ਸਿਆਸਤਖਬਰਾਂ

ਖੇਤੀ ਕਾਨੂੰਨਾਂ ਦੀ ਵਾਪਸੀ ਤੇ ਬੰਗਲਾ ਸਾਹਿਬ ਦੇ ਹੈੱਡ ਗ੍ਰੰਥੀ ਵਲੋਂ ਮੋਦੀ ਦੀ ਪ੍ਰਸ਼ੰਸਾ

ਨਵੀਂ ਦਿੱਲੀ-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪੀ.ਐੱਮ ਮੋਦੀ ਨੇ ਖੇਤੀ ਕਾਨੂੰਨ ਵਾਪਸ ਲੈਂਦੇ ਸਮੇਂ ਸਮੇਂ ਮਨ ਨਾਲ ਮੁਆਫ਼ੀ ਮੰਗਣ ’ਤੇ ਗੁਰਦੁਆਰਾ ਬੰਗਲਾ ਸਾਹਿਬ ਦੇ ਹੈੱਡ ਗ੍ਰੰਥੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਾਰੀਫ਼ ਕੀਤੀ ਹੈ। ਹੈੱਡ ਗ੍ਰੰਥੀ ਨੇ ਕਿਹਾ ਕਿ ਪੀ.ਐੱਮ ਮੋਦੀ ਗੁਰੂ ਨਾਨਕ ਦਾ ਦਿਲੋਂ ਸਤਿਕਾਰ ਕਰਦੇ ਹਨ। ਹਿੰਦੁਸਤਾਨ ਦੀ ਸਰਕਾਰ ਦਾ ਇੰਨਾ ਵੱਡਾ ਯੂ-ਟਰਨ ਸੀ। ਉਨ੍ਹਾਂ ਕਿਹਾ ਕਿ ਗਲਤੀ ਸਾਰਿਆਂ ਤੋਂ ਹੁੰਦੀ ਹੈ। ਉਨ੍ਹਾਂ ਕਿਹਾ ਕਿ 1984 ਦਾ ਬਲਿਊ ਸਟਾਰ ਕਰਵਾਉਣ ਵਾਲਿਆਂ ਨੇ ਹਾਲੇ ਤੱਕ ਮੁਆਫ਼ੀ ਨਹੀਂ ਮੰਗੀ ਹੈ। ਸਾਡੇ ਗਲ਼ਾਂ ’ਚ ਟਾਇਰ ਪਾ ਕੇ ਸਾੜਿਆ ਗਿਆ, ਕਿਸੇ ਨੇ ਵੀ ਇੰਨਾ ਨਹੀਂ ਕਿਹਾ ਕਿ ਸਾਨੂੰ ਦੁਖ਼ ਹੈ।
ਦੱਸਣਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਰਾਸ਼ਟਰ ਨੂੰ ਸੰਬੋਧਨ ਕਰਦੇ ਹੋਏ ਕਿਹਾ ਸੀ ਕਿ ਉਹ ਤਿੰਨੋਂ ਖੇਤੀ ਕਾਨੂੰਨ ਵਾਪਸ ਲੈ ਰਹੇ ਹਨ। ਪੀ.ਐੱਮ. ਮੋਦੀ ਨੇ ਕਿਹਾ ਕਿ ਸਾਡੀ ਸਰਕਾਰ ਨੇਕ ਨੀਅਤ ਨਾਲ ਕਿਸਨਾਂ ਦੀ ਭਲਾਈ ਲਈ ਇਹ ਤਿੰਨੋਂ ਖੇਤੀ ਕਾਨੂੰਨ ਲਿਆਈ ਸੀ। ਉਨ੍ਹਾਂ ਕਿਹਾ ਕਿ ਕੁਝ ਕਿਸਾਨ, ਭਲੇ ਹੀ ਉਨ੍ਹਾਂ ਦੀ ਗਿਣਤੀ ਘੱਟ ਹੋਵੇ, ਉਨ੍ਹਾਂ ਨੇ ਇਸ ਦਾ ਵਿਰੋਧ ਕੀਤਾ। ਸ਼ਾਇਦ ਇਹ ਸਾਡੀ ਤਪੱਸਿਆ ਦੀ ਕਮੀ ਸੀ ਕਿ ਅਸੀਂ ਉਨ੍ਹਾਂ ਨੂੰ ਇਨ੍ਹਾਂ ਤਿੰਨਾਂ ਕਾਨੂੰਨਾਂ ਬਾਰੇ ਸਮਝਾ ਨਹੀਂ ਸਕੇ। ਮੌਜੂਦਾ ਸਰਦ ਰੁੱਤ ਸੈਸ਼ਨ ਦੌਰਾਨ ਖੇਤੀ ਕਾਨੂੰਨੀ ਵਾਪਸੀ ਬਿੱਲ ਦੋਹਾਂ ਸਦਨਾਂ ’ਚ ਪਾਸ ਹੋ ਗਏ ਹਨ।

Comment here