ਅਪਰਾਧਸਿਆਸਤਖਬਰਾਂ

ਡੀਜੀਪੀ ਵਲੋਂ ਪਠਾਨਕੋਟ ‘ਚ ਵਿਲੇਜ ਡਿਫੈਂਸ ਕਮੇਟੀਆਂ ਨਾਲ ਮੀਟਿੰਗ

ਪਠਾਨਕੋਟ-ਪੰਜਾਬ ਪੁਲਿਸ ਵਲੋਂ ਨਸ਼ੇ ‘ਤੇ ਠੱਲ ਪਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਨਸ਼ਾ ਅਤੇ ਤਸਕਰਾਂ ਨੂੰ ਜਿਥੇ ਪੁਲਿਸ ਵਲੋਂ ਕਾਬੂ ਕੀਤਾ ਜਾ ਰਿਹਾ ਹੈ ਤਾਂ ਉਥੇ ਹੀ ਨਸ਼ਾ ਤਸਕਰਾਂ ਦੀ ਜਾਇਦਾਦਾਂ ਨੂੰ ਵੀ ਜ਼ਬਤ ਕਰਕੇ ਪੁਲਿਸ ਨਿਲਾਮ ਕਰ ਰਹੀ ਹੈ। ਇਸ ਦੇ ਚੱਲਦੇ ਡੀਜੀਪੀ ਪੰਜਾਬ ਗੌਰਵ ਯਾਦਵ ਵਲੋਂ ਪਠਾਨਕੋਟ ਹਲਕੇ ਦਾ ਦੌਰਾ ਕੀਤਾ ਗਿਆ, ਜਿਥੇ ਡੀਜੀਪੀ ਵਲੋਂ ਵਿਲੇਜ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨਾਲ ਮੀਟਿੰਗ ਕੀਤੀ ਗਈ।
ਇਸ ਮੌਕੇ ਬੋਲਦਿਆਂ ਪੰਜਾਬ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਬੀਐਸਐਫ ਅਤੇ ਪੰਜਾਬ ਪੁਲਿਸ ਵਲੋਂ ਨਸ਼ੇ ਦੇ ਖਾਤਮੇ ਲਈ ਯਤਨ ਕੀਤੇ ਜਾ ਰਹੇ ਹਨ ਅਤੇ ਕੌਮਾਂਤਰੀ ਸਰਹੱਦ ਤੋਂ ਕਾਫ਼ੀ ਹੱਦ ਤੱਕ ਨਸ਼ੇ ਦੀ ਚੇਨ ਨੂੰ ਤੋੜ ਦਿੱਤਾ ਗਿਆ ਹੈ। ਡੀਜੀਪੀ ਪੰਜਾਬ ਨੇ ਦੱਸਿਆ ਕਿ ਸੂਬੇ ‘ਚ ਵੀ ਪੁਲਿਸ ਵਲੋਂ ਮੁਹਿੰਮ ਚਲਾਈ ਜਾ ਰਹੀ ਹੈ। ਜਿਸ ‘ਚ ਲੋਕਾਂ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਇਆ ਜਾ ਰਿਹਾ ਹੈ।
ਇਸ ਦੇ ਨਾਲ ਹੀ ਡੀਜੀਪੀ ਨੇ ਦੱਸਿਆ ਕਿ ਜਿਥੇ ਪੁਲਿਸ ਜਾਗਰੂਕਤਾ ਰੈਲੀ ਕੱਢ ਰਹੀ ਹੈ, ਉਥੇ ਹੀ ਨਸ਼ੇ ਦੇ ਵਪਾਰੀ ਬਣੀਆਂ ਵੱਡੀਆਂ ਮੱਛੀਆਂ ‘ਤੇ ਵੀ ਸ਼ਿਕੰਜਾ ਕੱਸ ਰਹੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਪੁਲਿਸ ਵਲੋਂ ਕਈ ਨਸ਼ਾ ਤਸਕਰਾਂ ਨੂੰ ਫੜਿਆ ਜਾ ਚੁੱਕਿਆ ਹੈ ਅਤੇ ਨਾਲ ਹੀ ਉਨ੍ਹਾਂ ਦੀਆਂ ਜ਼ਮੀਨਾਂ ਤੇ ਜਾਇਦਾਦਾਂ ਜ਼ਬਤ ਕਰਨ ਦਾ ਕੰਮ ਵੀ ਸ਼ੁਰੂ ਕਰ ਦਿੱਤਾ ਗਿਆ ਹੈ ਤਾਂ ਜੋ ਉਨ੍ਹਾਂ ਜਾਇਦਾਦਾਂ ਦੀ ਨਿਲਾਮੀ ਕਰਕੇ ਸਰਕਾਰੀ ਖ਼ਜ਼ਾਨੇ ‘ਚ ਪੈਸੇ ਪਾਏ ਜਾ ਸਕਣ।
ਡੀਜੀਪੀ ਪੰਜਾਬ ਨੇ ਦੱਸਿਆ ਕਿ ਉਨ੍ਹਾਂ ਵਲੋਂ ਵਿਲੇਜ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨਾਲ ਮੀਟਿੰਗ ਕੀਤੀ ਗਈ ਹੈ ਅਤੇ ਉਨ੍ਹਾਂ ਦੇ ਕੰਮਾਂ ਦੀ ਸ਼ਲਾਘਾ ਵੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇੰਨ੍ਹਾਂ ਕਮੇਟੀਆਂ ਨੂੰ ਬਣਾਉਣ ਦਾ ਮਕਸਦ ਹੀ ਕੌਮਾਂਤਰੀ ਪੱਧਰ ਤੋਂ ਨਸ਼ਾ ਤਸਕਰੀ ਨੂੰ ਰੋਕਣ ‘ਚ ਮਦਦ ਕਰਨਾ ਹੈ ਤੇ ਇੰਨ੍ਹਾਂ ਕਮੇਟੀਆਂ ਵਲੋਂ ਬਾਖੂਬੀ ਕੰਮ ਕੀਤਾ ਜਾ ਰਿਹਾ ਹੈ। ਡੀਜੀਪੀ ਨੇ ਦੱਸਿਆ ਕਿ ਇੰਨ੍ਹਾਂ ਕਮੇਟੀਆਂ ਵਲੋਂ ਹੜ੍ਹਾਂ ਦੌਰਾਨ ਵੀ ਲੋਕਾਂ ਦੀ ਮਦਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇੰਨ੍ਹਾਂ ਕਮੇਟੀ ਦੇ ਮੈਂਬਰਾਂ ਵਲੋਂ ਡਰੋਨ ਸਬੰਧੀ ਜਾਣਕਾਰੀ ਵੀ ਦਿੱਤੀ ਜਾਂਦੀ ਹੈ ਤਾਂ ਜੋ ਨਸ਼ੇ ਦੀ ਚੈਨ ਨੂੰ ਰੋਕਿਆ ਜਾ ਸਕੇ।

Comment here