ਸਿਆਸਤਖਬਰਾਂਦੁਨੀਆ

ਕੈਨੇਡਾ ‘ਚ ਹਿੰਦੂ ਫੋਰਮ ਨੇ ਪੰਨੂ ਖਿਲਾਫ ਖੋਲ੍ਹਿਆ ਮੋਰਚਾ

ਚੰਡੀਗੜ੍ਹ-ਭਾਰਤ ਦੇ ਮੋਸਟ ਵਾਂਟੇਡ ਖਾਲਿਸਤਾਨੀ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਵੱਲੋਂ ਲਗਾਤਾਰ ਮਿਲ ਰਹੀਆਂ ਧਮਕੀਆਂ ਤੋਂ ਬਾਅਦ ਹੁਣ ਕੈਨੇਡਾ ‘ਚ ਹਿੰਦੂ ਸੰਗਠਨ ਵੱਲੋਂ ਪੰਨੂ ਖਿਲਾਫ ਕਾਰਵਾਈ ਲਈ ਮੋਰਚਾ ਖੋਲ੍ਹ ਦਿੱਤਾ ਹੈ। ਬੀਤੇ ਦਿਨ ਅੱਤਵਾਦੀ ਪੰਨੂੰ ਨੇ ਇੱਕ ਵੀਡੀਓ ਜਾਰੀ ਕਰਕੇ ਹਿੰਦੂਆਂ ਨੂੰ ਕੈਨੇਡਾ ਛੱਡ ਕੇ ਭਾਰਤ ਵਾਪਸੀ ਕਰਨ ਦੀ ਧਮਕੀ ਦਿੱਤੀ ਸੀ। ਪੰਨੂ ਦੇ ਇਸ ਬਿਆਨ ਦਾ ਨੋਟਿਸ ਲੈਂਦਿਆਂ ਹਿੰਦੂ ਫੋਰਮ ਕੈਨੇਡਾ ਨੇ ਜਸਟਿਨ ਟਰੂਡੋ ਸਰਕਾਰ ਦੇ ਪਬਲਿਕ ਸੇਫਟੀ ਮੰਤਰੀ ਡੋਮਿਨਿਕ ਲੀਬੈਲੈਂਸ ਨੂੰ ਪੱਤਰ ਲਿਖਿਆ ਹੈ। ਹਿੰਦੂ ਫੋਰਮ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਕੈਨੇਡਾ ਦੀ ਧਰਤੀ ‘ਤੇ ਭਾਰਤ-ਕੈਨੇਡੀਅਨ ਹਿੰਦੂਆਂ ਨੂੰ ਧਮਕੀਆਂ ਦੇ ਕੇ ਦੇਸ਼ ਛੱਡਣ ਲਈ ਕਹਿ ਰਹੇ ਖਾਲਿਸਤਾਨੀ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਖਿਲਾਫ ਨਫਰਤੀ ਅਪਰਾਧ ਦੀ ਕਾਰਵਾਈ ਕੀਤੀ ਜਾਵੇ। ਪੱਤਰ ਵਿੱਚ ਉਨ੍ਹਾਂ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਅਤੇ ਸਰਕਾਰ ਦੀ ਹਮਾਇਤ ਕਰਨ ਵਾਲੀ ਨਿਊ ਡੈਮੋਕ੍ਰੇਟਿਕ ਪਾਰਟੀ (ਐਨਡੀਪੀ) ਦੇ ਮੁਖੀ ਜਗਮੀਤ ਸਿੰਘ ਨੂੰ ਵੀ ਪੰਨੂ ਖ਼ਿਲਾਫ਼ ਕਾਰਵਾਈ ਕਰਨ ਲਈ ਕਿਹਾ ਹੈ।
