ਅੰਮ੍ਰਿਤਸਰ- ਇੱਕ ਵਾਰ ਫੇਰ ਪੰਜਾਬ ਵਿੱਚ ਬੇਅਦਬੀ ਦਾ ਮਾਮਲਾ ਵਾਪਰਿਆ, ਸੰਗਤ ਵਿੱਚ ਰੋਸ ਪਾਇਆ ਜਾ ਰਿਹਾ ਹੈ। ਜਿ਼ਲੇ ਦੇ ਭਿੰਡੀ ਔਲਖ ਸਥਿਤ ਗੁਰਦੁਆਰਾ ਸਾਹਿਬ ‘ਚ 4000 ਰੁਪਏ ਚੋਰੀ ਕਰਨ ਵਾਲੇ ਨੌਜਵਾਨ ਨੂੰ ਪੁਲਿਸ ਨੇ ਕਾਬੂ ਕੀਤਾ ਹੈ। ਮੁਲਜ਼ਮ ਨੇ ਸ਼ਨਿਚਰਵਾਰ ਰਾਤ ਨੂੰ ਗੁਰਦੁਆਰੇ ਦੀ ਗੋਲਕ ‘ਚੋਂ ਪੈਸੇ ਚੋਰੀ ਕਰ ਲਏ ਸਨ। ਇਲਾਕੇ ਦੇ ਲੋਕਾਂ ਨੇ ਨੌਜਵਾਨਾਂ ‘ਤੇ ਬੇਅਦਬੀ ਦੇ ਦੋਸ਼ ਵੀ ਲਾਏ ਹਨ। ਐਸਪੀ ਜਗਜੀਤ ਸਿੰਘ ਵਾਲੀਆ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਤੋਂ ਬਾਅਦ ਹੀ ਚੋਰੀ ਦੇ ਦੋਸ਼ ਵਿੱਚ ਕੇਸ ਦਰਜ ਕੀਤਾ ਗਿਆ ਹੈ। ਪਿੰਡ ਭਿੰਡੀ ਔਲਖ ਦੇ ਰਹਿਣ ਵਾਲੇ ਜਰਨੈਲ ਸਿੰਘ ਨੇ ਦੱਸਿਆ ਕਿ ਉਹ ਪਿਛਲੇ ਕਈ ਸਾਲਾਂ ਤੋਂ ਗੁਰਦੁਆਰਾ ਸਾਹਿਬ ‘ਚ ਗ੍ਰੰਥੀ ਹੈ। ਸ਼ਨਿਚਰਵਾਰ ਸ਼ਾਮ ਨੂੰ ਗੁਰਦੁਆਰਾ ਸਾਹਿਬ ‘ਚ ਪਾਠ ਚੱਲ ਰਿਹਾ ਸੀ। ਜਦੋਂ ਉਹ ਗੁਰਦੁਆਰੇ ਦੇ ਮੇਨ ਹਾਲ ਕੋਲ ਪਹੁੰਚੇ ਤਾਂ ਉੱਥੇ ਤਾਲਾ ਟੁੱਟਿਆ ਹੋਇਆ ਸੀ। ਜਦੋਂ ਉਸ ਨੇ ਹਾਲ ਦੇ ਅੰਦਰ ਜਾ ਕੇ ਦੇਖਿਆ ਤਾਂ ਉੱਥੇ ਰੱਖੀ ਗੋਲਕ ਟੁੱਟੀ ਹੋਈ ਸੀ। ਉਸ ਦੇ ਅੰਦਰੋਂ ਕਰੀਬ 4000 ਰੁਪਏ ਦੀ ਨਕਦੀ ਚੋਰੀ ਹੋ ਗਏ। ਘਟਨਾ ਤੋਂ ਬਾਅਦ ਉਸ ਨੇ ਤੁਰੰਤ ਪੁਲਿਸ ਤੇ ਇਲਾਕੇ ਦੇ ਲੋਕਾਂ ਨੂੰ ਸੂਚਨਾ ਦਿੱਤੀ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਇਲਾਕੇ ‘ਚ ਤਲਾਸ਼ੀ ਮੁਹਿੰਮ ਚਲਾਈ ਤੇ ਇਕ ਨੌਜਵਾਨ ਨੂੰ ਕਾਬੂ ਕਰ ਲਿਆ। ਪੁਲਿਸ ਨੇ ਅਜੇ ਤਕ ਫੜੇ ਗਏ ਮੁਲਜ਼ਮ ਦੀ ਪਛਾਣ ਨਹੀਂ ਦੱਸੀ, ਐਸਪੀ ਜਗਜੀਤ ਸਿੰਘ ਵਾਲੀਆ ਨੇ ਦੱਸਿਆ ਕਿ ਮੁਲਜ਼ਮ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਜੇਕਰ ਬੇਅਦਬੀ ਦੇ ਦੋਸ਼ ਸਾਬਿਤ ਹੋ ਜਾਂਦੇ ਹਨ ਤਾਂ ਐਫਆਈਆਰ ਦਰਜ ਕੀਤੀ ਜਾਵੇਗੀ।
Comment here