ਅੰਮ੍ਰਿਤਸਰ-ਸਿੱਖ ਹਲਕਿਆਂ ਵੱਲੋਂ ਸਾਕਾ ਨੀਲਾ ਤਾਰਾ ਦੀ 6 ਜੂਨ ਨੂੰ ਬਰਸੀ ਮਨਾਈ ਜਾਣੀ ਹੈ, ਇਸ ਨੂੰ ਘੱਲੂਘਾਰਾ ਦਿਵਸ ਵਜੋਂ ਮਨਾਇਆ ਜਾਂਦਾ ਹੈ, ਇਸ ਮਨਾਏ ਜਾ ਰਹੇ ਘੱਲੂਘਾਰਾ ਦਿਵਸ ਦੌਰਾਨ ਸੁਰੱਖਿਆ ਪ੍ਰਬੰਧਾਂ ਦੇ ਮੱਦੇਨਜ਼ਰ ਇਥੇ ਸ਼ਹਿਰ ਵਿੱਚ ਨੀਮ ਫੌਜੀ ਬਲਾਂ ਦੀਆਂ ਚਾਰ ਕੰਪਨੀਆਂ ਪੁੱਜੀਆਂ ਹਨ। ਇਨ੍ਹਾਂ ਤੋਂ ਇਲਾਵਾ ਪੀਏਪੀ ਦੇ 1500 ਜਵਾਨ ਵੀ ਤਾਇਨਾਤ ਕੀਤੇ ਜਾ ਰਹੇ ਹਨ। ਇਸ ਮਾਮਲੇ ਨੂੰ ਲੈ ਕੇ ਡੀਜੀਪੀ ਇੰਟੈਲੀਜੈਂਸ ਪ੍ਰਬੋਧ ਕੁਮਾਰ ਵੱਲੋਂ ਇਥੇ ਬਾਰਡਰ ਰੇਂਜ ਦੇ ਪੁਲੀਸ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਹੈ ਜਿਸ ਵਿਚ ਘੱਲੂਘਾਰਾ ਦਿਵਸ ਸਬੰਧੀ ਸੁਰਖਿਆ ਪ੍ਰਬੰਧਾਂ ਨੂੰ ਲੈ ਕੇ ਵਿਚਾਰ ਚਰਚਾ ਹੋਈ ਹੈ। ਸਰਹੱਦੀ ਜ਼ਿਲ੍ਹੇ ਵਿੱਚ ਪਹਿਲਾਂ ਹੀ ਪਾਕਿਸਤਾਨ ਤੋਂ ਵਿਸਫੋਟਕ ਸਮੱਗਰੀ ਦੀ ਹੋ ਰਹੀ ਤਸਕਰੀ ਕਾਰਨ ਵਧੇਰੇ ਚੌਕਸੀ ਵਰਤੀ ਜਾ ਰਹੀ ਹੈ। ਇਸ ਦੌਰਾਨ ਇਨ੍ਹਾਂ ਦਿਨਾਂ ਵਿਚ ਗੈਂਗਸਟਰਾਂ ਅਤੇ ਹੋਰ ਸਮਾਜ ਵਿਰੋਧੀ ਤੱਤਾਂ ਵਲੋਂ ਅਮਨ ਸ਼ਾਂਤੀ ਨੂੰ ਭੰਗ ਕੀਤੇ ਜਾਣ ਦੇ ਡਰ ਕਾਰਨ ਚੌਕਸੀ ਵਿੱਚ ਹੋਰ ਵਾਧਾ ਕੀਤਾ ਗਿਆ ਹੈ। ਪੁਲੀਸ ਕਮਿਸ਼ਨਰ ਅਰੁਣ ਪਾਲ ਸਿੰਘ ਨੇ ਆਖਿਆ ਕਿ ਕਿਸੇ ਨੂੰ ਵੀ ਅਮਨ ਕਾਨੂੰਨ ਦੀ ਸਥਿਤੀ ਨੂੰ ਖਰਾਬ ਕਰਨ ਅਤੇ ਸ਼ਾਂਤੀ ਭੰਗ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ। ਸਰਹੱਦੀ ਜ਼ਿਲੇ ਵਿੱਚ ਦੇਸ਼ ਵਿਰੋਧੀ ਤੱਤਾਂ ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ। ਸੰਵੇਦਣਸ਼ੀਲ ਸਥਾਨਾਂ ’ਤੇ ਸੁਰੱਖਿਆ ਪ੍ਰਬੰਧ ਮਜ਼ਬੂਤ ਕੀਤੇ ਗਏ ਹਨ, ਜਿਨ੍ਹਾਂ ਵਿੱਚ ਧਾਰਮਿਕ ਅਤੇ ਸੈਰ-ਸਪਾਟਾ ਕੇਂਦਰ ਸ਼ਾਮਲ ਹਨ। ਪੁਲੀਸ ਦੇ ਡਿਪਟੀ ਕਮਿਸ਼ਨਰ ਪਰਮਿੰਦਰ ਸਿੰਘ ਭੰਡਾਲ ਨੇ ਦੱਸਿਆ ਕਿ ਸ਼ਹਿਰ ਵਿੱਚ ਦਾਖਲ ਹੋਣ ਵਾਲੇ ਅਤੇ ਬਾਹਰ ਜਾਣ ਵਾਲੇ ਲਗਪਗ 20 ਸਥਾਨਾਂ ’ਤੇ ਵਧੇਰੇ ਪ੍ਰਬੰਧ ਕੀਤੇ ਗਏ ਹਨ। ਇਨ੍ਹਾਂ ਥਾਵਾਂ ’ਤੇ 24 ਘੰਟੇ ਲਈ ਨਾਕੇ ਲਾਏ ਗਏ ਹਨ। ਉਨ੍ਹਾਂ ਦੱਸਿਆ ਕਿ ਇੱਕ ਜੂਨ ਨੂੰ ਇੱਥੇ ਹੋਰ ਵੀ ਵਾਧੂ ਪੁਲੀਸ ਬਲ ਪੁੱਜ ਜਾਣਗੇ, ਜਿਸ ਨਾਲ ਸ਼ਹਿਰ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਵੀ ਮਜ਼ਬੂਤ ਕੀਤਾ ਜਾਵੇਗਾ। ਰਾਤ ਵੇਲੇ ਪੁਲੀਸ ਦੀ ਗਸ਼ਤ ਵਿੱਚ ਵਾਧਾ ਕੀਤਾ ਗਿਆ ਹੈ ਅਤੇ ਵੱਖ ਵੱਖ ਇਲਾਕਿਆਂ ਵਿੱਚ ਸਰਚ ਅਪਰੇਸ਼ਨ ਵੀ ਚਲਾਏ ਜਾ ਰਹੇ ਹਨ। ਸ਼ਹਿਰ ਵਿਚ ਲਗਪਗ 70 ਥਾਵਾਂ ’ਤੇ ਵਾਹਨਾਂ ਦੀ ਜਾਂਚ ਲਈ ਨਾਕੇ ਆਦਿ ਲਾਏ ਗਏ ਹਨ।
Comment here