ਖਬਰਾਂ

ਜੈਕਾਰਿਆਂ ਦੀ ਗੂੰਜ ਨਾਲ ਹੋਲਾ-ਮਹੱਲਾ ਹੋਇਆ ਸੰਪੰਨ

ਸ੍ਰੀ ਅਨੰਦਪੁਰ ਸਾਹਿਬ – ਤਿੰਨ ਰੋਜਾ ਕੌਮੀ ਜੋੜ ਮੇਲਾ ਹੋਲਾ-ਮਹੱਲਾ ਜੋ ਹਰ ਸਾਲ ਸ਼੍ਰੀ ਅੰਨਦਪੁਰ ਸਾਹਿਬ ਮਨਾਇਆ ਜਾਦਾਂ ਹੈ, ਕੱਲ੍ਹ ਜੈਕਾਰਿਆਂ ਦੀ ਗੂੰਜ ਵਿਚ ਸੰਪੰਨ ਹੋਇਆ। ਹੋਲੇ-ਮਹੱਲੇ ਦੀ ਸੰਪੂਰਨਤਾ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸਿੱਖ ਪਰੰਪਰਾ ਅਨੁਸਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਸਤਿਕਾਰਯੋਗ ਪੰਜ ਪਿਆਰੇ ਸਾਹਿਬਾਨ ਦੀ ਅਗਵਾਈ ਹੇਠ ਵਿਸ਼ਾਲ ਮਹੱਲਾ ਸਜਾਇਆ ਗਿਆ। ਇਸ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਗਿਆਨੀ ਜਗਤਾਰ ਸਿੰਘ, ਨਿਹੰਗ ਮੁਖੀ ਬਾਬਾ ਬਲਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਪ੍ਰਿੰਸੀਪਲ ਸੁਰਿੰਦਰ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਅਤੇ ਦਲਜੀਤ ਸਿੰਘ ਭਿੰਡਰ ਸਮੇਤ ਵੱਖ-ਵੱਖ ਜਥੇਬੰਦੀਆਂ ਦੇ ਮੁਖੀਆਂ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕੀਤੀ। ਗੱਤਕਾ ਖੇਡਦੀ ਗੁਰੂ ਕੀ ਲਾਡਲੀ ਫੌਜ ਅਤੇ ਨਰਸਿੰਙਆਂ ਅਤੇ ਨਗਾਰਿਆਂ ਦੀ ਗੂੰਜ ਚਾਰੇ ਪਾਸੇ ਖ਼ਾਲਸਾਈ ਵਾਤਾਵਰਣ ਸਿਰਜ ਰਹੀ ਸੀ। ਹੌਲੇ- ਮਹੱਲੇ ਦੇ ਆਰੰਭ ਹੋਣ ਤੋਂ ਪਹਿਲਾਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਗੁਰਬਾਣੀ ਕੀਰਤਨ ਅਤੇ ਕਥਾ ਵਿਚਾਰਾਂ ਕੀਤੀਆਂ ਗਈਆਂ ਸਨ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿ. ਹਰਪ੍ਰੀਤ ਸਿੰਘ ਨੇ ਕੌਮ ਨੂੰ ਸੰਦੇਸ਼ ਦਿੰਦਿਆਂ ਕਿਹਾ ਕਿ ਸਿੱਖ ਵਿਰਾਸਤ ਦੀ ਸ਼ਾਨ ਹੀ ਸਿੱਖ ਕੌਮ ਨੂੰ ਦੁਨੀਆ ’ਚ ਅਲੱਗ ਅਤੇ ਵਿਲੱਖਣ ਪਹਿਚਾਣ ਪੇਸ਼ ਕਰਦੀ ਹੈ, ਜਿਸ ਦਾ ਇਕ ਅੰਗ ਦਸਮ ਪਾਤਸ਼ਾਹ ਜੀ ਵੱਲੋਂ ਚਲਾਈ ਗਈ ਹੋਲਾ-ਮਹੱਲਾ ਦੀ ਪਰੰਪਰਾ ਹੈ। ਉਨ੍ਹਾਂ ਕਿਹਾ ਕਿ ਹੋਲੇ-ਮਹੱਲੇ ਦਾ ਮੰਤਵ ਮਾਨਵਤਾ ਨੂੰ ਭੈਅ ਰਹਿਤ ਕਰਨ ਦੇ ਨਾਲ-ਨਾਲ ਸਵੈ ਰੱਖਿਆ ਲਈ ਤਿਆਰ ਕਰਨਾ ਵੀ ਸੀ। ਚਿੰਤਾ ਜ਼ਾਹਿਰ ਕਰਦਿਆਂ ਉਨ੍ਹਾਂ ਕਿਹਾ ਕਿ ਅੱਜ ਦੀ ਨੌਜਆਨ ਪੀੜੀ ਆਪਣੀਆਂ ਮਾਣਮੱਤੀਆਂ ਪ੍ਰੰਪਰਾਵਾਂ ਤੋਂ ਟੁੱਟਦੀ ਨਜ਼ਰ ਆ ਰਹੀ ਹੈ, ਜਿਸ ਨੂੰ ਸੰਭਾਲਣ ਦੀ ਵੱਡੀ ਜ਼ਰੂਰਤ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਹਰਜਿੰਦਰ ਸਿੰਘ ਧਾਮੀ ਨੇ ਨੌਜਵਾਨਾਂ ਨੂੰ ਅੰਮ੍ਰਿਤਧਾਰੀ ਹੋਣ ਦੀ ਅਪੀਲ ਕਰਦਿਆਂ ਕਿਹਾ ਕਿ ਆਓ ਸਾਰੇ ਸਿੱਖ ਪ੍ਰਚਾਰਕ ਬਣ ਕੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਸੰਦੇਸ਼ ਘਰ-ਘਰ ਪਹੁੰਚਾਉਣ ਦਾ ਯਤਨ ਕਰੀਏ। ਇਸ ਮੌਕੇ ਹਿਮਾਚਲ ਪ੍ਰਦੇਸ਼ ਦੇ ਮੈਂਬਰ ਸ਼੍ਰੋਮਣੀ ਕਮੇਟੀ ਦਲਜੀਤ ਸਿੰਘ ਭਿੰਡਰ, ਰਜਿੰਦਰ ਸਿੰਘ ਮਹਿਤਾ, ਡੀ. ਐੱਸ. ਪੀ. ਚੰਦ ਸਿੰਘ ,ਦਰਸ਼ਨ ਸਿੰਘ ਘੋਲੀਆ, ਮੈਨੇਜਰ ਮਲਕੀਤ ਸਿੰਘ, ਐਡੀਸ਼ਨਲ ਮੈਨੇਜਰ ਹਰਦੇਵ ਸਿੰਘ, ਮਨਿੰਦਰਪਾਲ ਸਿੰਘ ਮਨੀ, ਜਥੇਦਾਰ ਸੰਤੋਖ ਸਿੰਘ, ਸੁਰਜੀਤ ਸਿੰਘ ਚਹਿਡ਼ਮਜਾਰਾ, ਦਵਿੰਦਰ ਸਿੰਘ ਢਿੱਲੋਂ, ਠੇਕੇਦਾਰ ਗੁਰਨਾਮ ਸਿੰਘ ਸਮੇਤ ਸੰਗਤਾਂ ਹਾਜ਼ਰ ਸਨ।

Comment here