ਸਿਆਸਤਖਬਰਾਂ

ਚੰਨੀ ਤੇ ਸਿੱਧੂ ਵਿਚਾਲੇ ਮੁੱਖ ਮੰਤਰੀ ਚਿਹਰੇ ਨੂੰ ਲੈ ਕੇ ਤਕਰਾਰ ਜਾਰੀ

ਸਕਰੀਨਿੰਗ ਪੈਨਲ ਨੇ 117 ’ਚੋਂ 90 ਸੀਟਾਂ ’ਤੇ ਬਣਾਈ ਸਹਿਮਤੀ
ਨਵੀਂ ਦਿੱਲੀ-ਪੰਜਾਬ ਵਿਧਾਨ ਸਭਾ ਚੋਣਾਂ ਦਾ ਅਖਾੜਾ ਭੱਖ ਚੁੱਕਾ ਹੈ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਜਨਤਕ ਰੈਲੀਆਂ ਵਿੱਚ ਵੱਖ-ਵੱਖ ਉਮੀਦਵਾਰਾਂ ਦੀ ਹਮਾਇਤ ਕਰ ਰਹੇ ਹਨ। ਇਸ ਦੌਰਾਨ ਕਾਂਗਰਸ ਸਕ੍ਰੀਨਿੰਗ ਕਮੇਟੀ ਦੀ ਬੈਠਕ ’ਚ ਸਕਰੀਨਿੰਗ ਪੈਨਲ ਨੇ 117 ਵਿੱਚੋਂ 90 ਸੀਟਾਂ ’ਤੇ ਸਹਿਮਤੀ ਬਣਾਉਣ ਦੀ ਗੱਲ ਸਾਹਮਣੇ ਆਈ ਹੈ। ਕੱਲ੍ਹ ਹੋਈ ਵਿਚਾਰ-ਵਟਾਂਦਰੇ ਦੌਰਾਨ ਪੈਨਲ ਨੇ ਜ਼ਿਆਦਾਤਰ ਮੰਤਰੀਆਂ ਅਤੇ ਮੌਜੂਦਾ ਵਿਧਾਇਕਾਂ ਦੇ ਨਾਵਾਂ ਦਾ ਫੈਸਲਾ ਕੀਤਾ। ਏ.ਆਈ.ਸੀ.ਸੀ. ਦੁਆਰਾ ਨਿਯੁਕਤ ਸਕਰੀਨਿੰਗ ਕਮੇਟੀ ਨੇ ਘੱਟੋ-ਘੱਟ ਦੋ ਦਰਜਨ ਵਿਧਾਨ ਸਭਾ ਹਲਕਿਆਂ ਬਾਰੇ ਫੈਸਲਾ ਕਰਨਾ ਹੈ।
ਇੱਕ ਪਾਸੇ ਰਾਹੁਲ ਗਾਂਧੀ ਦੀ ਮੋਗਾ ਵਿਖੇ 3 ਜਨਵਰੀ ਨੂੰ ਹੋਣ ਵਾਲੀ ਪ੍ਰਸਤਾਵਿਤ ਰੈਲੀ ਮੁਲਤਵੀ ਕਰ ਦਿੱਤੀ ਗਈ ਹੈ, ਉਥੇ ਹੀ ਏ.ਆਈ.ਸੀ.ਸੀ. ਵੱਲੋਂ ਉਮੀਦਵਾਰਾਂ ਦੀ ਚੋਣ ਸਬੰਧੀ ਇਕ ਹੋਰ ਮੀਟਿੰਗ 2 ਜਨਵਰੀ ਨੂੰ ਬੁਲਾਈ ਗਈ ਹੈ। ਇਸ ਦੌਰਾਨ ਮੁੱਖ ਮੰਤਰੀ ਚੰਨੀ ਅਤੇ ਨਵਜੋਤ ਸਿੱਧੂ ਵਿਚਾਲੇ ਪਾਰਟੀ ਦੇ ਮੁੱਖ ਮੰਤਰੀ ਚਿਹਰੇ ਨੂੰ ਲੈ ਕੇ ਤਕਰਾਰ ਜਾਰੀ ਹੈ, ਜਦੋਂ ਕਿ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਪਹਿਲਾਂ ਹੀ ਸਪੱਸ਼ਟ ਕਰ ਚੁੱਕੇ ਹਨ ਕਿ ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਦਾ ਚਿਹਰਾ ਐਲਾਨ ਨਹੀਂ ਕੀਤਾ ਜਾਵੇਗਾ।
ਸਿੱਧੂ ਮੁੱਖ ਮੰਤਰੀ ਦੇ ਚਿਹਰੇ ’ਤੇ ਐਲਾਨ ਕਰਨ ਲਈ ਜ਼ੋਰ ਦੇ ਰਹੇ ਹਨ, ਜਦਕਿ ਚੰਨੀ ਰੈਲੀਆਂ ਵਿਚ ਲੋਕਾਂ ਦੀ ਸੇਵਾ ਕਰਨ ਲਈ ‘‘ਇਕ ਹੋਰ ਮੌਕਾ” ਦੀ ਮੰਗ ਕਰ ਰਹੇ ਹਨ।
ਸੂਤਰਾਂ ਨੇ ਦੱਸਿਆ ਕਿ ਨਵਜੋਤ ਸਿੱਧੂ ਵੱਲੋਂ ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਕਰਨ ਲਈ ਪਾਰਟੀ ਲੀਡਰਸ਼ਿਪ ’ਤੇ ਦਬਾਅ ਵਧਾਉਣ ਤੋਂ ਬਾਅਦ ਉੱਚ ਅਧਿਕਾਰੀਆਂ ਨੇ ਉਸ ਦੀਆਂ ਸਿਆਸੀ ਗਤੀਵਿਧੀਆਂ ’ਤੇ ਤਿੱਖੀ ਨਜ਼ਰ ਰੱਖੀ ਹੋਈ ਹੈ।
ਪਾਰਟੀ ਦੇ ਇੱਕ ਸੀਨੀਅਰ ਆਗੂ ਨੇ ਕਿਹਾ ਕਿ ਜੇਕਰ ਆਉਣ ਵਾਲੇ ਦਿਨਾਂ ਵਿੱਚ ਪ੍ਰਦੇਸ਼ ਕਾਂਗਰਸ ਪ੍ਰਧਾਨ ਅਤੇ ਮੁੱਖ ਮੰਤਰੀ ਇੱਕੋ ਪੰਨੇ ’ਤੇ ਨਹੀਂ ਦਿਖਾਈ ਦਿੰਦੇ ਹਨ, ਤਾਂ ਇਸ ਨਾਲ ਪਾਰਟੀ ਨੂੰ ਨੁਕਸਾਨ ਹੋਵੇਗਾ। ਹਾਈ ਕਮਾਨ ਨੂੰ ਦੋਵਾਂ ਵਿਚਕਾਰ ਮਤਭੇਦਾਂ ਨੂੰ ਸੁਲਝਾਉਣਾ ਚਾਹੀਦਾ ਹੈ।

Comment here