ਚੰਡੀਗੜ੍ਹ,-ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਆਪਣਾ ਅਹੁਦਾ ਸੰਭਾਲਣ ਤੋਂ ਤੁਰੰਤ ਬਾਅਦ ਜੇਲ੍ਹਾਂ, ਖਾਣਾਂ ਅਤੇ ਸੈਰ ਸਪਾਟਾ ਵਿਭਾਗਾਂ ਦੇ ਕੰਮਕਾਜ ਦਾ ਜਾਇਜ਼ਾ ਲਿਆ। ਮੰਤਰੀ ਨੇ ਸਬੰਧਤ ਵਿਭਾਗਾਂ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਚੱਲ ਰਹੇ ਕੰਮਾਂ ਵਿੱਚ ਪਾਰਦਰਸ਼ਤਾ ਅਤੇ ਚੰਗੇ ਪ੍ਰਸ਼ਾਸਨ ਨੂੰ ਯਕੀਨੀ ਬਣਾਉਣ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ। ਮਾਈਨਿੰਗ ਵਿਭਾਗ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਗੈਰ-ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਸੂਬੇ ਭਰ ਦੀਆਂ ਸਾਰੀਆਂ ਕਾਨੂੰਨੀ ਥਾਵਾਂ ਦੀ ਨਿਸ਼ਾਨਦੇਹੀ ਕਰਨ। ਉਨ੍ਹਾਂ ਕਿਹਾ ਕਿ ਇਸ ਸਬੰਧੀ ਪੰਜਾਬ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਵੀ ਭੇਜਿਆ ਜਾ ਰਿਹਾ ਹੈ ਅਤੇ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾਵੇ। “ਮੈਂ 6 ਮਹੀਨਿਆਂ ਦੇ ਅੰਦਰ ਨਵੀਂ ਮਾਈਨਿੰਗ ਨੀਤੀ ਪੇਸ਼ ਕਰਨ ਜਾ ਰਿਹਾ ਹਾਂ ਜੋ ਪੰਜਾਬ ਵਿੱਚੋਂ ਗੈਰ-ਕਾਨੂੰਨੀ ਮਾਈਨਿੰਗ ਨੂੰ ਪੂਰੀ ਤਰ੍ਹਾਂ ਖਤਮ ਕਰਨ ‘ਤੇ ਕੇਂਦਰਿਤ ਹੋਵੇਗੀ। ਗੈਰ-ਕਾਨੂੰਨੀ ਮਾਈਨਿੰਗ ਨੂੰ ਰੋਕਣ ਨਾਲ, ਰਾਜ ਦੇ ਖਜ਼ਾਨੇ ਵਿੱਚ ਵੱਡਾ ਵਾਧਾ ਹੋਵੇਗਾ, ”ਮੰਤਰੀ ਨੇ ਕਿਹਾ। ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਮਾਈਨਿੰਗ ਵਾਲੀਆਂ ਥਾਵਾਂ ਦੀ ਰੋਜ਼ਾਨਾ ਆਧਾਰ ‘ਤੇ ਚੈਕਿੰਗ ਕੀਤੀ ਜਾਵੇਗੀ ਅਤੇ ਸਬੰਧਤ ਜ਼ਿਲ੍ਹਿਆਂ ਤੋਂ ਰੁਟੀਨ ਦੇ ਆਧਾਰ ‘ਤੇ ਰਿਪੋਰਟ ਲਈ ਜਾਵੇਗੀ। ਉਨ੍ਹਾਂ ਕਿਹਾ ਕਿ ਗੈਰ ਕਾਨੂੰਨੀ ਮਾਈਨਿੰਗ ਸਬੰਧੀ ਜੇਕਰ ਕੋਈ ਸ਼ਿਕਾਇਤ ਮਿਲਦੀ ਹੈ ਤਾਂ ਤੁਰੰਤ ਕਾਰਵਾਈ ਨੂੰ ਯਕੀਨੀ ਬਣਾਇਆ ਜਾਵੇਗਾ। ਜੇਲ੍ਹ ਵਿਭਾਗ ਦੇ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਨੇ ਹਦਾਇਤ ਕੀਤੀ ਕਿ ਜੇਲ੍ਹਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਤਸਕਰੀ ਨੂੰ ਤੁਰੰਤ ਰੋਕਿਆ ਜਾਵੇ ਅਤੇ ਜੇਲ੍ਹ ਵਿਭਾਗ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲਮੱਠ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਹਰਜੋਤ ਸਿੰਘ ਬੈਂਸ ਨੇ ਸੈਰ ਸਪਾਟਾ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਪੰਜਾਬ ਵਿੱਚ ਸੈਰ ਸਪਾਟਾ ਗਤੀਵਿਧੀਆਂ ਨੂੰ ਹੁਲਾਰਾ ਦੇਣ ਦੇ ਮੌਕੇ ਤਲਾਸ਼ਣ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਦੇ ਪੱਤਿਆਂ ‘ਤੇ ਵੱਡੀਆਂ ਯੋਜਨਾਵਾਂ ਹਨ ਜੋ ਜਲਦੀ ਹੀ ਜ਼ਮੀਨ ‘ਤੇ ਲਾਗੂ ਕੀਤੀਆਂ ਜਾਣਗੀਆਂ। ਮੀਟਿੰਗ ਵਿੱਚ ਪ੍ਰਮੁੱਖ ਸਕੱਤਰ ਜੇਲ੍ਹਾਂ ਡੀ ਕੇ ਤਿਵਾੜੀ, ਪ੍ਰਮੁੱਖ ਸਕੱਤਰ ਮਾਈਨਿੰਗ ਰਾਹੁਲ ਭੰਡਾਰੀ, ਪ੍ਰਮੁੱਖ ਸਕੱਤਰ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਹੁਸਨ ਲਾਲ, ਵਧੀਕ ਡੀਜੀਪੀ ਜੇਲ੍ਹਾਂ ਪੀ ਕੇ ਸਿਨਹਾ, ਵਧੀਕ ਡੀਜੀਪੀ ਮਾਈਨਿੰਗ ਆਰ ਐਨ ਢੋਕੇ, ਡਾਇਰੈਕਟਰ ਸੈਰ ਸਪਾਟਾ ਕੇਪੀ ਬਰਾੜ ਸਮੇਤ ਹੋਰ ਅਧਿਕਾਰੀ ਹਾਜ਼ਰ ਸਨ।
ਗੈਰ-ਕਾਨੂੰਨੀ ਮਾਈਨਿੰਗ ਰੋਕਣ ਲਈ ਸਖ਼ਤ ਨਿਗਰਾਨੀ ਰੱਖੀ ਜਾਵੇ: ਹਰਜੋਤ ਬੈਂਸ

Comment here