ਨਵੀਂ ਦਿੱਲੀ-ਵਾਈਸ ਨਿਊਜ਼ ਦੇ ਅਮਰੀਕੀ ਪੱਤਰਕਾਰ ਅੰਗਦ ਸਿੰਘ ਨੂੰ ਲੈ ਕੇ ਖਬਰ ਸਾਹਮਣੇ ਆਈ ਹੈ। ਕੇਂਦਰ ਨੇ ਦਿੱਲੀ ਹਾਈ ਕੋਰਟ ਨੂੰ ਸੂਚਿਤ ਕੀਤਾ ਕਿ ਅਮਰੀਕੀ ਪੱਤਰਕਾਰ ਅੰਗਦ ਸਿੰਘ ਨੂੰ ਓਵਰਸੀਜ਼ ਸਿਟੀਜ਼ਨ ਆਫ ਇੰਡੀਆ (ਓ. ਸੀ. ਆਈ.) ਕਾਰਡ ਧਾਰਕ ਹੋਣ ਦੇ ਬਾਵਜੂਦ ਬਲੈਕਲਿਸਟ ਕਰ ਦਿੱਤਾ ਗਿਆ ਹੈ। ਜਸਟਿਸ ਪ੍ਰਤਿਭਾ ਐੱਮ. ਸਿੰਘ ਦੀ ਬੈਂਚ ਨੇ 7 ਦਸੰਬਰ, 2022 ਨੂੰ ਕੇਂਦਰ ਸਰਕਾਰ ਨੂੰ ਨਿਰਦੇਸ਼ ਦਿੱਤਾ ਸੀ ਕਿ ਅੰਗਦ ਵੱਲੋਂ ਪਿਛਲੇ ਸਾਲ ਅਗਸਤ ’ਚ ਦਿੱਲੀ ਤੋਂ ਨਿਊਯਾਰਕ ਹਵਾਲੇ ਕੀਤੇ ਜਾਣ ਖ਼ਿਲਾਫ਼ ਦਾਇਰ ਮੁਕੱਦਮੇ ’ਚ ਜਵਾਬ ਦਾਖ਼ਲ ਕੀਤਾ ਜਾਵੇ। ਉਨ੍ਹਾਂ ਨੂੰ ਵਿਸ਼ੇਸ਼ ਪਰਮਿਟ ਦੇਣ ਤੋਂ ਇਨਕਾਰ ਕਰਨ ਨੂੰ ਵੀ ਚੁਣੌਤੀ ਦਿੱਤੀ ਹੈ।
ਕੇਂਦਰ ਵੱਲੋਂ ਪੇਸ਼ ਹੋਏ ਐਡਵੋਕੇਟ ਅਨੁਰਾਗ ਆਹਲੂਵਾਲੀਆ ਨੇ ਅਦਾਲਤ ਨੂੰ ਦੱਸਿਆ ਕਿ ਅੰਗਦ ਸਿੰਘ ਨੇ 1948 ਦੇ ਐਕਟ ਦੀ ਧਾਰਾ 11ਏ ਦਾ ਉਲੰਘਣ ਕੀਤਾ ਹੈ, ਜੋ ਕਿ ਕਿਸੇ ਵਿਦੇਸ਼ੀ ਨੂੰ ਕੇਂਦਰ ਤੋਂ ਲਿਖਤੀ ਇਜਾਜ਼ਤ ਤੋਂ ਬਿਨਾਂ ਕੋਈ ਵੀ ਫੋਟੋ, ਫ਼ਿਲਮ ਜਾਂ ਦਸਤਾਵੇਜ਼ੀ ਬਣਾਉਣ ਤੋਂ ਰੋਕਦਾ ਹੈ। ਉਨ੍ਹਾਂ ਨੇ ਕਥਿਤ ਤੌਰ ’ਤੇ ‘ਇੰਡੀਆ ਬਰਨਿੰਗ’ ਡਾਕੂਮੈਂਟਰੀ ’ਚ ਭਾਰਤ ਨੂੰ ਨਕਾਰਾਤਮਕ ਤਰੀਕੇ ਨਾਲ ਦਰਸਾਇਆ ਹੈ। ਅੰਗਦ ਨੇ ਦਸਤਾਵੇਜ਼ੀ ’ਚ ਸ਼ਾਹੀਨ ਬਾਗ ਵਿਰੋਧ, ਕਿਸਾਨਾਂ ਦੇ ਵਿਰੋਧ ਅਤੇ ਭਾਰਤ ’ਚ ਕੋਵਿਡ -19 ਮਹਾਮਾਰੀ ਸਮੇਤ ਹੋਰ ਮੁੱਦਿਆਂ ਨੂੰ ਸ਼ਾਮਲ ਕੀਤਾ ਸੀ।
ਦਿੱਲੀ ਹਵਾਈ ਅੱਡੇ ਤੋਂ ਵਾਪਸ ਭੇਜਿਆ ਸੀ ਅਮਰੀਕਾ
ਦੱਸਣਯੋਗ ਹੈ ਕਿ ਅੰਗਦ ਸਿੰਘ ਨੂੰ ਪਿਛਲੇ ਸਾਲ ਅਗਸਤ ਮਹੀਨੇ ਦਿੱਲੀ ਹਵਾਈ ਅੱਡੇ ਪਹੁੰਚਣ ‘ਤੇ ਤੁਰੰਤ ਬਾਅਦ ਨਿਊਯਾਰਕ ਲਈ ਵਾਪਿਸ ਭੇਜ ਦਿੱਤਾ ਗਿਆ ਸੀ। ਅੰਗਦ ਸਿੰਘ ਦੀ ਮਾਤਾ ਗੁਰਮੀਤ ਕੌਰ ਨੇ ਦਾਅਵਾ ਕੀਤਾ ਸੀ ਕਿ ਉਸ ਨੂੰ ਅਮਰੀਕਾ ਵਾਪਿਸ ਭੇਜੇ ਜਾਣ ਦਾ ਕੋਈ ਕਾਰਨ ਵੀ ਨਹੀਂ ਦੱਸਿਆ ਗਿਆ ਸੀ। ਪੱਤਰਕਾਰ ਅੰਗਦ ਸਿੰਘ ਨੂੰ ਕੋਰੋਨਾ ਦੇ ਜਾਨਲੇਵਾ ਡੈਲਟਾ ਵੇਰੀਐਂਟ ਦੀ ਕਵਰੇਜ ਲਈ ਐਮੀ ਐਵਾਰਡ ਲਈ ਵੀ ਨਾਮਜ਼ਦ ਕੀਤਾ ਗਿਆ ਸੀ।ਪੱਤਰਕਾਰ ਅੰਗਦ ਸਿੰਘ ਨੇ ਭਾਰਤ ਵਿਚ ਕੋਵਿਡ-19 ਮਹਾਮਾਰੀ ਅਤੇ ਕਿਸਾਨਾਂ ਵਿਰੁੱਧ ਕੇਂਦਰ ਸਰਕਾਰ ਵੱਲੋਂ ਥੋਪੇ ਗਏ ਤਿੰਨ ਕਾਨੂੰਨਾਂ ਖ਼ਿਲਾਫ਼ ਰਾਸ਼ਟਰੀ ਰਾਜਧਾਨੀ ਦੀਆਂ ਹੱਦਾਂ ‘ਤੇ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ‘ਤੇ ਡਾਕੂਮੈਂਟਰੀ ਫ਼ਿਲਮ ਬਣਾਈ ਸੀ।
Comment here