ਦੱਸ ਦਈਏ ਕਿ ਜਿੱਥੇ ਪੰਨੂ ਦੀਆਂ ਧਮਕੀਆਂ ਤੋਂ ਅੱਕ ਕੇ ਕੈਨੇਡਾ ਸਰਕਾਰ ਨੂੰ ਕਾਰਵਾਈ ਦੀ ਮੰਗ ਕੀਤੀ ਹੈ ਤਾਂ ਉਥੇ ਹੀ ਹਿੰਦੂ ਫੋਰਮ ਨੇ ਖਾਲਿਸਤਾਨੀ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਦੇ ਬਿਆਨ ‘ਤੇ ਚਿੰਤਾ ਪ੍ਰਗਟਾਉਂਦਿਆਂ ਕੈਨੇਡਾ ਦੇ ਪਬਲਿਕ ਸੇਫਟੀ ਮੰਤਰੀ ਡੋਮਿਨਿਕ ਲੀਬੈਲੈਂਸ, ਪ੍ਰਧਾਨ ਮੰਤਰੀ ਜਸਟਿਨ ਟਰੂਡੋ ਅਤੇ ਐਨਡੀਪੀ ਆਗੂ ਜਗਮੀਤ ਸਿੰਘ ਨੂੰ ਮਾਮਲੇ ਸਬੰਧੀ ਗੰਭੀਰ ਦਿਖਾਉਣ ਦੀ ਅਪੀਲ ਕੀਤੀ ਹੈ। ਉਹਨਾਂ ਕਿਹਾ ਕਿ ਇਹ ਮਾਮਲਾ ਕੈਨੇਡਾ ਵਿੱਚ ਰਹਿਣ ਵਾਲੇ ਲੋਕਾਂ ਦੀ ਸੁਰੱਖਿਆ ਨਾਲ ਜੁੜਿਆ ਹੋਇਆ ਹੈ। ਪੰਨੂ ਦਾ ਬਿਆਨ ਖਾਲਿਸਤਾਨ ਸਮਰਥਕਾਂ ਦੀ ਵਿਚਾਰਧਾਰਾ ਨੂੰ ਸਪੱਸ਼ਟ ਕਰਦਾ ਹੈ ਅਤੇ ਇਹ ਕੈਨੇਡੀਅਨ ਨਾਗਰਿਕਾਂ ਦੀ ਸੁਰੱਖਿਆ ਨੂੰ ਪ੍ਰਭਾਵਿਤ ਕਰਦਾ ਹੈ।
ਹਿੰਦੂ ਸੰਗਠਨ ਨੇ ਪੱਤਰ ਵਿੱਚ ਲਿਖਿਆ ਕਿ ਖਾਲਿਸਤਾਨੀ ਪੰਨੂ ਦਾ ਇਹ ਬਿਆਨ ਉਨ੍ਹਾਂ ਲੋਕਾਂ ਨੂੰ ਨਿਸ਼ਾਨਾ ਬਣਾਉਂਦਾ ਹੈ ਜੋ ਉਸ ਦੀ ਵਿਚਾਰਧਾਰਾ ਨਾਲ ਸਹਿਮਤ ਨਹੀਂ ਹਨ। ਹਿੰਦੂ ਫੋਰਮ ਨੇ ਵੀ ਪੱਤਰ ਵਿੱਚ ਪ੍ਰਧਾਨ ਮੰਤਰੀ ਟਰੂਡੋ ’ਤੇ ਵਿਅੰਗ ਕੱਸਦਿਆਂ ਲਿਖਿਆ ਹੈ ਕਿ ਕੀ ਸਰਕਾਰ ਪੰਨੂ ਦੇ ਇਸ ਬਿਆਨ ਨੂੰ ਅਜ਼ਾਦੀ ਦੇ ਪ੍ਰਗਟਾਵੇ ਵੱਜੋਂ ਲਵੇਗੀ। ਹਿੰਦੂ ਫੋਰਮ ਨੇ ਲਿਖਿਆ ਹੈ ਕਿ ਕੈਨੇਡਾ ਵਿੱਚ ਕਰੀਬ 10 ਲੱਖ ਹਿੰਦੂ ਪਰਿਵਾਰ ਰਹਿੰਦੇ ਹਨ। ਉਮੀਦ ਹੈ ਕਿ ਉਨ੍ਹਾਂ ਦੀ ਆਵਾਜ਼ ਸੁਣ ਕੇ ਸਰਕਾਰ ਇਸ ਮਾਮਲੇ ਦੇ ਹੱਲ ਲਈ ਕੋਈ ਠੋਸ ਫੈਸਲਾ ਲਵੇ ਤਾਂ ਜੋ ਹਿੰਦੂਆਂ ਦਾ ਜੀਵਨ ਸੁਖਾਲਾ ਹੋ ਸਕੇ।

Comment here