ਸਿਆਸਤਖਬਰਾਂਚਲੰਤ ਮਾਮਲੇ

ਖੇਤੀਬਾੜੀ ਮੰਤਰੀ ਨੇ ਮੰਡੀ ਮਜ਼ਦੂਰਾਂ ‘ਤੇ ਆੜ੍ਹਤੀਆਂ ਨਾਲ ਕੀਤੀ ਮੀਟਿੰਗ

ਚੰਡੀਗੜ੍ਹ-ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪੰਜਾਬ ਮੰਡੀ ਬੋਰਡ ਵੱਲੋਂ 1854 ਖਰੀਦ ਕੇਂਦਰ ਨੋਟੀਫਾਈ ਕੀਤੇ ਗਏ ਹਨ ਤਾਂ ਜੋ ਪਹਿਲੀ ਅਕਤੂਬਰ ਤੋਂ ਸ਼ੁਰੂ ਹੋ ਰਹੇ ਖਰੀਦ ਸੀਜ਼ਨ ਦੌਰਾਨ ਖਰੀਦ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ। ਖੁੱਡੀਆਂ, ਜਿਨ੍ਹਾਂ ਨਾਲ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਅਤੇ ਵਿਸ਼ੇਸ਼ ਮੁੱਖ ਸਕੱਤਰ ਕੇ.ਏ.ਪੀ ਸਿਨਹਾ ਵੀ ਮੌਜੂਦ ਸਨ, ਨੇ ਅੱਜ ਇਥੇ ਕਿਸਾਨ ਭਵਨ ਵਿਖੇ ਆੜ੍ਹਤੀਆਂ ਐਸੋਸੀਏਸ਼ਨਾਂ ਅਤੇ ਮੰਡੀ ਮਜ਼ਦੂਰ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ, ਜਿਸ ਦੌਰਾਨ ਉਨ੍ਹਾਂ ਦੀਆਂ ਮੰਗਾਂ ਅਤੇ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।
ਉਨ੍ਹਾਂ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਉਨ੍ਹਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ‘ਤੇ ਹਮਦਰਦੀ ਨਾਲ ਵਿਚਾਰ ਕਰੇਗੀ ਅਤੇ ਉਨ੍ਹਾਂ ਦੇ ਹਿੱਤਾਂ ਦਾ ਪੂਰਾ ਖਿਆਲ ਰੱਖਿਆ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਝੋਨੇ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਸਾਰੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਪਹਿਲਾਂ ਹੀ 20 ਸਤੰਬਰ, 2023 ਨੂੰ ਖ਼ਪਤਕਾਰ ਮੁੱਲ ਸੂਚਕ ਅੰਕ ਅਨੁਸਾਰ ਅਨਾਜ ਮੰਡੀਆਂ ਵਿਚ ਕੰਮ ਕਰਨ ਵਾਲੇ ਮਜ਼ਦੂਰਾਂ ਵਾਸਤੇ ਲੇਬਰ ਦਰਾਂ ਵਿੱਚ ਸੋਧ ਕਰਕੇ 1.04 ਫੀਸਦੀ ਦਾ ਵਾਧਾ ਕੀਤਾ ਜਾ ਚੁੱਕਾ ਹੈ।
ਖੇਤੀਬਾੜੀ ਮੰਤਰੀ ਨੇ ਕਿਹਾ ਕਿ ਖਰੀਦ ਕੇਂਦਰਾਂ ਨੂੰ ਨੋਟੀਫਾਈ ਕਰਨ ਤੋਂ ਇਲਾਵਾ ਕਿਸਾਨਾਂ ਅਤੇ ਮਜ਼ਦੂਰਾਂ ਦੀ ਸਹੂਲਤ ਲਈ ਅਨਾਜ ਮੰਡੀਆਂ ਵਿੱਚ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਰਕਾਰ ਖਰੀਦ ਪ੍ਰਕਿਰਿਆ ਵਿੱਚ ਕਿਸਾਨਾਂ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦੇਵੇਗੀ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪੂਰੀ ਤਰ੍ਹਾਂ ਪੱਕ ਚੁੱਕੀ ਫ਼ਸਲ ਹੀ ਮੰਡੀਆਂ ਵਿੱਚ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਆਪਣੀ ਫ਼ਸਲ ਵੇਚਣ ਵਿੱਚ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਮੀਟਿੰਗ ਵਿੱਚ ਪੰਜਾਬ ਮੰਡੀ ਬੋਰਡ ਦੇ ਸਕੱਤਰ ਅੰਮ੍ਰਿਤ ਕੌਰ ਗਿੱਲ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

Comment here