੋ ਕਿ ਭਾਰਤੀ ਜਨਤਾ ਪਾਰਟੀ ਦੇ ਨੇਤਾ ਅਤੇ ਇਸ ਇਲਾਕੇ ਦੇ ਮੋਹਤਬਰ ਸਨ, ਉਨ੍ਹਾਂ ਨੂੰ ਪੁਲਿਸ ਵੱਲੋਂ ਗ੍ਰਿਫਤਾਰ ਕਰ ਲਿਆ ਗਿਆ। ਹੁਣ ਇਲਾਕਾ ਨਿਵਾਸੀਆਂ ਦਾ ਕਹਿਣਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕਾਲੀਆਂ ਝੰਡੀਆਂ ਜ਼ਰੂਰ ਦਿਖਾਈਆਂ ਜਾਣਗੀਆਂ।

Comment here