ਖਬਰਾਂ

ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

ਅੰਮ੍ਰਿਤਸਰ-ਅੱਜ ਸੰਗਤ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ। ਇਸ ਸਬੰਧ ‘ਚ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਸਿੱਖ ਪਰੰਪਰਾ ਅਨੁਸਾਰ ਨਗਰ ਕੀਰਤਨ ਸਜਾਇਆ ਗਿਆ। ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਉਹ ਇਤਿਹਾਸਕ ਅਸਥਾਨ ਹੈ ਜਿਥੇ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਨੇ 1604ਈ: ‘ਚ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਕੀਤੀ ਸੀ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ‘ਚ ਪਹਿਲੇ ਪ੍ਰਕਾਸ਼ ਪੁਰਬ ਮੌਕੇ ਸਜਾਏ ਗਏ ਨਗਰ ਕੀਰਤਨ ਤੋਂ ਪਹਿਲਾਂ ਹਜ਼ੂਰੀ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਅਰਦਾਸ ਉਪਰੰਤ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸਰਵਣ ਕਰਾਇਆ। ਨਗਰ ਕੀਰਤਨ ਦੀ ਰਵਾਨਗੀ ਸਮੇਂ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਪੰਜ ਪਿਆਰਿਆਂ, ਨਿਸ਼ਾਨਚੀ ਅਤੇ ਨਿਗਾਰਚੀ ਸਿੰਘਾਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨ ਕੀਤਾ। ਇਸ ਤੋਂ ਪਹਿਲਾਂ ਸਜਾਏ ਗਏ ਦੀਵਾਨ ‘ਚ ਸੰਗਤ ਨਾਲ ਵਿਚਾਰ ਸਾਂਝੇ ਕਰਦਿਆਂ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਪਹਿਲੇ ਪ੍ਰਕਾਸ਼ ਗੁਰਪੁਰਬ ਦੀ ਸਿੱਖ ਜਗਤ ਨੂੰ ਵਧਾਈ ਦਿੱਤੀ ਅਤੇ ਸੰਗਤ ਨਾਲ ਇਸ ਦਿਹਾੜੇ ਦੇ ਇਤਿਹਾਸ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਮਗਰੋਂ ਅੱਜ ਦੇ ਦਿਨ ਪਹਿਲਾ ਪ੍ਰਕਾਸ਼ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤਾ ਸੀ, ਜਿਸ ਦੀ ਯਾਦ ‘ਚ ਸੰਗਤਾਂ ਹਰ ਸਾਲ ਪੰਥਕ ਰਵਾਇਤ ਅਨੁਸਾਰ ਨਗਰ ਕੀਰਤਨ ਸਜਾਉਂਦੀਆਂ ਹਨ। ਗਿਆਨੀ ਜਗਤਾਰ ਸਿੰਘ ਨੇ ਸੰਗਤ ਨੂੰ ਗੁਰਬਾਣੀ ਦੇ ਸਿਧਾਂਤਾਂ ’ਤੇ ਪਹਿਰਾ ਦੇਣ ਦੀ ਅਪੀਲ ਕਰਦਿਆਂ ਬੱਚਿਆਂ ਨੂੰ ਗੁਰਸਿੱਖੀ ‘ਚ ਨਿਪੁੰਨ ਕਰਨ ਦੀ ਪ੍ਰੇਰਣਾ ਕੀਤੀ। ਪਹਿਲੇ ਪ੍ਰਕਾਸ਼ ਦਿਹਾੜੇ ਮੌਕੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਬਾਬਾ ਅਟੱਲ ਰਾਇ ਸਾਹਿਬ ਵਿਖੇ ਅਲੌਕਿਕ ਜਲੌ ਸਜਾਏ ਗਏ। ਇਸ ਤੋਂ ਇਲਾਵਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤੀ ਗਈ ਫੁੱਲਾਂ ਦੀ ਸਜਾਵਟ ਵੀ ਮਨਮੋਹਕ ਦ੍ਰਿਸ਼ ਪੇਸ਼ ਕਰ ਰਹੀ ਸੀ।

Comment here