ਭਗਵੰਤ ਅੰਦਰ ਪੰਜਾਬ ‘ਚ ਕੁੱਝ ਕਰਨ ਦਾ ਜਨੂੰਨ: ਸੁਨੀਤਾ ਕੇਜਰੀਵਾਲ
ਧੁਰੀ : ਜਿਵੇਂ ਜਿਵੇਂ ਚੋਣਾ ਦਾ ਦਿਨ ਨਜ਼ਦੀਕ ਆ ਰਿਹਾ ਹੈ ਉਮੀਦਵਾਰ ਚੋਣ ਮੈਦਾਨ ਵਿੱਚ ਉੱਤਰ ਕੇ ਬੜੇ ਹੀ ਜੋਸ਼ ਨਾਲ ਪ੍ਰਚਾਰ ਕਰ ਰਹੇ ਹਨ ਇਸੇ ਤਰ੍ਹਾਂ ਆਮ ਆਦਮੀ ਪਾਰਟੀ ਦਾ ਮੁੱਖ ਮੰਤਰੀ ਚਿਹਰਾ ਐਲਾਨੇ ਗਏ ਭਗਵੰਤ ਮਾਨ ਲਈ ਪਾਰਟੀ ਸੁਪਰੀਮੋ ਕੇਜਰੀਵਾਲ ਦੀ ਧਰਮ ਪਤਨੀ ਸੁਨੀਤਾ ਕੇਜਰੀਵਾਲ ਅਤੇ ਧੀ ਹਰਸ਼ਿਤਾ ਕੇਜਰੀਵਾਲ ਵੱਲੋਂ ਧੂਰੀ ਵਿਖੇ ਅੱਜ ਚੋਣ ਪ੍ਰਚਾਰ ਕੀਤਾ ਗਿਆ। ਇਸ ਮੌਕੇ ਸੁਨੀਤਾ ਕੇਜਰੀਵਾਲ ਨੇ ਕਿਹਾ ਕਿ ਸਿਰਫ ਭਗਵੰਤ ਮਾਨ ਵਲੋਂ ਹੀ ਪਾਰਲੀਮੈਂਟ ‘ਚ ਪੰਜਾਬ ਦੇ ਮੁੱਦੇ ਚੁੱਕੇ ਜਾਂਦੇ ਹਨ ਅਤੇ ਬੀਤੇ ਦਿਨੀਂ ਵੀ ਉਨ੍ਹਾਂ ਨੇ ਆਪਣਾ ਚੋਣ ਪ੍ਰਚਾਰ ਵਿਚਾਲੇ ਛੱਡ ਕੇ ਕਿਸਾਨਾਂ ਦੇ ਹੱਕ ‘ਚ ਸੰਸਦ ‘ਚ ਆਪਣੀ ਆਵਾਜ਼ ਬੁਲੰਦ ਕੀਤੀ ਸੀ। ਉਨ੍ਹਾਂ ਕਿਹਾ ਕਿ ਮੇਰੇ ਪਤੀ (ਕੇਜਰੀਵਾਲ) ਭਗਵੰਤ ਮਾਨ ਨੂੰ ਆਪਣਾ ਛੋਟਾ ਭਰਾ ਸਮਝਦੇ ਹਨ ਅਤੇ ਇਸ ਦੇ ਨਾਤੇ ਭਗਵੰਤ ਮਾਨ ਨਾਲ ਮੇਰਾ ਰਿਸ਼ਤਾ ਦਿਓਰ ਵਾਲਾ ਹੋਇਆ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਬਹੁਤ ਹੀ ਮਿਹਨਤੀ ਅਤੇ ਇਮਾਨਦਾਰ ਹਨ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਅੰਦਰ ਪੰਜਾਬ ‘ਚ ਕੁੱਝ ਵਧੀਆ ਕਰਨ ਦਾ ਜਨੂੰਨ ਹੈ, ਜੋ ਕਿ ਲੋਕ ਉਨ੍ਹਾਂ ਨੂੰ ਵੋਟਾਂ ਦੇ ਕੇ ਪੂਰਾ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ‘ਤੇ ਹਰ ਘਰ ਅੰਦਰ ਬਿਜਲੀ-ਪਾਣੀ ਮੁਫ਼ਤ ਦਿੱਤਾ ਜਾਵੇਗਾ ਅਤੇ ਇਸ ਨਾਲ ਵਿਅਕਤੀ ਦੀ ਬੱਚਤ ਵੀ ਹੋਵੇਗੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵਾਅਦੇ ਨਹੀਂ ਕਰਦੀ, ਸਗੋਂ ਇਨ੍ਹਾਂ ਨੂੰ ਪੂਰਾ ਕਰਨ ਦਾ ਦਮ ਵੀ ਰੱਖਦੀ ਹੈ। ਇਸਦੇ ਨਾਲ ਹੀ ਕੇਜਰੀਵਾਲ ਦੀ ਬੇਟੀ ਨੇ ਕਿਹਾ ਕਿ ਪੰਜਾਬੀਆਂ ਦੇ ਵਿੱਚ ਜੋਸ਼ ਬਹੁਤ ਹੈ। ਉਨ੍ਹਾਂ ਕਿਹਾ ਕਿ ਉਹ ਭਗਵੰਤ ਮਾਨ ਲਈ ਵੋਟਾਂ ਮੰਗਣ ਆਏ ਹਨ। ਹਰਸ਼ਿਤਾ ਨੇ ਕਿਹਾ ਕਿ ਸਿਰਫ ਆਮ ਆਦਮੀ ਪਾਰਟੀ ਹੀ ਅਜਿਹੀ ਪਾਰਟੀ ਹੈ, ਜਿਸ ਨੇ ਬੱਚਿਆਂ ਲਈ ਸੋਚਿਆ ਹੈ। ਉਨ੍ਹਾਂ ਕਿਹਾ ਕਿ ਅੱਜ ਦਿੱਲੀ ਅੰਦਰ ਹਰ ਬੱਚੇ ਨੂੰ ਪੜ੍ਹਾਈ ਕਰਨ ਦਾ ਮੌਕਾ ਦਿੱਤਾ ਜਾ ਰਿਹਾ ਹੈ ਅਤੇ ਦਿੱਲੀ ਦੇ ਸਰਕਾਰੀ ਸਕੂਲਾਂ ਦੇ ਦੇਸ਼ ‘ਚ ਨਹੀਂ, ਸਗੋਂ ਪੂਰੇ ਵਿਸ਼ਵ ‘ਚ ਚਰਚੇ ਹਨ। ਉਨ੍ਹਾਂ ਕਿਹਾ ਕਿ ਹਰ ਔਰਤ ਅਤੇ ਬੇਟੀ ਨੂੰ ਆਪਣੇ ਪੈਰਾਂ ‘ਤੇ ਖੜ੍ਹੇ ਹੋਣ ਦਾ ਅਧਿਕਾਰ ਹੈ। ਹਰਸ਼ਿਤਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ‘ਤੇ 18 ਸਾਲ ਤੋਂ ਉੱਪਰ ਹਰ ਔਰਤ ਨੂੰ ਪ੍ਰਤੀ ਮਹੀਨਾ 1000 ਰੁਪਏ ਦਿੱਤੇ ਜਾਣਗੇ, ਜਿਸ ਨਾਲ ਕੁੜੀਆਂ ਆਪਣੀ ਪੜ੍ਹਾਈ ਵੀ ਕਰ ਸਕਣਗੀਆਂ। ਉਨ੍ਹਾਂ ਕਿਹਾ ਕਿ ਸਰਕਾਰ ਆਉਣ ‘ਤੇ ਕਿਸੇ ਵੀ ਨੌਜਵਾਨ ਨੂੰ ਰੁਜ਼ਗਾਰ ਲਈ ਬਾਹਰ ਨਹੀਂ ਜਾਣਾ ਪਵੇਗਾ ਇਸ ਮੌਕੇ ਭਗਵੰਤ ਮਾਨ ਦੀ ਮਾਂ ਅਤੇ ਭੈਣ ਨੇ ਵੀ ਦਿਲੀ ਗੱਲਾਂ ਸਾਂਝੀਆਂ ਕੀਤੀਆਂ। ਭਗਵੰਤ ਮਾਨ ਦੀ ਭੈਣ ਮਨਪ੍ਰੀਤ ਕੌਰ ਨੇ ਕਿਹਾ ਕਿ ਪੰਜਾਬ ‘ਚ ਰੁਜ਼ਗਾਰ ਨਾ ਹੋਣ ਕਾਰਨ ਲੱਖਾਂ ਬੱਚੇ ਵਿਦੇਸ਼ਾਂ ਨੂੰ ਜਾ ਰਹੇ ਹਨ ਅਤੇ ਏਅਰਪੋਰਟ ‘ਤੇ ਆਪਣੇ ਪੁੱਤਾਂ ਨੂੰ ਜਹਾਜ਼ ਚੜ੍ਹਾਉਂਦੇ ਸਮੇਂ ਹਰ ਮਾਂ ਦੀ ਅੱਖ ਰੋਂਦੀ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਮਾਂ ਨਹੀਂ ਚਾਹੁੰਦੀ ਕਿ ਉਸ ਦਾ ਬੱਚਾ ਉਸ ਦੀਆਂ ਅੱਖਾਂ ਤੋਂ ਦੂਰ ਜਾਵੇ। ਮਨਪ੍ਰੀਤ ਕੌਰ ਨੇ ਕਿਹਾ ਕਿ ਸਾਡੇ ਸੂਬੇ ਅੰਦਰ ਵੱਡੀਆਂ-ਵੱਡੀਆਂ ਡਿਗਰੀਆਂ ਲੈਣ ਵਾਲੇ ਨੌਜਵਾਨਾਂ ਅਤੇ ਅਧਿਆਪਕਾਂ ਨੂੰ ਡਾਂਗਾਂ ਪੈਂਦੀਆਂ ਹਨ। ਉਨ੍ਹਾਂ ਕਿਹਾ ਕਿ ਸਿਰਫ ਮੰਤਰੀਆਂ ਅਤੇ ਵਿਧਾਇਕਾਂ ਦੇ ਬੱਚਿਆਂ ਨੂੰ ਹੀ ਨੌਕਰੀਆਂ ਦਿੱਤੀਆਂ ਜਾਂਦੀਆਂ ਹਨ। ਮਨਪ੍ਰੀਤ ਕੌਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ‘ਤੇ ਲੋਕਾਂ ਨੂੰ ਹਰ ਤਰ੍ਹਾਂ ਦੀ ਸਹੂਲਤ ਦੇਣ ਦਾ ਵਿਸ਼ਵਾਸ ਦਵਾਇਆ ਅਤੇ ਹਰ ਵਰਗ ਦੇ ਲੋਕਾਂ ਦੀਆਂ ਜਰੂਰਤਾਂ ਦਾ ਧਿਆਨ ਰੱਖਿਆ ਜਾਵੇਗਾ|
Comment here