ਚੰਡੀਗੜ੍ਹ-ਸਾਲ 2015 ਵਿੱਚ ਵਾਪਰੀਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਲਈ ਬਣੀ ਐਸ ਆਈ ਟੀ ਦੇ ਸਾਬਕਾ ਮੁਖੀ ਸਾਬਕਾ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਰਿਪੋਰਟ ਨੂੰ ਅਦਾਲਤ ਨੇ ਰੱਦ ਕਰ ਦਿੱਤਾ ਸੀ। ਇਸ ਮਾਮਲੇ ਵਿੱਚ ਕੁੰਵਰ ਵਿਜੈ ਪ੍ਰਤਾਪ ਨੇ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ ਅਤੇ ਕੋਟਕਪੂਰਾ ਗੋਲੀਕਾਂਡ ਵਿੱਚ ਇਕਹਿਰੇ ਬੈਂਚ ਦੇ ਫੈਸਲੇ ਵਿਰੁੱਧ ਪਟੀਸ਼ਨ ਦਾਇਰ ਕੀਤੀ ਹੀ, ਅਦਾਲਤ ਨੇ ਇਸ ਉਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਅਗਲੀ ਸੁਣਵਾਈ 7 ਦਸੰਬਰ ਨੂੰ ਹੋਵੇਗੀ।
ਯਾਦ ਰਹੇ ਹਾਈ ਕੋਰਟ ਦੇ ਜਸਟਿਸ ਰਾਜਬੀਰ ਸਹਿਰਾਵਤ ਦੇ ਇਕਹਿਰੇ ਬੈਂਚ ਨੇ ਇਸ ਸਾਲ 9 ਅਪਰੈਲ ਨੂੰ ਕੁੰਵਰ ਵਿਜੈ ਪ੍ਰਤਾਪ ਸਿੰਘ ਦੀ ਅਗਵਾਈ ਵਾਲੀ ਵਿਸ਼ੇਸ਼ ਜਾਂਚ ਟੀਮ ਵੱਲੋਂ ਕੋਟਕਪੂਰਾ ਗੋਲੀਕਾਂਡ ਕੇਸ ਨੂੰ ਲੈ ਕੇ ਦਾਖ਼ਲ ਜਾਂਚ ਰਿਪੋਰਟ ਨੂੰ ਖਾਰਜ ਕਰਦਿਆਂ ਸਾਬਕਾ ਪੁਲੀਸ ਅਧਿਕਾਰੀ ਖਿਲਾਫ਼ ਸਖ਼ਤ ਟਿੱਪਣੀਆਂ ਕੀਤੀਆਂ ਸਨ ਅਤੇ ਨਵੀਂ ਐਸਆਈਟੀ ਦੇ ਗਠਨ ਦੇ ਹੁਕਮ ਦਿੱਤੇ ਸਨ ਅਤੇ ਕਿਹਾ ਸੀ ਕਿ ਕੁੰਵਰ ਵਿਜੇ ਪ੍ਰਤਾਪ ਨੂੰ ਇਸ ਟੀਮ ਦੇ ਵਿੱਚ ਨਾ ਰੱਖਿਆ ਜਾਵੇ। ਇਸ ਮਗਰੋਂ ਕੁੰਵਰ ਵਿਜੇ ਪ੍ਰਤਾਪ ਨੇ ਆਪਣੀ ਇੱਛਾ ਨਾਲ ਰਿਟਾਇਰਮੈਂਟ ਲੈ ਲਈ ਸੀ, ਅੱਜ ਕਲ ਉਹ ਆਮ ਆਦਮੀ ਪਾਰਟੀ ਦੇ ਆਗੂ ਬਣ ਕੇ ਸਿਆਸੀ ਪਾਰੀ ਲਈ ਵੀ ਮੈਦਾਨ ਵਿੱਚ ਹਨ।
ਇਹ ਵੀ ਦੱਸਣਾ ਬਣਦਾ ਹੈ ਕਿ ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਪੰਜਾਬ ਸਰਕਾਰ ਨੇ ਹਾਈਕੋਰਟ ਦੇ ਹੁਕਮਾਂ ਨੂੰ ਸੁਪਰੀਮ ਕੋਰਟ ਵਿੱਚ ਚੁਨੌਤੀ ਦਿੱਤੀ। ਪੰਜਾਬ ਸਰਕਾਰ ਵੱਲੋਂ ਦਾਇਰ ਐਸ ਐਲ ਪੀ ਉੱਤੇ ਆਉਣ ਵਾਲੇ ਦਿਨਾਂ ‘ਚ ਸੁਣਵਾਈ ਹੋਵੇਗੀ।
Comment here