ਸਿਆਸਤਖਬਰਾਂਚਲੰਤ ਮਾਮਲੇ

ਕੇਜਰੀਵਾਲ ‘ਤੇ ਮਾਨ ਵੱਲੋਂ ਮੱਧ ਪ੍ਰਦੇਸ਼ ‘ਚ ਗਾਰੰਟੀ ਕਾਰਡ ਜਾਰੀ

ਨਵੀਂ ਦਿੱਲੀ-ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਛੱਤੀਸਗੜ੍ਹ ‘ਚ ਗਾਰੰਟੀ ਦੇਣ ਤੋਂ ਬਾਅਦ ਐਤਵਾਰ ਨੂੰ ਮੱਧ ਪ੍ਰਦੇਸ਼ ‘ਚ ਵੀ ਪਾਰਟੀ ਦਾ ਗਾਰੰਟੀ ਕਾਰਡ ਜਾਰੀ ਕੀਤਾ। ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦੋਵਾਂ ਆਗੂਆਂ ਨੇ ਮੱਧ ਪ੍ਰਦੇਸ਼ ਦੇ ਲੋਕਾਂ ਨੂੰ ਰੁਜ਼ਗਾਰ, ਮੁਫ਼ਤ ਬਿਜਲੀ, ਸਿੱਖਿਆ, ਸਿਹਤ, ਸ਼ਹੀਦ ਸਨਮਾਨ ਫੰਡ ਅਤੇ ਭ੍ਰਿਸ਼ਟਾਚਾਰ ਮੁਕਤ ਸ਼ਾਸਨ ਦੀ ਗਰੰਟੀ ਦਿੰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਝੂਠੇ ਵਾਅਦੇ ਨਹੀਂ ਕਰਦੀ। ਅਸੀਂ ਜੋ ਕਹਿੰਦੇ ਹਾਂ ਕਰ ਕੇ ਦਿਖਾਉਂਦੇ ਹਾਂ। ਇਸ ਮੌਕੇ ਲੋਕਾਂ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਜਪਾ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਮੱਧ ਪ੍ਰਦੇਸ਼ ਨੂੰ ਹੁਣ ਭਾਜਪਾ ਦੇ ਡਬਲ ਇੰਜਣ ਦੀ ਲੋੜ ਨਹੀਂ ਹੈ। ਹੁਣ ਮੱਧ ਪ੍ਰਦੇਸ਼ ਨੂੰ ਅਰਵਿੰਦ ਕੇਜਰੀਵਾਲ ਦੇ ਨਵੇਂ ਇੰਜਣ ਦੀ ਲੋੜ ਹੈ। ਕੇਜਰੀਵਾਲ ਦੀ ਤਾਰੀਫ ਕਰਦਿਆਂ ਮਾਨ ਨੇ ਕਿਹਾ ਕਿ ਜਿਸ ਤਰ੍ਹਾਂ ਗੰਗਾ ਦਾ ਵਹਾਅ ਉਲਟਾ ਨਹੀਂ ਵਹਿ ਸਕਦਾ ੳਸੇ ਤਰਾਂ ਅਰਵਿੰਦ ਕੇਜਰੀਵਾਲ ਦੀ ਗਾਰੰਟੀ ਅਧੂਰੀ ਨਹੀਂ ਹੋ ਸਕਦੀ।
ਰੁਜ਼ਗਾਰ ਦੀ ਗਰੰਟੀ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ‘ਚ ਅਸੀਂ ਡੇਢ ਸਾਲ ‘ਚ 30 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਕੁਝ ਦਿਨ ਪਹਿਲਾਂ ਹੀ 12710 ਕੱਚੇ ਅਧਿਆਪਕਾਂ ਦੀਆਂ ਨੌਕਰੀਆਂ ਪੱਕੀਆਂ ਕਰਕੇ ਉਨ੍ਹਾਂ ਦੀਆਂ ਤਨਖਾਹਾਂ ਵਿੱਚ ਤਿੰਨ ਗੁਣਾ ਵਾਧਾ ਕੀਤਾ ਗਿਆ ਹੈ। ਮੱਧ ਪ੍ਰਦੇਸ਼ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ’ਤੇ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾਣਗੀਆਂ। ਮੁੱਖ ਮੰਤਰੀ ਭਗਵੰਤ ਮਾਨ ਨੇ ਬਿਜਲੀ ਦੀ ਗਾਰੰਟੀ ਦਿੰਦਿਆਂ ਕਿਹਾ ਕਿ ਦਿੱਲੀ ਵਿੱਚ ਬਿਜਲੀ ਪੈਦਾ ਨਾ ਹੋਣ ਦੇ ਬਾਵਜੂਦ ਅਰਵਿੰਦ ਕੇਜਰੀਵਾਲ ਨੇ ਦਿੱਲੀ ਵਾਸੀਆਂ ਨੂੰ 24 ਘੰਟੇ ਮੁਫ਼ਤ ਬਿਜਲੀ ਦਿੱਤੀ। ਪੰਜਾਬ ਵਿੱਚ ਵੀ 1 ਜੁਲਾਈ 2022 ਤੋਂ ਲੋਕਾਂ ਨੂੰ ਹਰ ਮਹੀਨੇ 300 ਯੂਨਿਟ ਮੁਫਤ ਬਿਜਲੀ ਮਿਲ ਰਹੀ ਹੈ। ਮੁਫ਼ਤ ਬਿਜਲੀ ਕਾਰਨ ਹੁਣ ਆਮ ਲੋਕਾਂ ਨੂੰ ਹਰ ਮਹੀਨੇ ਦੋ ਤੋਂ ਤਿੰਨ ਹਜ਼ਾਰ ਰੁਪਏ ਦੀ ਬੱਚਤ ਹੋ ਰਹੀ ਹੈ।
ਸਿੱਖਿਆ ਅਤੇ ਸਿਹਤ ਦੀ ਗਾਰੰਟੀ ‘ਤੇ ਬੋਲਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਦਿੱਲੀ ਦੇ ਸਰਕਾਰੀ ਸਕੂਲਾਂ ਨੂੰ ਇੰਨਾ ਵਧੀਆ ਬਣਾ ਦਿੱਤਾ ਕਿ ਜਦੋਂ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਭਾਰਤ ਆਏ ਸਨ ਤਾਂ ਪ੍ਰਧਾਨ ਮੰਤਰੀ ਮੋਦੀ ਦੇ ਨਾ ਚਾਹੁੰਦੇ ਹੋਏ ਵੀ ਉਨ੍ਹਾਂ ਦੀ ਪਤਨੀ ਮੇਲਾਨੀਆ ਟਰੰਪ ਨੇ ਦਿੱਲੀ ਦੇ ਸਰਕਾਰੀ ਸਕੂਲਾਂ ਨੂੰ ਦੇਖਣ ਦੀ ਇੱਛਾ ਜਤਾਈ । ਸਰਕਾਰੀ ਸਕੂਲਾਂ ਨੂੰ ਸੁਧਾਰਨ ਦੇ ਨਾਲ-ਨਾਲ, ਕੇਜਰੀਵਾਲ ਸਰਕਾਰ ਨੇ ਦਿੱਲੀ ਵਿੱਚ ਸੈਂਕੜੇ ਮੋਹਲਾ ਕਲੀਨਿਕ ਖੋਲ੍ਹੇ ਅਤੇ ਸਰਕਾਰੀ ਹਸਪਤਾਲਾਂ ਦਾ ਨਵੀਨੀਕਰਨ ਕੀਤਾ। ਦਿੱਲੀ ਵਿੱਚ ਛੋਟੀਆਂ ਤੋਂ ਵੱਡੀਆਂ ਬਿਮਾਰੀਆਂ ਦਾ ਇਲਾਜ ਅਤੇ ਹਰ ਤਰ੍ਹਾਂ ਦੇ ਟੈਸਟ ਮੁਫ਼ਤ ਹਨ।
ਮੁੱਖ ਮੰਤਰੀ ਭਗਵੰਤ ਮਾਨ ਨੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਦੀ ਗੱਲ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਸਰਕਾਰ ਬਣਨ ਤੋਂ ਬਾਅਦ ਅਸੀਂ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਨੰਬਰ ਜਾਰੀ ਕੀਤਾ ਹੈ। ਉਸ ਨੰਬਰ ‘ਤੇ ਮਿਲੀਆਂ ਸ਼ਿਕਾਇਤਾਂ ਦੇ ਆਧਾਰ ‘ਤੇ ਅਸੀਂ 350 ਤੋਂ ਵੱਧ ਭ੍ਰਿਸ਼ਟ ਆਗੂਆਂ, ਅਧਿਕਾਰੀਆਂ ਅਤੇ ਕਰਮਚਾਰੀਆਂ ਵਿਰੁੱਧ ਕਾਰਵਾਈ ਕੀਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਦਿੱਲੀ ਦੀ ਸਿੱਖਿਆ ਅਤੇ ਸਿਹਤ ਕ੍ਰਾਂਤੀ ਨੂੰ ਦੇਖ ਕੇ ਪ੍ਰਧਾਨ ਮੰਤਰੀ ਮੋਦੀ ਡਰ ਗਏ ਹਨ। ਇਸੇ ਲਈ ਉਨ੍ਹਾਂ ਨੇ ਦਿੱਲੀ ਦੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਅਤੇ ਸਿਹਤ ਮੰਤਰੀ ਸਤੇਂਦਰ ਜੈਨ ਨੂੰ ਜੇਲ੍ਹ ਵਿੱਚ ਡੱਕ ਦਿੱਤਾ। ਪਰ ਅਰਵਿੰਦ ਕੇਜਰੀਵਾਲ ਡਰਨ ਵਾਲਾ ਅਤੇ ਰੁਕਣ ਵਾਲਾ ਨਹੀਂ ਹੈ।
ਪੰਜਾਬ ਦੇ ਮੁਖ ਮੰਤਰੀ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜੁਮਲੇਬਾਜ ਅਤੇ ਅਨਪੜ੍ਹ ਕਰਾਰ ਦਿੰਦਿਆਂ ਕਿਹਾ, “ਠੰਡਾ ਦਾ ਮਤਲਬ ਕੋਕਾ ਕੋਲਾ, ਅਨਪੜ ਦਾ ਮਤਲਬ ਨਰਿੰਦਰ ਮੋਦੀ”। ਉਨ੍ਹਾਂ ਕਿਹਾ ਕਿ ਨਰਿੰਦਰ ਮੋਦੀ ਨੇ ਦੇਸ਼ ਦੀ ਜਨਤਾ ਨਾਲ ਸਿਰਫ ਜੁਮਲੇਬਾਜ਼ੀ ਕੀਤੀ ਹੈ। ਉਹ ਬਚਪਨ ਵਿੱਚ ਚਾਹ ਵੇਚਣ ਦੀ ਗੱਲ ਕਰਦੇ ਸੀ, ਪਰ ਮੈਨੂੰ ਇਹ ਵੀ ਸ਼ੱਕ ਹੈ ਕਿ ਉਹ ਚਾਹ ਬਣਾਉਣਾ ਵੀ ਨਹੀਂ ਜਾਣਦੇ ਹੋਣਗੇ। ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੂਰੇ ਦੇਸ਼ ‘ਚ ਇਕ ਹੀ ਪਾਰਟੀ ਹੈ ਜੋ ਤੁਹਾਡਾ ਅਤੇ ਤੁਹਾਡੇ ਬੱਚਿਆਂ ਦਾ ਚੰਗਾ ਭਵਿੱਖ ਬਣਾ ਸਕਦੀ ਹੈ, ਉਹ ਹੈ ਆਮ ਆਦਮੀ ਪਾਰਟੀ। ਜੇਕਰ ਤੁਸੀਂ ਚਾਹੁੰਦੇ ਹੋ ਕਿ ਤੁਹਾਡੇ ਬੱਚੇ ਦਾ ਭਵਿੱਖ ਬਿਹਤਰ ਹੋਵੇ। ਉਨ੍ਹਾਂ ਨੂੰ ਰੁਜ਼ਗਾਰ ਮਿਲੇ ਅਤੇ ਉਹ ਚੰਗੀ ਸਿੱਖਿਆ ਪ੍ਰਾਪਤ ਕਰਣ ਤਾਂ ਆਮ ਆਦਮੀ ਪਾਰਟੀ ਨੂੰ ਵੋਟ ਦਵੋ।
ਕੇਜਰੀਵਾਲ ਨੇ ਕਿਹਾ ਕਿ ਪਿਛਲੇ 75 ਸਾਲਾਂ ‘ਚ ਦੇਸ਼ ‘ਚ ਇਕ ਵੀ ਪਾਰਟੀ ਅਜਿਹੀ ਨਹੀਂ ਹੋਈ, ਜਿਸ ਨੇ ਚੰਗੇ ਸਕੂਲ ਅਤੇ ਹਸਪਤਾਲ ਬਣਾਉਣ ਦੇ ਨਾਂ ‘ਤੇ ਵੋਟਾਂ ਮੰਗੀਆਂ ਹੋਣ। ਅਰਵਿੰਦ ਕੇਜਰੀਵਾਲ ਨੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ‘ਤੇ ਹਮਲਾ ਬੋਲਦਿਆਂ ਕਿਹਾ ਕਿ ਮਾਮਾ ਨੇ ਮੱਧ ਪ੍ਰਦੇਸ਼ ਦੇ ਨੌਜਵਾਨਾਂ ਨਾਲ ਧੋਖਾ ਕੀਤਾ ਹੈ। ਹੁਣ ਤੁਹਾਡਾ ਚਾਚਾ ਮਾਮੇ ਦੇ ਧੋਖੇ ਦਾ ਬਦਲਾ ਲੈਣ ਆਇਆ ਹੈ। ਹੁਣ ਮਾਮਾ ‘ਤੇ ਭਰੋਸਾ ਨਾ ਕਰੋ। ਹੁਣ ਸਿਰਫ਼ ਆਪਣੇ ਚਾਚੇ ‘ਤੇ ਭਰੋਸਾ ਕਰੋ।

Comment here