ਚੰਡੀਗੜ੍ਹ- ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਬੀਤੇ ਦਿਨ ਸਾਬਕਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਉਨ੍ਹਾਂ (ਕੈਪਟਨ ਅਮਰਿੰਦਰ) ਤੋਂ ਪਿਛਲੀ ਸਰਕਾਰ ਦੇ ਭ੍ਰਿਸ਼ਟ ਮੰਤਰੀਆਂ ਅਤੇ ਵਿਧਾਇਕਾਂ ਦੇ ਨਾਂਅ ਪੁੱਛਣ ਦੇ ਸੁਝਾਅ ਦਾ ਸਵਾਗਤ ਕੀਤਾ ਸੀ, ਖਾਸਕਰ ਜਿਹੜੇ ਰੇਤ ਦੀ ਗੈਰ ਕਾਨੂੰਨੀ ਖੁਦਾਈ ਵਿੱਚ ਸ਼ਾਮਲ ਸਨ। ਕੈਪਟਨ ਨੇ ਵੀ ਇੱਕ ਬਿਆਨ ਵਿੱਚ ਕਿਹਾ ਸੀ ਕਿ ਉਹ ਖੁਦ ਰੰਧਾਵਾ ਅਤੇ ਉਨ੍ਹਾਂ ਦੇ ਕੁਝ ਸਾਥੀਆਂ ਸਮੇਤ ਅਜਿਹੀਆਂ ਗਤੀਵਿਧੀਆਂ ਵਿੱਚ ਸ਼ਾਮਲ ਸਾਰੇ ਵਿਅਕਤੀਆਂ ਦੇ ਨਾਵਾਂ ਦਾ ਖੁਲਾਸਾ ਕਰਨ ਅਤੇ ਹੋਰ ਵੇਰਵੇ ਦੇਣ ਲਈ ਤਿਆਰ ਹਨ। ਇਸ ਉੱਤੇ ਆਮ ਆਦਮੀ ਪਾਰਟੀ ਦੇ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਭ੍ਰਿਸ਼ਟਾਚਾਰੀਆਂ ਦੇ ਨਾਂਵਾਂ ਦੀ ਮੰਗ ਕੀਤੀ ਹੈ। ਕੰਗ ਨੇ ਪ੍ਰੈਸ ਕਾਨਫਰੰਸ ਕਰਕੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਕਹਿੰਦੇ ਸਨ ਕਿ ਜੇਕਰ ਮੁੱਖ ਮੰਤਰੀ ਮਾਨ ਉਨ੍ਹਾਂ ਕੋਲੋਂ ਭ੍ਰਿਸ਼ਟਾਚਾਰੀਆਂ ਦੇ ਨਾਂਅ ਮੰਗਣਗੇ ਤਾਂ ਉਹ ਜ਼ਰੂਰ ਦੇਣਗੇ ਤਾਂ ਹੁਣ ਉਹ ਆਮ ਆਦਮੀ ਪਾਰਟੀ ਵੱਲੋਂ ਉਨ੍ਹਾਂ ਨੂੰ ਅਪੀਲ ਕਰਦੇ ਹਨ ਕਿ ਪਿਛਲੀ ਸਰਕਾਰ ਦੌਰਾਨ ਜਿਹੜੇ ਮੰਤਰੀਆਂ ਅਤੇ ਵਿਧਾਇਕਾਂ ਨੇ ਭ੍ਰਿਸ਼ਟਾਚਾਰ ਕੀਤਾ ਹੈ, ਉਨ੍ਹਾਂ ਦੇ ਨਾਂਅ ਉਜਾਗਰ ਕਰਕੇ ਪੰਜਾਬ ਦੇ ਭਲੇ ਵਿੱਚ ਯੋਗਦਾਨ ਪਾਓ। ਕੰਗ ਵੱਲੋਂ ਪ੍ਰੈਸ ਕਾਨਫਰੰਸ ਵਿੱਚ ਕਿਹਾ ਗਿਆ ਕਿ ਮੁੱਖ ਮੰਤਰੀ ਵੱਲੋਂ ਜਿਹੜੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਸ਼ੁਰੂ ਕੀਤੀ ਹੈ, ਉਸ ਤਹਿਤ ਜੋ ਪਿਛਲੀ ਸਰਕਾਰ ਸਮੇਂ ਘਪਲੇ ਹੋਏ ਹਨ ਉਨ੍ਹਾਂ ਦੇ ਸਬੂਤ ਅਤੇ ਦਸਤਾਵੇਜ਼ ਪੰਜਾਬ ਪੁਲਿਸ ਨੂੰ ਦਿਓ ਅਤੇ ਜੇਕਰ ਫਿਰ ਮੁੱਖ ਮੰਤਰੀ ਭਗਵੰਤ ਮਾਨ ਇਨ੍ਹਾਂ ਵਿਰੁੱਧ ਐਕਸ਼ਨ ਨਹੀਂ ਲੈਂਦੇ ਤਾਂ ਆਮ ਆਦਮੀ ਪਾਰਟੀ ਜਵਾਬਦੇਹ ਹੋਵੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਇਸ ਸਮੇਂ ਪੰਜਾਬ ਵਿੱਚ ‘ਟਰੂਥ ਐਂਡ ਡੇਅਰ’ ਦੀ ਰਾਜਨੀਤੀ ਖੇਡ ਰਹੀ ਹੈ, ਕਿਉਂਕਿ ਕੈਪਟਨ ਅਮਰਿੰਦਰ ਸਿੰਘ ਅਤੇ ਸੁਖਜਿੰਦਰ ਰੰਧਾਵਾ ਦੋਵੇਂ ਇੱਕ-ਦੂਜੇ ਨੂੰ ਵੰਗਾਰ ਰਹੇ ਸਨ, ਜਦਕਿ ਇਨ੍ਹਾਂ ਨੂੰ ਚਾਹੀਦਾ ਹੈ ਕਿ ਭ੍ਰਿਸ਼ਟ ਦੇ ਸਬੂਤ ਦੇਣ ਅਤੇ ਨਾਂਅ ਜਨਤਕ ਕਰਨ।
ਕੈਪਟਨ ਆਪਣੀ ਸਰਕਾਰ ਵੇਲੇ ਦੇ ਭ੍ਰਿਸ਼ਟ ਮੰਤਰੀਆਂ ਦੇ ਨਾਂ ਦੱਸਣ-ਕੰਗ

Comment here