ਬਟਾਲਾ – ਬੇਅਦਬੀ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਬਟਾਲਾ ਦੇ ਸਥਾਨਕ ਮੁਰਗੀ ਮੁਹੱਲਾ ਚੰਦਰ ਨਗਰ ਵਿਚ ਇਕ ਪਰਿਵਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਸਤਿਕਾਰ ਕਮੇਟੀ ਦੇ ਮੁਖੀ ਭਾਈ ਬਲਬੀਰ ਸਿੰਘ ਮੁੱਛਲ ਨੇ ਸਾਥੀਆਂ ਭਾਈ ਨਿਸ਼ਾਨ ਸਿੰਘ, ਭਾਈ ਮੇਜਰ ਸਿੰਘ ਦੀ ਹਾਜ਼ਰੀ ਵਿਚ ਦੱਸਿਆ ਕਿ ਸਰਬਜੀਤ ਸਿੰਘ ਵ ਚੰਦਰ ਨਗਰ ਨੇ ਘਰ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕੀਤਾ ਹੋਇਆ ਸੀ ਅਤੇ ਉਹ ਖ਼ੁਦ ਹੀ ਇਸ ਦਾ ਨਿਰਾਦਰ ਵੀ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਪਰਿਵਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਇਕ ਮਿਆਨੀ ਵਿਚ ਸੁਸ਼ੋਭਿਤ ਕੀਤਾ ਗਿਆ ਸੀ, ਜਿੱਥੇ ਕਿ ਇਕ ਵਿਅਕਤੀ ਖੜ੍ਹਾ ਹੋ ਕੇ ਅਰਦਾਸ ਵੀ ਨਹੀਂ ਕਰ ਸਕਦਾ ਹੈ।ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 227 ਤੋਂ ਲੈ ਕੇ 564 ਤੱਕ ਅਤੇ 780 ਤੋਂ ਲੈ ਕੇ 1026 ਤੱਕ ਅੰਗ ਵੱਖਰੇ ਹੋਏ ਸਨ। ਉਨ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਮੁਖਾਤਿਬ ਹੁੰਦਿਆਂ ਕਿਹਾ ਕਿ ਇਸ ਮਾਮਲੇ ’ਤੇ ਜੋ ਵੀ ਕਾਰਵਾਈ ਹੈ, ਉਹ ਐੱਸਜੀਪੀਸੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਹੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਫਿਲਹਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਬਟਾਲਾ ਦੇ ਮਾਡਲ ਟਾਊਨ ਸਥਿਤ ਗੁਰਦੁਆਰਾ ਸਾਹਿਬ ਵਿਖੇ ਸੁਸ਼ੋਭਿਤ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਮੁਹੱਲੇ ਦਾ ਮਾਹੌਲ ਤਣਾਅਪੂਰਨ ਹੋ ਗਿਆ ਸੀ। ਇਸ ਸਾਰੇ ਮਾਮਲੇ ਨੂੰ ਲੈ ਕੇ ਸਰਬਜੀਤ ਸਿੰਘ ਦੇ ਪਰਿਵਾਰ ਵੱਲੋਂ ਸਤਿਕਾਰ ਕਮੇਟੀ ਤੋਂ ਹੱਥ ਜੋੜ ਕੇ ਮੁਆਫ਼ੀ ਵੀ ਮੰਗੀ ਗਈ ਅਤੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਉਨ੍ਹਾਂ ਦੇ ਪਰਿਵਾਰ ਵਿਚ ਪਿਛਲੇ ਲਗਭਗ 50 ਸਾਲ ਤੋਂ ਸੁਸ਼ੋਭਿਤ ਹਨ ਅਤੇ ਪਹਿਲਾਂ ਉਨ੍ਹਾਂ ਦੇ ਪਿਤਾ ਇਨ੍ਹਾਂ ਦੀ ਸੇਵਾ ਕਰਦੇ ਸਨ ਅਤੇ ਉਨ੍ਹਾਂ ਤੋਂ ਬਾਅਦ ਸਾਡਾ ਸਾਰਾ ਪਰਿਵਾਰ ਇਨ੍ਹਾਂ ਦੀ ਸੇਵਾ ਕਰਦਾ ਹੈ।ਮੌਕੇ ’ਤੇ ਭਾਰੀ ਪੁਲਸ ਫ਼ੋਰਸ ਸਮੇਤ ਪਹੁੰਚੇ ਬਟਾਲਾ ਦੇ ਐੱਸ. ਪੀ. ਹੈੱਡਕੁਆਰਟਰ ਗੁਰਪ੍ਰੀਤ ਸਿੰਘ ਗਿੱਲ ਨੇ ਕਿਹਾ ਕਿ ਪਰਿਵਾਰ ਨੇ ਖ਼ੁਦ ਹੀ ਆਪਣੇ ਮੁਹੱਲੇ ਦੇ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਨੂੰ ਇਸ ਸਬੰਧੀ ਸੂਚਿਤ ਕੀਤਾ ਸੀ ਕਿ ਉਹ ਹੁਣ ਬਿਰਧ ਹੋ ਚੁੱਕੇ ਹਨ ਅਤੇ ਇਸ ਕਾਰਨ ਉਹ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੇਵਾ ਨਹੀਂ ਕਰ ਪਾ ਰਹੇ, ਇਸ ਲਈ ਉਹ ਚਾਹੁੰਦੇ ਹਨ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਐੱਸਜੀਪੀਸੀ. ਜਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਅਹੁਦੇਦਾਰਾਂ ਨੂੰ ਸੌਂਪ ਦਿੱਤਾ ਜਾਵੇ। ਇਸ ਮੌਕੇ ਡੀ. ਐੱਸ. ਪੀ. ਹਰਿੰਦਰ ਸਿੰਘ ਗਿੱਲ, ਐੱਸ. ਐੱਚ. ਓ. ਸਿਵਲ ਲਾਈਨ ਸੁਰਿੰਦਰਪਾਲ ਸਿੰਘ, ਕੌਂਸਲਰ ਸੰਜੀਵ ਸ਼ਰਮਾ ਵੀ ਮੌਜੂਦ ਸਨ।
ਘਰ ਚ ਫਟੇ ਮਿਲੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ

Comment here