ਸਿਆਸਤਖਬਰਾਂ

ਕੇਜਰੀਵਾਲ ਦਾ 31 ਦਸੰਬਰ ਨੂੰ ਪਟਿਆਲਾ ’ਚ ਸ਼ਾਂਤੀ ਮਾਰਚ

ਚੰਡੀਗੜ੍ਹ-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਦੇ ਪ੍ਰਚਾਰ ਲਈ ਅਗਲਾ ਦੌਰਾ 31 ਦਸੰਬਰ ਨੂੰ ਹੋਵੇਗਾ। ਉਹ ਇਸ ਦਿਨ ਪਟਿਆਲਾ ਵਿੱਚ ਦੌਰਾ ਕਰਨਗੇ ਅਤੇ ਲੋਕਾਂ ਨੂੰ ਪਾਰਟੀ ਨੀਤੀਆਂ ਬਾਰੇ ਦੱਸਣਗੇ। ਆਮ ਆਦਮੀ ਪਾਰਟੀ ਦੇ ਪੰਜਾਬ ਇੰਚਾਰਜ ਅਤੇ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਨੇ ਕਿਹਾ ਕਿ ਕੇਜਰੀਵਾਲ 31 ਦਸੰਬਰ ਨੂੰ ਪਟਿਆਲਾ ਵਿੱਚ ਸ਼ਾਂਤੀ ਮਾਰਚ ਕਰਨਗੇ, ਜੋ ਕਿ ਪੰਜਾਬ ’ਚ ਸ਼ਾਂਤੀ ਅਤੇ ਭਾਈਚਾਰਕ ਇਕਜੁਟਤਾ ਬਣਾਈ ਰੱਖਣ ਲਈ ਕੀਤਾ ਜਾਵੇਗਾ।
ਮਾਨ ਨੇ ਕਿਹਾ ਕਿ ਪੰਜਾਬ ਵਿੱਚ ਸ਼ਾਂਤੀ ਨੂੰ ਲਾਂਬੂ ਲਾਉਣ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ। ਪਹਿਲਾਂ ਸ੍ਰੀ ਦਰਬਾਰ ਸਾਹਿਬ ਵਿਖੇ ਬੇਅਦਬੀ ਦੀ ਘਟਨਾ ਹੋਈ ਅਤੇ ਹੁਣ ਪਿਛੇ ਲੁਧਿਆਣਾ ਅਦਾਲਤ ਵਿੱਚ ਬੰਬ ਧਮਾਕਾ ਹੋਇਆ। ਇਹ ਘਟਨਾਵਾਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਵਾਪਰੀਆਂ ਹਨ ਅਤੇ ਪੰਜਾਬ ਦੀ ਸ਼ਾਂਤੀ ਨੂੰ ਭੰਗ ਕੀਤਾ ਜਾ ਰਿਹਾ ਹੈ। ਪੰਜਾਬ ਵਿੱਚ ਹਰ ਧਰਮ ਦੇ ਲੋਕ ਇਕੱਠੇ ਹੋ ਕੇ ਰਹਿੰਦੇ ਹਨ ਅਤੇ ਇਸੇ ਸਦਭਾਵਨਾ ਨੂੰ ਬਣਾਈ ਰੱਖਣ ਲਈ ਆਮ ਆਦਮੀ ਪਾਰਟੀ ਵੱਲੋਂ 31 ਦਸੰਬਰ ਨੂੰ ਪਟਿਆਲਾ ਵਿੱਚ ਸ਼ਾਂਤੀ ਮਾਰਚ ਕੀਤਾ ਜਾ ਰਿਹਾ ਹੈ, ਜਿਸ ਦੀ ਅਗਵਾਈ ਅਰਵਿੰਦ ਕੇਜਰੀਵਾਲ ਕਰਨਗੇ। ਜ਼ਿਕਰਯੋਗ ਹੈ ਕਿ ਮੰਗਲਵਾਰ ਆਮ ਆਦਮੀ ਪਾਰਟੀ ਵੱਲੋਂ ਵਿਧਾਨ ਸਭਾ ਚੋਣਾਂ ਪੰਜਾਬ 2022 ਲਈ 15 ਹੋਰ ਉਮੀਦਵਾਰਾਂ ਦੀ ਸੂਚੀ ਵੀ ਜਾਰੀ ਕੀਤੀ ਹੈ। ਇਸ ਸੂਚੀ ਨਾਲ ਹੁਣ ਤੱਕ ਆਮ ਆਦਮੀ ਪਾਰਟੀ ਨੇ ਕੁੱਲ 88 ਉਮੀਦਵਾਰਾਂ ਦਾ ਐਲਾਨ ਕੀਤਾ ਹੈ।

Comment here