ਲੁਧਿਆਣਾ-ਗਿਆਸਪੁਰਾ ਗੈਸ ਲੀਕ ਮਾਮਲੇ ਵਿੱਚ ਆਰਤੀ ਕਲੀਨਿਕ ਕਰਨ ਵਾਲਿਆਂ ਦੇ ਇੱਕ ਹੀ ਪਰਿਵਾਰ ਦੇ 5 ਮੈਂਬਰਾਂ ਦੀ ਮੌਤ ਹੋ ਗਈ ਸੀ। ਉਨ੍ਹਾਂ ਦੇ ਮਾਤਾ-ਪਿਤਾ ਨੂੰ ਅੱਜ ਸਥਾਨਕ ਐਮਐਲਏ ਵੱਲੋਂ ਦੋ-ਦੋ ਲੱਖ ਰੁਪਏ ਦੇ ਹਿਸਾਬ ਦੇ ਨਾਲ ਪੰਜ ਪਰਿਵਾਰਕ ਮੈਂਬਰਾਂ ਦੀ ਮੌਤ ਲਈ 10 ਲੱਖ ਰੁਪਏ ਦਾ ਮੁਆਵਜ਼ਾ ਰਾਸ਼ੀ ਚੈੱਕ ਸੌਂਪਿਆ ਗਿਆ। ਜਿਸ ਨੂੰ ਲੈ ਕੇ ਸਮਾਜ ਦੇ ਮੋਹਤਬਰਾਂ ਵੱਲੋਂ ਸ਼ਲਾਘਾ ਕੀਤੀ ਗਈ ਹੈ ਅਤੇ ਨਾਲ ਹੀ ਕਿਹਾ ਗਿਆ ਹੈ ਕਿ ਪੰਜਾਬ ਸਰਕਾਰ ਨੇ ਜੋ ਵਾਅਦਾ ਕੀਤਾ ਸੀ ਉਹ ਪੂਰਾ ਕਰਕੇ ਵਿਖਾਇਆ ਹੈ। ਪੰਜਾਬ ਦੇ ਮੁੱਖ ਮੰਤਰੀ ਵੱਲੋਂ ਮ੍ਰਿਤਕਾ ਦੇ ਪਰਿਵਾਰਕ ਮੈਬਰਾਂ ਨੂੰ ਦੋ-ਦੋ ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਦਾ ਐਲਾਨ ਕੀਤਾ ਗਿਆ ਸੀ।
ਦੱਸ ਦਈਏ ਗਿਆਸਪੁਰਾ ਸੁਆ ਰੋਡ ਉੱਤੇ ਸਥਿਤ ਆਰਤੀ ਕਲੀਨਿਕ ਵਿੱਚ ਇੱਕੋ ਹੀ ਪਰਿਵਾਰ ਦੇ 5 ਮੈਬਰਾਂ ਦੀ ਮੌਤ ਹੋ ਗਈ ਸੀ। ਪਤੀ-ਪਤਨੀ ਸਮੇਤ 3 ਬੱਚਿਆਂ ਦੀ ਇਸ ਹਾਦਸੇ ਵਿੱਚ ਮੌਤ ਹੋ ਗਈ ਸੀ। ਜਿੰਨਾਂ ਨੂੰ ਅੱਜ ਸਥਾਨਕ ਐਮ ਐਲ ਏ ਵੱਲੋਂ ਚੈੱਕ ਭੇਂਟ ਕੀਤਾ ਗਿਆ ਹੈ। ਹਾਲਾਂਕਿ ਮੁੱਖ ਮੰਤਰੀ ਵੱਲੋਂ 2 ਲੱਖ ਦੇ ਐਲਾਨ ਤੋਂ ਬਾਅਦ ਨੈਸ਼ਨਲ ਗਰੀਨ ਟ੍ਰਿਬਿਊਨਲ ਵੱਲੋਂ ਇਸ ਮੁਆਵਜ਼ੇ ਨੂੰ ਘੱਟ ਦੱਸਦਿਆਂ 20 -20 ਲੱਖ ਰੁਪਏ ਪੀੜਤਾਂ ਨੂੰ ਦੇਣ ਦਾ ਐਲਾਨ ਕੀਤਾ ਗਿਆ ਸੀ ਅਤੇ ਪੰਜਾਬ ਸਰਕਾਰ ਨੂੰ 1 ਮਹੀਨੇ ਦਾ ਸਮਾਂ ਦਿੱਤਾ ਗਿਆ ਸੀ ਪਰ ਹਾਲੇ 2-2 ਲੱਖ ਰੁਪਏ ਮੁਆਵਜ਼ਾ ਰਾਸ਼ੀ ਦਿੱਤੀ ਗਈ ਹੈ। ਜਦੋਂ ਕਿ 18-18 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਦੇਣਾ ਹਾਲੇ ਬਾਕੀ ਹੈ, ਜਿੰਨਾਂ ਲਈ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨੂੰ ਉਡੀਕ ਕਰਨੀ ਪਵੇਗੀ।
ਮੁਆਵਜ਼ਾ ਰਾਸ਼ੀ ਦੇਣ ਮੌਕੇ ਐਮਐਲਏ ਨੇ ਕਿਹਾ ਕਿ ਪਰਿਵਾਰਕ ਮੈਬਰਾਂ ਦਾ ਜੋ ਨੁਕਸਾਨ ਹੋਇਆ ਹੈ ਉਸ ਦੀ ਭਰਪਾਈ ਤਾਂ ਅਸੀਂ ਨਹੀਂ ਕਰ ਸਕਦੇ ਪਰ ਪਰਿਵਾਰ ਦੇ ਮੈਂਬਰਾਂ ਨੂੰ ਕੁਝ ਮਦਦ ਜ਼ਰੂਰ ਕਰਨ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਦੇ ਨਾਲ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਹਰ ਸੰਭਵ ਮਦਦ ਕੀਤੀ ਜਾਵੇਗੀ ਅਤੇ ਸਰਕਾਰ ਹਮੇਸ਼ਾ ਪਰਿਵਾਰ ਦੇ ਨਾਲ ਖੜ੍ਹੀ ਹੈ। ਇਸ ਦੌਰਾਨ ਇਲਾਕੇ ਦੇ ਮੋਹਤਬਰ ਲੋਕਾਂ ਨੇ ਸਰਕਾਰ ਦੀ ਇਸ ਮਦਦ ਦੀ ਸ਼ਲਾਘਾ ਵੀ ਕੀਤੀ ਅਤੇ ਕਿਹਾ ਕਿ ਜੋ ਪੰਜਾਬ ਸਰਕਾਰ ਨੇ ਕਿਹਾ ਸੀ ਉਹ ਕਰ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਸਮਾਜ ਦੇ ਲੋਕਾਂ ਦੀ ਕਿਸੇ ਵੀ ਸਰਕਾਰ ਵੱਲੋਂ ਪਹਿਲਾਂ ਸਾਰ ਨਹੀਂ ਲਈ ਗਈ ਹੈ ਪਰ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਪਰਿਵਾਰਕ ਮੈਂਬਰਾਂ ਦੀ ਮਦਦ ਜ਼ਰੂਰ ਕੀਤੀ ਗਈ ਹੈ, ਪਰਿਵਾਰਕ ਮੈਂਬਰ ਲੋੜਵੰਦ ਸਨ। ਕਾਬਿਲੇਗੋਰ ਹੈ ਕੇ ਲੁਧਿਆਣਾ ਦੇ ਗਿਆਸਪੁਰਾ ਇਲਾਕੇ ਵਿੱਚ 30 ਅਪ੍ਰੈਲ ਨੂੰ ਸੀਵਰੇਜ ਦੀ ਗੈਸ ਲੀਕ ਹੋਣ ਕਰਕੇ 11 ਲੋਕਾਂ ਦੀ ਮੌਤ ਹੋ ਗਈ ਸੀ।
Comment here