ਸਿਆਸਤਖਬਰਾਂਚਲੰਤ ਮਾਮਲੇ

ਘੱਲੂਘਾਰਾ : ਦਰਬਾਰ ਸਾਹਿਬ ਦੁਆਲੇ ਸਖਤ ਸੁਰੱਖਿਆ ਪ੍ਰਬੰਧ

ਅੰਮ੍ਰਿਤਸਰ-ਸ੍ਰੀ ਅਕਾਲ ਤਖਤ ਵਿਖੇ ਅੱਜ 6 ਜੂਨ ਨੂੰ ਘੱਲੂਘਾਰਾ ਦਿਵਸ ਮਨਾਇਆ ਜਾ ਰਿਹਾ ਹੈ। ਇਸ ਦੌਰਾਨ ਪੁਲਿਸ ਨੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਹੋਏ ਹਨ। ਇਸ ਮੌਕੇ ਵੱਡੀ ਗਿਣਤੀ ਸੰਗਤਾਂ ਦਰਬਾਰ ਸਾਹਿਬ ਪਹੁੰਚ ਰਹੀਆਂ ਹਨ। ਉਧਰ, ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸ੍ਰੀ ਦਰਬਾਰ ਸਾਹਿਬ ਦੀ ਮਰਿਆਦਾ ਕਾਇਮ ਰੱਖਣ ਸਬੰਧੀ ਨਿਰਦੇਸ਼ ਦਿੱਤੇ ਹਨ।
ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਨਿੱਜੀ ਸਹਾਇਕ ਜਸਪਾਲ ਸਿੰਘ ਨੇ 18 ਜੁਲਾਈ, 2006 ਨੂੰ ਹੋਈ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਦਾ ਹਵਾਲਾ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਨੂੰ ਪੱਤਰ ਲਿਖਿਆ ਹੈ ਕਿ ਸ੍ਰੀ ਦਰਬਾਰ ਸਾਹਿਬ ਦੀ ਮਰਿਆਦਾ ਨੂੰ ਮੁੱਖ ਰੱਖਦਿਆਂ ਉਸ ਵੇਲੇ ਇਹ ਮਤਾ ਪਾਸ ਕੀਤਾ ਗਿਆ ਸੀ। ਪੰਜ ਜਥੇਦਾਰਾਂ ਵੱਲੋਂ ਜਾਰੀ ਮਤੇ ਵਿਚ ਲਿਖਿਆ ਗਿਆ ਹੈ ਕਿ ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ਵਿਚ ਨਾ ਤਾਂ ਕਿਸੇ ਦੇ ਪੱਖ ਅਤੇ ਨਾ ਹੀ ਕਿਸੇ ਦੇ ਖ਼ਿਲਾਫ਼ ਨਾਅਰੇ ਲਗਾਏ ਜਾਣ।
ਉਧਰ, ਦਲ ਖਾਲਸਾ ਜਥੇਬੰਦੀ ਨੇ ਅੱਜ ਬੰਦ ਦਾ ਸੱਦਾ ਦਿੱਤਾ ਹੋਇਆ ਹੈ। ਅੰਮ੍ਰਿਤਸਰ ਬੰਦ ਦਾ ਸੱਦਾ ਵਪਾਰਕ ਅਦਾਰਿਆਂ, ਵਪਾਰੀਆਂ, ਬੈਂਕਿੰਗ, ਪੈਟਰੋਲ ਪੰਪਾਂ ਅਤੇ ਵਿੱਦਿਅਕ ਅਦਾਰਿਆਂ ਲਈ ਹੈ। ਇਸ ਦੌਰਾਨ ਆਵਾਜਾਈ ਨਹੀਂ ਰੋਕੀ ਜਾਵੇਗੀ। ਕੱਲ੍ਹ ਸ਼ਾਮ ਸਾਕਾ ਨੀਲਾ ਤਾਰਾ ਫੌਜੀ ਹਮਲੇ ਦੀ ਬਰਸੀ ਸਬੰਧੀ ਘੱਲੂਘਾਰਾ ਮਾਰਚ ਕੱਢਿਆ, ਜੋ ਵੱਖ ਵੱਖ ਇਲਾਕਿਆਂ ’ਚੋਂ ਹੁੰਦਾ ਹੋਇਆ ਸ੍ਰੀ ਅਕਾਲ ਤਖ਼ਤ ਪੁੱਜ ਕੇ ਸਮਾਪਤ ਹੋਇਆ। ਮਾਰਚ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਖਾਲਿਸਤਾਨ ਪੱਖੀ ਨਾਅਰੇ ਲਾਏ ਅਤੇ ਸ੍ਰੀ ਦਰਬਾਰ ਸਾਹਿਬ ’ਤੇ ਜੂਨ ’84 ਦੇ ਫੌਜੀ ਹਮਲੇ ਦੀ ਸਖ਼ਤ ਨਿਖੇਧੀ ਕੀਤੀ। ਜਥੇਬੰਦੀ ਦੇ ਪ੍ਰਧਾਨ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਮਾਰਚ ਦਾ ਮੰਤਵ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨਾ ਅਤੇ ਹਾਕਮਾਂ ਨੂੰ ਇਹ ਦੱਸਣਾ ਹੈ ਕਿ ਸਿੱਖ ਇਸ ਫ਼ੌਜੀ ਹਮਲੇ ਨੂੰ ਨਾ ਤਾਂ ਭੁੱਲੇ ਹਨ ਅਤੇ ਨਾ ਹੀ ਦੋਸ਼ੀਆਂ ਨੂੰ ਮੁਆਫ਼ ਕੀਤਾ ਹੈ।

Comment here